ਅੰਮ੍ਰਿਤਸਰ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੁਣ ਤੱਕ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਭੜਕੀ ਹਿੰਸਾ ਵਿੱਚ 43 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਪਹਿਲ ਕਦਮੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਦੇ ਹਾਲਾਤਾਂ ਦਾ ਜਾਇਜਾ ਲੈਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਕਮੇਟੀ ਵਿੱਚ 6 ਵਿਅਕਤੀ ਸ਼ਾਮਲ ਹਨ। ਜਿਨ੍ਹਾਂ ਵਿੱਚ ਮਨਜਿੰਦਰ ਸਿੰਘ ਸਿਰਸਾ, ਐਡਵੋਕੇਟ ਹਰਵਿੰਦਰ ਸਿੰਘ ਫੂਲਕਾ, ਘੱਟ ਗਿਣਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇਸ ਚਾਂਸਲਰ ਜਸਪਾਲ ਸਿੰਘ, ਵਾਇਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਣਜੀਤ ਕੌਰ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।
ਦੱਸਣਯੋਗ ਇਹ ਵੀ ਹੈ ਕਿ ਇਹ ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸੌਂਪੇਗੀ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਕਰੇਗੀ। ਇਸ ਤੋਂ ਪਹਿਲਾਂ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਲੀ ਅੰਦਰ ਪੀੜਤਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਦਦ ਕਰਨ ਲਈ ਕਿਹਾ ਗਿਆ ਸੀ। ਇਸ ਦੇ ਚਲਦਿਆਂ ਦਿੱਲੀ ‘ਚ ਸਿੱਖ ਭਾਈਚਾਰੇ ਵੱਲੋਂ ਲੰਗਰ ਲਗਾਏ ਜਾ ਰਹੇ ਹਨ ਅਤੇ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।