ਚੰਡੀਗੜ੍ਹ: ਅੱਜ ਫਿਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਬੁੱਧਵਾਰ ਨੂੰ ਸ਼ਾਮ 7 ਵਜੇ, ਪੰਜਾਬ ਭਵਨ ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਬੀਤੇ ਦਿਨੀ ਵੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ। ਜਿਸ ਵਿੱਚ ਕਈ ਅਹਿਮ ਫੈਸਲਿਆਂ ਤੇ ਮੋਹਰ ਲੱਗੀ , ਜਿਸ ਵਿੱਚ 36ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਰੇਤੇ ਦੇ ਰੇਟ ਫਿਕਸ ਕਰਨਾ ਅਹਿਮ ਹੈ। ਪੰਜਾਬ ਸਰਕਾਰ ਵੱਲੋਂ ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਫੁੱਟ ਨਿਸ਼ਚਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਗਿਆ ਸੀ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਖੁਦ ਇਹ ਜਾਣਕਾਰੀ ਦਿੱਤੀ ਸੀ ਕਿ ਅੱਜ ਪੰਜਾਬ ਨੂੰ ਨਵਾਂ ਏਜੀ ਮਿਲ ਜਾਵੇਗਾ, ਜਿਸ ਤੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮੋਹਰ ਲੱਗ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਕੱਲ੍ਹ ਨੂੰ ਮੁੱਖ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਖਾਕਾ ਅੱਜ ਦੀ ਬੈਠਕ ਵਿੱਚ ਉਲੀਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੇਂਦਰ ਵੱਲੋਂ ਬੀਐਸਐਫ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ਖਿਲਾਫ ਵੀ ਕੋਈ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ। ਜਿਸ ਨੂੰ ਕੱਲ੍ਹ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕਰਕੇ ਕੋਈ ਮਤਾ ਪਾਸ ਕੀਤਾ ਜਾ ਸਕਦਾ ਹੈ।