ਚੰਡੀਗੜ੍ਹ : ਇੰਨੀ ਦਿਨੀਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਅਸਤੀਫਿਆਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿਸ ਦੇ ਚਲਦਿਆਂ ਬੀਤੀ ਕੱਲ੍ਹ ਭਾਵੇਂ ‘ਆਪ’ ਦੇ ਸੀਨੀਅਰ ਆਗੂ ਐਚਐਸ ਫੂਲਕਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ ਪਰ ਫਿਰ ਵੀ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਨਾਲ ਨਾਲ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵਿਰੁੱਧ ਦੱਬ ਕੇ ਭੜਾਸ ਕੱਢੀ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਲੰਮੇ ਸਮੇਂ ਤੋਂ ਅਸਤੀਫੇ ਦਿੱਤੇ ਹੋਏ ਹਨ ਪਰ ਫਿਰ ਵੀ ਉਨ੍ਹਾਂ ਅਸਤੀਫਿਆਂ ਨੂੰ ਮਨਜੂਰ ਨਾ ਕਰਕੇ ਕਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਐਚਐਸ ਫੂਲਕਾ ਨੂੰ ਅਸਤੀਫਾ ਦਿੱਤਿਆਂ 10 ਮਹੀਨੇ ਬੀਤ ਚੁਕੇ ਸਨ ਪਰ ਸਪੀਕਰ ਵੱਲੋਂ ਜਾਣ ਬੁੱਝ ਕੇ ਉਨ੍ਹਾਂ ਦੇ ਅਸਤੀਫਾ ਸਬੰਧੀ ਫੈਸਲਾ ਲਟਕਾਇਆ ਗਿਆ ਅਤੇ ਇੰਨਾ ਸਮਾਂ ਉਨ੍ਹਾਂ (ਫੂਲਕਾ) ਨੂੰ ਇੱਕ ਵਿਧਾਇਕ ਵਾਲੀ ਤਨਖਾਹ ਅਤੇ ਭੱਤੇ ਮਿਲਦੇ ਰਹੇ ਇਸ ਦਾ ਜਿੰਮੇਵਾਰ ਕੌਣ ਹੈ? ਉਨ੍ਹਾਂ ਸਵਾਲ ਕੀਤਾ ਕਿ ਆਖਰ ਇਹ ਅਸਤੀਫੇ ਮਨਜ਼ੂਰ ਕਿਉਂ ਨਹੀਂ ਕੀਤੇ ਜਾ ਰਹੇ? ਮਜੀਠੀਆ ਨੇ ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਵੱਖਰੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਲੋਕ ਸਭਾ ਚੋਣਾਂ ਵੀ ਲੜ ਲਈਆਂ ਹਨ ਪਰ ਸਪੀਕਰ ਨੇ ਅਜੇ ਤੱਕ ਉਨ੍ਹਾਂ ਦੇ ਅਸਤੀਫੇ ‘ਤੇ ਕੋਈ ਫੈਸਲਾ ਨਹੀਂ ਸੁਣਾਇਆ ਹੈ।