ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉੱਘੇ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦਾ ਕੱਲ੍ਹ ਵੇਰਕਾ ਵਿਖੇ ਅੰਤਿਮ ਸਸਕਾਰ ਰੋਕੇ ਜਾਣ ਨਾਲ ਸਿੱਖਾਂ ਦੇ ਮਨਾਂ ਅੰਦਰ ਡੂੰਘਾ ਰੋਸ ਜਾਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਟਕੋਰ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉਸ ਕਾਂਗਰਸੀ ਕੌਂਸਲਰ ਅਤੇ ਹੋਰਨਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਨੇ ਵੇਰਕਾ ਵਿਖੇ ਸਮਸ਼ਾਨਘਾਟ ਨੂੰ ਤਾਲਾ ਲਾਇਆ ਸੀ ਅਤੇ ਨਾ ਹੀ ਉਹਨਾਂ ਅਧਿਕਾਰੀਆਂ ਖਿਲਾਫ ਕਈ ਕਾਰਵਾਈ ਕੀਤੀ ਹੈ, ਜਿਹੜੇ ਹਜ਼ੂਰੀ ਰਾਗੀ ਦਾ ਸਨਮਾਨ ਪੂਰਬਕ ਢੰਗ ਨਾਲ ਅੰਤਿਮ ਸਸਕਾਰ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਸਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਸੁਨੇਹਾ ਦੇਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਕਿ ਇਹ ਸਿੱਖਾਂ ਦਾ ਅਪਮਾਨ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਢੁੱਕਵੇਂਂ ਕਦਮ ਚੁੱਕਣੇ ਚਾਹੀਦੇ ਸਨ ਕਿ ਸਿੱਖ ਕੌਮ ਦੇ ਇਸ ਮਹਾਨ ਰਾਗੀ ਦੀ ਮ੍ਰਿਤਕ ਦੇਹ ਦਾ ਅਪਮਾਨ ਨਾ ਹੁੰਦਾ। ਉਹਨਾਂ ਕਿਹਾ ਕਿ ਸਰਕਾਰ ਨੂੰ ਭਾਈ ਖਾਲਸਾ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨਾ ਚਾਹੀਦਾ ਸੀ, ਕਿਉਂਕਿ ਉਹ ਪਹਿਲੇ ਕੀਰਤਨੀਏ ਸਨ, ਜਿਹਨਾਂ ਨੂੰ ਦੇਸ਼ ਵਿਚ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਸਾਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਘੇ ਕੀਰਤਨੀਏ ਭਾਈ ਖਾਲਸਾ ਦੇ ਅੰਤਮ ਸਸਕਾਰ ਲਈ ਦਿੱਤੀ ਮੱਦਦ ਕਰਨ ਦੀ ਪੇਸ਼ਕਸ਼ ਸਵੀਕਾਰ ਨਹੀਂ ਕੀਤੀ ਅਤੇ ਉਹਨਾਂ ਦਾ ਸਸਕਾਰ ਬਹੁਤ ਹੀ ਨਿਰਾਦਰ ਭਰੇ ਢੰਗ ਨਾਲ ਕੀਤਾ। ਇਹ ਬਹੁਤ ਹੀ ਨਿੰਦਣਯੋਗ ਹਰਕਤ ਸੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਆਖਿਆ ਕਿ ਉਹ ਭਾਈ ਖਾਲਸਾ ਦੀ ਮ੍ਰਿਤਕ ਦੇਹ ਨਾਲ ਕੀਤੀ ਬਦਸਲੂਕੀ ਲਈ ਉਹਨਾਂ ਦੇ ਪਰਿਵਾਰ ਕੋਲੋਂ ਮੁਆਫੀ ਮੰਗੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਕਿ ਕੋਵਿਡ-19 ਦੀ ਬੀਮਾਰੀ ਨਾਲ ਮਰਨ ਵਾਲੇ ਵਿਅਕਤੀ ਨਾਲ ਅਜਿਹਾ ਵਿਤਕਰਾ ਨਾ ਹੋਵੇ। ਉਹਨਾਂ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਵੀ ਜਾਰੀ ਹੋਣੇ ਚਾਹੀਦੇ ਹਨ ਕਿ ਸਕੇ ਸੰਬੰਧੀ ਅੰਤਿਮ ਸਸਕਾਰ ਵਿਚ ਭਾਗ ਲੈ ਸਕਣ, ਕਿਉਂਕਿ ਅਜਿਹੇ ਮਾਮਲਿਆਂ ਵਿਚ ਸਾਰੇ ਪਰਿਵਾਰ ਨੂੰ ਏਕਾਂਤਵਾਸ ਵਿਚ ਰੱਖਿਆ ਹੁੰਦਾ ਹੈ। ਉਹਨਾਂ ਕਿਹਾ ਕਿ ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੋਣ ਉੱਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।
ਭਾਈ ਨਿਰਮਲ ਸਿੰਘ ਖਾਲਸਾ ਦੇ ਨਿਰਾਦਰ ਸਦਕਾ ਸਿੱਖਾਂ ਦੀਆਂ ਜ਼ਖ਼ਮੀ ਹੋਈਆਂ ਭਾਵਨਾਵਾਂ ਉੱੱਤੇ ਟਕੋਰ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਬੀਰ ਸਿੰਘ ਬਾਦਲ
Leave a comment
Leave a comment