ਅੱਜ ਤੋਂ ਸ਼ੁਰੂ ਹੋਵੇਗਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ

TeamGlobalPunjab
2 Min Read

ਨਵੀਂ ਦਿੱਲੀ  : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਡੂੰਘੇ ਖ਼ਤਰੇ ਵਿਚਾਲੇ  15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਪੀਐਮ ਮੋਦੀ ਨੇ ਹਾਲ ਹੀ ਵਿੱਚ ਬੱਚਿਆਂ ਦੇ ਟੀਕਾਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 1 ਜਨਵਰੀ ਤੋਂ ਕੋਵਿਨ ਐਪ ‘ਤੇ ਬੱਚਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਸੀ। ਜਾਣਕਾਰੀ ਅਨੁਸਾਰ ਹੁਣ ਤੱਕ ਦੇਸ਼ ਭਰ ਤੋਂ ਕਰੀਬ 6 ਲੱਖ 80 ਹਜ਼ਾਰ ਬੱਚੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।ਦੂਰ-ਦੁਰਾਡੇ ਜਿੱਥੇ ਇੰਟਰਨੈੱਟ ਦੀ ਸਹੂਲਤ ਨਹੀਂ ਹੈ ਉੱਥੋਂ ਦੇ ਬੱਚੇ ਸਿੱਧਾ ਟੀਕਾਕਰਨ ਕੇਂਦਰ ਜਾ ਕੇ ਰਜਿਸਟ੍ਰੇਸ਼ਨ ਕਰਾ ਸਕਦੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਟੀਕਾ ਵੀ ਲਗਾਇਆ ਜਾਵੇਗਾ।

15 ਤੋਂ 18 ਸਾਲ ਉਮਰ ਵਰਗ ਲਈ ਸਿਰਫ਼ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੰਪਨੀ ਨੇ ਦਾਅਵਾ ਕੀਤਾ ਸੀ ਕਿ ਬੱਚਿਆਂ ’ਤੇ ਉਸ ਦੀ ਵੈਕਸੀਨ ਬਾਲਗਾਂ ਦੇ ਮੁਕਾਬਲੇ ਜ਼ਿਆਦਾ ਅਸਰਦਾਰ ਪਾਈ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਮਿਕਸਿੰਗ ਹੋਣ ਤੋਂ ਬਚਾਉਣ ਲਈ ਵਿਸ਼ੇਸ਼ ਇੰਤਜ਼ਾਮ ਕਰਨ ਲਈ ਕਿਹਾ ਹੈ। ਮਾਂਡਵੀਆ ਦੇ ਨਾਲ ਰਾਜਾਂ ਦੀ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕੀਤੀ। ਇਸ ਵਿਚ ਕੋਰੋਨਾ ਪ੍ਰਬੰਧਨ ਦੇ ਸਾਰੇ ਪਹਿਲੂਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਸ ਵਿਚ ਹਸਪਤਾਲਾਂ ਵਿਚ ਸਹੂਲਤਾਂ ਨੂੰ ਮਜ਼ਬੂਤ ਕਰਨਾ, ਜਾਂਚ ਵਧਾਉਣਾ ਅਤੇ ਇਨਫੈਕਸ਼ਨ ਦੇ ਪ੍ਰਸਾਰ ਦੀ ਚੇਨ ਨੂੰ ਤੋੜਨ ਲਈ ਸਖ਼ਤ ਉਪਾਅ ਕਰਨਾ ਸ਼ਾਮਲ ਸੀ। ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੇ ਪਾਲਣ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਅੱਜ ਤੋਂ ਦਿੱਲੀ ਵਿੱਚ 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ 159 ਕੇਂਦਰ ਹੋਣਗੇ। ਦਿੱਲੀ ਸਰਕਾਰ ਦੇ ਰਾਜ ਸਿਹਤ ਮਿਸ਼ਨ ਨੇ ਆਪਣੀ ਸੂਚੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾਤਰ ਟੀਕਾਕਰਨ ਕੇਂਦਰ ਉਹੀ ਹਨ, ਜਿੱਥੇ ਪਹਿਲਾਂ ਤੋਂ ਹੀ ਕੋ-ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਰਹੀਆਂ ਸਨ। ਦਿੱਲੀ ਦੇ ਸਾਰੇ 11 ਜ਼ਿਲ੍ਹਿਆਂ ਵਿੱਚ ਬੱਚਿਆਂ ਲਈ ਇਹ ਟੀਕਾਕਰਨ ਕੇਂਦਰ ਹੋਣਗੇ। ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਪੌਲੀਕਲੀਨਿਕਾਂ, ਦਿੱਲੀ ਸਰਕਾਰ ਅਤੇ ਨਗਰ ਨਿਗਮ ਦੇ ਸਕੂਲਾਂ ਵਿੱਚ ਵੀ ਟੀਕਾਕਰਨ ਕੇਂਦਰ ਬਣਾਏ ਗਏ ਹਨ।

Share this Article
Leave a comment