ਨਵੀਂ ਦਿੱਲੀ : ਇੰਨੀ ਦਿਨੀਂ ਦਿੱਲੀ ਦੇ ਤੁਗਲਕਾਬਾਦ ਸਥਿਤ ਰਵੀਦਾਸ ਮੰਦਰ ਢਾਹੇ ਜਾਣ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪੰਜਾਬ ਅੰਦਰ ਥਾਂ ਥਾਂ ਰਵੀਦਾਸ ਭਾਈਚਾਰੇ ਦੇ ਸਮਰਥਕਾਂ ਵੱਲੋਂ ਦਿੱਲੀ ਪ੍ਰਸ਼ਾਸਨ ਦੀ ਇਸ ਕਾਰਵਾਈ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਵੀਦਾਸ ਭਾਈਚਾਰੇ ਦੇ ਸਮਰਥਨ ਵਿੱਚ ਉਤਰ ਆਏ ਹਨ। ਜਿਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ‘ਚ ਦਖਲ ਦੇ ਕੇ ਸ਼ਾਂਤੀਪੁਰਵਕ ਹੱਲ ਕੱਢਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਰਵੀਦਾਸ ਸਮਰਥਕਾਂ ਨੇ ਪ੍ਰਦਰਸ਼ਨ ਕਰਦਿਆਂ ਇਹ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਆਉਂਦੀ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣਗੇ। ਇਸ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ‘ਤੇ ਕੁਝ ਨਹੀਂ ਬੋਲਣਾ ਚਾਹੁੰਦੇ ਪਰ ਉਹ ਨਿੱਜੀ ਤੌਰ ‘ਤੇ ਇਸ ਧਾਰਮਿਕ ਮੰਦਰ ਨੂੰ ਢਾਹੁਣ ਦੇ ਹੱਕ ਵਿੱਚ ਨਹੀਂ ਹਨ ਕਿਉਂਕਿ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਇਸ ਮੰਦਰ ਦਾ ਪੁਨਰ ਨਿਰਮਾਣ ਕਰਨ ਲਈ ਰਵੀਦਾਸ ਭਾਈਚਾਰੇ ਨੂੰ ਕਾਨੂੰਨੀ ਅਤੇ ਆਰਥਿਕ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਇਸ ਕਮੇਟੀ ਵਿੱਚ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਚੌਧਰੀ ਸੰਤੋਖ ਸਿੰਘ ਰਾਜ ਕੁਮਾਰ ਚੱਬੇਵਾਲ ਅਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੰਦਰ ਦੇ ਢਹਿਣ ਨਾਲ ਕੇਵਲ ਪੰਜਾਬ ਅੰਦਰ ਹੀ ਨਹੀਂ ਬਲਕਿ ਦੇਸ਼ ਦੇ ਹੋਰਨਾਂ ਸੂਬਿਆਂ ‘ਚ ਮੌਜੂਦ ਰਵੀਦਾਸ ਸਮਰਥਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।