ਮਹਿੰਗੀ ਬਿਜਲੀ ਦੇ ਮੁੱਦੇ ‘ਤੇ ‘ਆਪ’ ਵੱਲੋਂ ਸਦਨ ਦੇ ਅੰਦਰ ਤੇ ਬਾਹਰ ਜ਼ੋਰਦਾਰ ਪ੍ਰਦਰਸ਼ਨ

TeamGlobalPunjab
4 Min Read

ਚੰਡੀਗੜ੍ਹ: ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਫਿਰ ਜ਼ੋਰਦਾਰ ਤਰੀਕੇ ਨਾਲ ਉਠਾਇਆ। ਸ਼ੁੱਕਰਵਾਰ ਸਵੇਰੇ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ‘ਤੇ ‘ਆਪ’ ਦੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਗਾਇਆ।

ਭਗਵੰਤ ਮਾਨ ਸਮੇਤ ਸਾਰੇ ‘ਆਪ’ ਵਿਧਾਇਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਸੂਬੇ ‘ਚ ਲੋਟੂ ਬਿਜਲੀ ਮਾਫ਼ੀਆ ਪੈਦਾ ਕਰਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸੁਖਬੀਰ ਸਿੰਘ ਬਾਦਲ ਦੇ ਬਿਜਲੀ ਮਾਫ਼ੀਆ ਅੱਗੇ ਗੋਡੇ ਟੇਕਣ ਦਾ ਗੰਭੀਰ ਇਲਜ਼ਾਮ ਲਗਾਇਆ। ਇਸ ਮੌਕੇ ਇੱਕ ਪੁਤਲੇ ਰਾਹੀਂ ਪੰਜਾਬ ਦੇ ਲੋਕਾਂ ਨੂੰ ਪੀੜਤ ਦਿਖਾਇਆ ਗਿਆ ਜਦਕਿ ਟੈਡੀਬੀਅਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੇ ਮੁਖੌਟੇ ਪਾ ਕੇ ਨਿੱਜੀ ਬਿਜਲੀ ਕੰਪਨੀਆਂ ਦੇ ਦਲਾਲਾਂ ਵਜੋਂ ਪੇਸ਼ ਕੀਤਾ ਗਿਆ। ਬਾਅਦ ‘ਚ ਜਿਉਂ ਹੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਬਿਜਲੀ ਅੰਦੋਲਨ ਦੀ ਕਮਾਨ ਸੰਭਾਲ ਰਹੇ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਨੇ ਪੁਤਲੇ ਅਤੇ ਮੁਖੋਟਾਧਾਰੀ ਟੈਡੀਬੀਅਰਾਂ ਨਾਲ ਵਿਧਾਨ ਸਭਾ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਗੇਟ ‘ਤੇ ਤੈਨਾਤ ਸੁਰੱਖਿਆ ਕਰਮੀਆਂ ਨੇ ‘ਆਪ’ ਵਿਧਾਇਕਾਂ ਨਾਲ ਕਾਫ਼ੀ ਧੱਕਾ-ਮੁੱਕੀ ਕੀਤੀ। ਕਾਫ਼ੀ ਜੱਦੋ-ਜਹਿਦ ਉਪਰੰਤ ‘ਆਪ’ ਵਿਧਾਇਕ ਵਿਧਾਨ ਸਭਾ ਅੰਦਰ ਪ੍ਰਵੇਸ਼ ਹੋ ਸਕੇ। ਚੀਮਾ ਨੇ ਇਸ ਨੂੰ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ।

ਸਦਨ ‘ਚ ਸ਼ਰਧਾਂਜਲੀ ਉਪਰੰਤ ਜਦੋਂ ਸਦਨ ‘ਚ ਸੰਬੰਧਿਤ ਮੰਤਰੀ ਵੱਲੋਂ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਕੁੱਝ ਨਿਯਮਾਂ ਨੂੰ ਮੁਅੱਤਲ ਕਰਨ ਸੰਬੰਧੀ ਪ੍ਰਸਤਾਵ ਪੇਸ਼ ਕਰਦਿਆਂ ਕੋਈ ਵੀ ਮਤਾ ਜਾ ਧਿਆਨ ਦਿਵਾਊ ਨੋਟਿਸ ਆਦਿ ਪੇਸ਼ ਨਾ ਕੀਤੇ ਜਾਣ ਦੀ ਗੱਲ ਰੱਖੀ ਤਾਂ ‘ਆਪ’ ਵਿਧਾਇਕਾਂ ਨੇ ਅਮਨ ਅਰੋੜਾ ਵੱਲੋਂ ਬਿਜਲੀ ਕੰਪਨੀਆਂ ਦੇ ਪੀਪੀਏਜ਼ ਰੱਦ ਕਰਨ ਬਾਰੇ ਪੇਸ਼ ਕੀਤਾ ਧਿਆਨ ਦਿਵਾਊ ਮਤਾ ਰੱਦ ਕਰਨ ਦਾ ਆਪਣੀਆਂ ਸੀਟਾਂ ਤੋਂ ਖੜੇ ਹੋ ਕੇ ਵਿਰੋਧ ਕੀਤਾ। ਇਸ ਦੇ ਨਾਲ ਹੀ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਾਕਆਊਟ ਕਰ ਗਏ। ਵਾਕਆਊਟ ਕਰਨ ਵਾਲੇ ‘ਆਪ’ ਵਿਧਾਇਕਾਂ ‘ਚ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ।

ਇਸ ਮੌਕੇ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ ਨਾਲ ਰਲ ਕੇ ਉਹੀ ਮਾਫ਼ੀਆ ਚਲਾਉਣ ਦਾ ਦੋਸ਼ ਲਗਾਇਆ ਜਿਸ ਨੂੰ ਸੁਖਬੀਰ ਸਿੰਘ ਬਾਦਲ ਨੇ ਪੈਦਾ ਕੀਤਾ ਸੀ।
ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਵਿਰੁੱਧ ਲਿਆਂਦੇ ਮਤੇ ਨੂੰ ਨਾ-ਮਨਜ਼ੂਰ ਕਰਨਾ ਅਤੇ ਅਕਾਲੀ-ਭਾਜਪਾ ਵੱਲੋਂ ਮੂਕ ਦਰਸ਼ਕ ਬਣੇ ਰਹਿਣ ਨੇ ਸਾਬਤ ਕਰ ਦਿੱਤਾ ਹੈ ਕਿ ਬਿਜਲੀ ਮਾਫ਼ੀਆ ਨੂੰ ਕਾਂਗਰਸੀ ਅਕਾਲੀ ਅਤੇ ਭਾਜਪਾ ਵਾਲੇ ਸ਼ਰੇਆਮ ਸਰਪ੍ਰਸਤੀ ਦੇ ਰਹੇ ਹਨ।

- Advertisement -

ਕੈਪਟਨ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਅਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਜਿਹੜੇ ਮਰਜ਼ੀ ਰੰਗ ਦਾ ਪੇਪਰ ਲੈ ਆਵੇ ਪਰੰਤੂ ਲੋਕਾਂ ਨੂੰ ਬਿਨਾਂ ਦੇਰੀ ਸਸਤੀ ਬਿਜਲੀ ਮੁਹੱਈਆ ਕਰਵਾਏ। ਜਦੋਂ ਤੱਕ ਨਿੱਜੀ ਬਿਜਲੀ ਕੰਪਨੀਆਂ ਦੇ ਸਮਝੌਤੇ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਲੋਕਾਂ ਨੂੰ ਸਸਤੀ ਬਿਜਲੀ ਮਿਲਣਾ ਸੰਭਵ ਹੀ ਨਹੀਂ।

Share this Article
Leave a comment