ਚੰਡੀਗੜ੍ਹ : ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅਪਣਾਈ ਜਾ ਰਹੀ ਸਕੀਮ ਹੁਣ ਪੰਜਾਬ ਸਰਕਾਰ ਵੀ ਅਪਣਾ ਰਹੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੰਜਾਬ ਵਿੱਚ ਪਲਾਜ਼ਮਾ ਥਰੈਪੀ ਦੀ ਵਰਤੋਂ ਕਰਨ ਦੀ ਇਜਾਜ਼ਤ ਮਿਲ ਗਈ ਹੈ । ਦਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਸਨ । ਜਿਸ ਤੋੋਂ ਬਾਅਦ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਵਿਡ-19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਕਰਨ ਵਾਸਤੇ ਮਨਜ਼ੂਰੀ ਮਿਲ ਗਈ ਹੈ।
ਇਸ ਸਬੰਧੀ ਪੁਸ਼ਟੀ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਕੋਵਿਡ ਹੈਲਥ ਸੈਕਟਰ ਰਿਸਪਾਂਸ ਅਤੇ ਪਰਕਿਓਰਮੈਂਟ ਕਮੇਟੀ ਦੇ ਚੇਅਰਪਰਸਨ ਵਿਨੀ ਮਹਾਜਨ ਵਲੋਂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਆਈ.ਸੀ.ਐੱਮ.ਆਰ., ਨਵੀਂ ਦਿੱਲੀ ਨੇ ਪਲਾਜ਼ਮਾ ਥੈਰੇਪੀ ਦੇ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੇ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ।
ਮਹਾਜਨ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ, ਫਰੀਦਕੋਟ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਅੰਮ੍ਰਿਤਸਰ , ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਅਤੇ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ, ਲੁਧਿਆਣਾ ਨੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਲਈ ਭਾਈਵਾਲੀ ਕੀਤੀ ਹੈ।