ਚੰਡੀਗੜ੍ਹ : ਕੁੱਲ ਹਿੰਦ ਕਾਂਗਰਸ ਪਾਰਟੀ ਨੇ ਪੰਜਾਬ ‘ਚ ਫਰੀਦਕੋਟ, ਖਡੂਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਤੋਂ ਚੋਣ ਲੜਾਉਣ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦੇ ਨਾਮ ਤੈਅ ਕਰ ਦਿੱਤੇ ਹਨ। ਇਨ੍ਹਾ ਵਿੱਚ ਸਾਬਕਾ ਆਈਐਸ ਅਧਿਕਾਰੀ ਅਮਰ ਸਿੰਘ, ਪ੍ਰਸਿੱਧ ਪੰਜਾਬੀ ਗਾਇਕ ਤੇ ਹਲਕਾ ਭਦੌੜ ਤੋਂ ਵਿਧਾਇਕ ਮੁਹੰਮਦ ਸਦੀਕ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਜਸਬੀਰ ਸਿੰਘ ਡਿੰਪਾ ਦੇ ਨਾਮ ਸ਼ਾਮਲ ਹਨ। ਇਸ ਤੋਂ ਪਹਿਲਾਂ ਸੂਬੇ ਅੰਦਰ 6 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਸਨ। ਜਿਸ ਤੋਂ ਬਾਅਦ ਜਲੰਧਰ ਤੇ ਹੁਸ਼ਿਆਰਪੁਰ ਦੇ ਆਗੂਆਂ ਸੰਤੋਸ਼ ਚੌਧਰੀ ਅਤੇ ਮਹਿੰਦਰ ਕੇਪੀ ਨੇ ਬਗਾਵਤੀ ਸੁਰ ਫੜਦਿਆਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਸੰਕੇਤ ਦਿੱਤੇ ਸਨ।
ਉਕਤ ਤਿੰਨਾਂ ਨਾਂਮਾਂ ਨੂੰ ਤੈਅ ਕਰਨ ਲਈ ਅੱਜ ਸਵੇਰੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸ਼ਾਮਲ ਹੋਈ। ਇਸ ਦੌਰਾਨ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਫਰੀਦਕੋਟ ਤੋਂ ਮੁਹੰਮਦ ਸਦੀਕ ਤੇ ਖਡੂਰ ਸਾਹਿਬ ਤੋਂ ਜਸਬੀਰ ਡਿੰਪਾ ਨੂੰ ਉਮੀਦਵਾਰ ਵਜੋਂ ਉਤਾਰਨ ਦਾ ਫੈਸਲਾ ਕੀਤਾ ਗਿਆ।