ਅਵਤਾਰ ਸਿੰਘ
ਦਿੱਲੀ ਵਿੱਚ ਪੱਤਰਕਾਰ ਤੋਂ ਕਾਂਗਰਸ ਦੇ ਆਗੂ ਪੀ ਚਿਦੰਬਰਮ ਵੱਲ ਜੁੱਤੀ ਸੁੱਟਣ ਤੋਂ ਬਾਅਦ ਸਿਆਸਤ ਵਿੱਚ ਸਰਗਰਮ ਹੋਏ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਅੱਜ ਕੱਲ੍ਹ ਪੰਜਾਬ ਵੱਲ ਚਾਲੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੀ ਹਾਈ ਕਮਾਨ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦੀ ਇੰਚਾਰਗੀ ਤੋਂ ਹਟਾ ਕੇ ਸਿੱਖ ਚੇਹਰੇ ਜਰਨੈਲ ਸਿੰਘ ਨੂੰ ਪੰਜਾਬ ਦੀ ਕਮਾਂਡ ਸੰਭਾਲ ਦਿੱਤੀ ਹੈ। ਵੈਸੇ ਆਪ ਨੇ ਪੰਜਾਬ ਦਾ ਤੀਜੀ ਵਾਰ ਇੰਚਾਰਜ ਬਦਲਿਆ ਹੈ। ਇਸ ਤੋਂ ਪਹਿਲਾਂ ਸੰਜੈ ਸਿੰਘ ਅਤੇ ਮਨੀਸ਼ ਸਿਸੋਦੀਆ ਪੰਜਾਬ ਦੇ ਇੰਚਾਰਜ ਸਨ।
ਜਰਨੈਲ ਸਿੰਘ ਅੱਜ ਕੱਲ੍ਹ ਦਿੱਲੀ ਦੇ ਵਿਧਾਨ ਸਭਾ ਹਲਕਾ ਤਿਲਕ ਨਗਰ ਤੋਂ ਆਪ ਦੇ ਵਿਧਾਇਕ ਹਨ। ਆਪ ਨੇ ਪੰਜਾਬ ਵਿੱਚ ਸਿੱਖ ਚੇਹਰਾ ਭੇਜ ਕੇ ਆਪਣੀ ਪਾਰਟੀ ਦੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਤੋਂ ਲੱਗਦਾ ਹੈ ਕਿ ਪਾਰਟੀ ਨੇ ਅਗਾਊਂ ਚੋਣਾਂ ਦੀ ਤਿਆਰੀ ਖਿੱਚ ਲਈ ਲੱਗਦੀ ਹੈ। ਜਰਨੈਲ ਸਿੰਘ ਨੇ ਕਿਹਾ ਹੈ ਕਿ ਪਾਰਟੀ ਤੋਂ ਵੱਖ ਹੋਏ ਲੀਡਰਾਂ ਧਰਮਵੀਰ ਗਾਂਧੀ, ਸੁੱਚਾ ਸਿੰਘ ਛੋਟੇਪੁਰ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਵੀ ਉਹ ਗੱਲਬਾਤ ਕਰਕੇ ਉਨ੍ਹਾਂ ਨੂੰ ਨਾਲ ਤੋਰਨ ਦੀ ਕੋਸ਼ਿਸ਼ ਕਰਨਗੇ। ਉਸ ਨੇ ਤਾਂ ਇਥੋਂ ਤਕ ਇਸ਼ਾਰਾ ਕਰ ਦਿੱਤਾ ਕਿ ਉਨ੍ਹਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਵੀ ਪਾਰਟੀ ਵਿੱਚ ਆਉਣ ਦਾ ਸੱਦਾ ਦਿੱਤਾ ਜਾਵੇਗਾ। ਜਰਨੈਲ ਸਿੰਘ ਨੇ ਆਪਣੀ ਸਰਗਰਮੀ ਜਾਰੀ ਰੱਖਦਿਆਂ ਸ਼ੁਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ।
ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਆਖਿਆ ਕਿ ਲੋਕਾਂ ਨੂੰ ਕੰਮ ਕਰਨ ਵਾਲੀ ਸਰਕਾਰ ਚਾਹੀਦੀ ਹੈ ਅਤੇ ਦਿੱਲੀ ਵਿਚ ਲੋਕਾਂ ਨੇ ‘ਆਪ’ ਨੂੰ ਚੁਣਿਆ ਹੈ। ਪੰਜਾਬ ਦੇ ਲੋਕ ਦਿੱਲੀ ਵਾਂਗ ‘ਆਪ’ ਨੂੰ ਮੌਕਾ ਦੇਣਗੇ। ਇਸ ਤੋਂ ਬਾਅਦ ਉਹ ‘ਆਪ’ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਵੀ ਸ਼ਾਮਲ ਹੋਏ।
ਇਸ ਮੌਕੇ ਜਰਨੈਲ ਸਿੰਘ ਨਾਲ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਾਝਾ ਜ਼ੋਨ ਦੇ ਕਨਵੀਨਰ ਕੁਲਦੀਪ ਧਾਲੀਵਾਲ ਵੀ ਹਾਜ਼ਿਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਸਿਆਸੀ ਦ੍ਰਿਸ਼ ਬਦਲੇਗਾ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਚ ਇਨਸਾਨੀਅਤ ਦਾ ਕਤਲ ਹੋਇਆ ਹੈ। ਇਸ ਮੌਕੇ ਕੋਰ ਕਮੇਟੀ ਦੀ ਮੀਟਿੰਗ ਵਿਚ ਦਿੱਲੀ ਹਿੰਸਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।
ਇਸੇ ਦੌਰਾਨ ਜਰਨੈਲ ਸਿੰਘ, ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਖਟਕੜ ਕਲਾਂ ਵਿਚ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰਨ ਪੁੱਜੇ। ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਭੇਟ ਕੀਤੀ।