ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ, ਮੋਦੀ ਨਾਲ ਪਟਿਆਲਾ ‘ਚ ਕਰ ਸਕਦੇ ਹਨ ਵੱਡੀ ਰੈਲੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਹੀ ਵਿਰੋਧੀਆਂ ਨੇ ਉਨ੍ਹਾਂ ‘ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ।ਕੈਪਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ 2022 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ, ਜਿਸ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਹੋਣ ਦੀ ਸੰਭਾਵਨਾ ਹੈ।

ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਕਾਫ਼ੀ ਸਮੇਂ ਤੋਂ ਕਹਿ ਰਹੇ ਹਨ ਕਿ ਕੈਪਟਨ, ਬਾਦਲ ਅਤੇ ਭਾਜਪਾ ਦੇ ਨਾਲ ਮਿਲੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਏਜੰਡੇ ‘ਤੇ ਹੀ ਕੰਮ ਕਰ ਰਹੇ ਸਨ। ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ਬੀ ਟੀਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਭਾਜਪਾ ਦੀ ਬੋਲੀ ਬੋਲ ਰਹੇ ਸਨ ਅਤੇ ਹੁਣ ਨਵੀਂ ਪਾਰਟੀ ਦਾ ਐਲਾਨ ਕਰ ਕੇ ਉਨ੍ਹਾਂ ਨੇ ਇਸ ਨੂੰ ਸਪੱਸ਼ਟ ਵੀ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਹੁੰਦੇ ਹੀ ਪੰਜਾਬ ‘ਚ ਉਨ੍ਹਾਂ ਦੀਆਂ ਸਿਆਸੀ ਰੈਲੀਆਂ ਨੂੰ ਲੈ ਕੇ ਵੀ ਸੁਗਬੁਗਾਹਟ ਸ਼ੁਰੂ ਹੋ ਗਈ ਹੈ।  ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪਟਿਆਲਾ ‘ਚ ਇਕ ਵੱਡੀ ਰੈਲੀ ਕਰਨ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ‘ਤੇ ਅਜੇ ਤੱਕ ਕੋਈ ਜਨਤਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਮਿਲਣ ਮਗਰੋਂ ਹੀ ਕਹਿ ਦਿੱਤਾ ਸੀ ਕਿ ਉਹ ਆਪਣੀ ਅਗਲੀ ਸਿਆਸੀ ਪਾਰੀ ਜ਼ਰੂਰ ਖੇਡਣਗੇ, ਪਰ ਭਾਜਪਾ ’ਚ ਜਾ ਕੇ ਨਹੀਂ। ਹੁਣ ਕੈਪਟਨ ਨੇ ਇਹ ਕਹਿ ਕੇ ਸਿਆਸਤ ਨੂੰ ਗਰਮਾ ਦਿੱਤਾ ਹੈ ਕਿ ਉਹ ਭਾਜਪਾ ਨਾਲ ਸਮਝੌਤਾ ਕਰ ਸਕਦੇ ਹਨ। ਇਹੀ ਕਾਰਨ ਹੈ ਕਿ ਕਾਂਗਰਸ ਪਿਛਲੇ ਕਈ ਦਿਨਾਂ ਤੋਂ ਇਸ ਗੱਲ ਤੋਂ ਡਰੀ ਹੋਈ ਹੈ ਕਿ ਕੈਪਟਨ ਆਪਣੇ ਨਾਲ ਦੋ ਦਰਜਨ ਦੇ ਕਰੀਬ ਵਿਧਾਇਕਾਂ ਨੂੰ ਜੋੜ ਸਕਦੇ ਹਨ। ਇਸੇ ਸ਼ੱਕ ਨਾਲ ਕਾਂਗਰਸ ਨੇ ਰਾਜਸਥਾਨ ਦੇ ਮਾਲ ਮੰਤਰੀ ਤੇ ਸੀਨੀਅਰ ਆਗੂ ਹਰੀਸ਼ ਚੌਧਰੀ ਨੂੰ ਇਕ ਮਹੀਨੇ ਤੋਂ ਪੰਜਾਬ ’ਚ ਬਿਠਾ ਕੇ ਰੱਖਿਆ ਹੈ। ਉਹ ਪਾਰਟੀ ਦੇ ਵਿਧਾਇਕਾਂ ਤੇ ਹੋਰ ਆਗੂਆਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ।

- Advertisement -

Share this Article
Leave a comment