ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਚ ਹੋਈ ਸਿਲੈਕਟ ਕਮੇਟੀ ਦੀ ਬੈਠਕ ਨੇ ਲੋਕ ਵਰਮਾ ਨੂੰ ਕੇਂਦਰੀ ਜਾਂਚ ਏਜੰਸੀ ਦੇ ਡਾਇਰੈਕਟਰ ਦੇ ਪਦ ਤੋਂ ਹਟਾ ਕੇ ਫੇਰ ਫਾਇਰ ਸਰਵਿਸਜ਼ ਐਂਡ ਹੋਮ ਗਾਰਡ ਦਾ ਡਾਇਰੈਕਟਰ ਜਨਰਲ ਬਣਾਉਣ ਦਾ ਫੈਸਲਾ ਲਿਆ ਹੈ।
ਕਾਂਗਰਸੀ ਲੀਡਰ ਮੱਲਿਕਾਰਜੁਨ ਖੜਗੇ ਵਰਮਾ ਨੂੰ ਹਟਾਉਣ ਦੇ ਪੱਖ ਵਿੱਚ ਨਹੀਂ ਸਨ। ਵਰਮਾ ਨੂੰ ਹਟਾਉਣ ਦਾ ਫੈਸਲਾ 2-1 ਵੋਟਾਂ ਹਿਸਾਬ ਨਾਲ ਲਿਆ ਗਿਆ ਹੈ। ਵਰਮਾ ਨੇ 31 ਜਨਵਰੀ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਜਾਣਾ ਸੀ, ਪਰ ਉਨ੍ਹਾਂ ਨੂੰ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਤਕਰੀਬਨ ਦੋ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਸੀਬੀਆਈ ਮੁਖੀ ਆਲੋਕ ਵਰਮਾ ਨੂੰ ਜ਼ਬਰਨ ਛੁੱਟੀ ‘ਤੇ ਭੇਜ ਦਿੱਤਾ ਸੀ, ਪਰ ਬੀਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ ‘ਤੇ ਮੁੜ ਬਹਾਲ ਕਰ ਦਿੱਤਾ ਸੀ।
ਦਰਅਸਲ, ਵਰਮਾ ਤੇ ਕੇਂਦਰੀ ਜਾਂਚ ਏਜੰਸੀ ਵਿੱਚ ਦੂਜੇ ਨੰਬਰ ਦੇ ਅਧਿਕਾਰੀ ਰਾਕੇਸ਼ ਅਸਥਾਨਾ ਨੇ ਇੱਕ-ਦੂਜੇ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ, ਜਿਸ ਮਗਰੋਂ ਉਨ੍ਹਾਂ ਨੂੰ ਛੁੱਟੀ ‘ਤੇ ਵੀ ਭੇਜ ਦਿੱਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਵਰਮਾ ਸੁਪਰੀਮ ਕੋਰਟ ਚਲੇ ਗਏ ਸਨ। ਸਰਕਾਰ ਨੇ ਉਨ੍ਹਾਂ ਦੀ ਥਾਂ ਐਮ ਨਾਗੇਸ਼ਵਰ ਰਾਓ ਨੂੰ ਸੀਬੀਆਈ ਦਾ ਅੰਤ੍ਰਿਮ ਮੁਖੀ ਲਾਇਆ ਸੀ।