ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਇਸ ਵਧ ਰਹੇ ਆਤੰਕ ਨੇ ਇਸ ਵਾਰ ਹੋਲੀ ਦੇ ਰੰਗ ਵੀ ਫਿੱਕੇ ਪਾ ਦਿੱਤੇ ਹਨ। ਇਸ ਦੇ ਚਲਦਿਆਂ ਅੱਜ ਲੋਕ ਹੋਲੀ ਦੇ ਮੌਕੇ ਰੰਗਾਂ ਦੀ ਹੋਲੀ ਮਨਾਉਣ ਤੋਂ ਕਤਰਾ ਰਹੇ ਹਨ। ਇਸ ਨੂੰ ਦੇਖਦਿਆਂ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ ਪ੍ਰਤੀਕਿਰਿਆ ਦਿੱਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਅਕਾਲ ਪੁਰਖ ‘ਤੇ ਭਰੋਸਾ ਕਰਦੀ ਹੈ ਅਤੇ ਹੋਲਾ ਮੁਹੱਲਾ ਵੀ ਖਾਲਸੇ ਦਾ ਸ਼ਾਨਮੱਤਾ ਤਿਉਹਾਰ ਹੈ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਹੋਲੇ ਮੁਹੱਲੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚਣ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰੰਗ ਪਾਉਣਾ ਗੁਰਮਤ ਦੀ ਪਰੰਪਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਲਈ ਇਸ ਮੌਕੇ ਰੰਗ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਇਸ ਮੌਕੇ ਲੱਗਣ ਵਾਲੇ ਲੰਗਰਾਂ ਵਿੱਚ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।