ਬਰਨਾਲਾ : ਨਾਬਾਲਗ ਬੱਚੀਆਂ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਗਹਿਣਾ ਤੋਂ ਸਾਹਮਣੇ ਆਇਆ ਹੈ,ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਕੇ ਰੱਖ ਦਿੱਤਾ ਹੈ। ਦਰਅਸਲ ਇੱਥੇ 11 ਸਾਲ ਦੀ ਇੱਕ ਮਾਸੂਮ ਬੱਚੀ ਦਾ ਲੰਮੇ ਸਮੇਂ ਤੋਂ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਇਸ ਹੈਵਾਨੀਅਤ ਦਾ ਇਲਜ਼ਾਮ ਡੇਰੇ ’ਚ ਰਹਿਣ ਵਾਲੇ 60 ਤੋਂ 65 ਸਾਲਾਂ 2 ਵਿਅਕਤੀਆਂ ‘ਤੇ ਲੱਗ ਰਿਹਾ ਹੈ। ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈ ਬੱਚੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ ਤੇ ਜਦੋਂ ਇਹ ਬੱਚੀ ਡੇਰੇ ’ਚ ਖੇਡਣ ਜਾਂਦੀ ਸੀ ਤਾਂ ਉਸ ਸਮੇਂ ਇਹਨਾਂ ਦਰਿੰਦਿਆਂ ਵਲੋਂ ਘਣੌਨੀ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਸੀ। ਇਸ ਗੱਲ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਕੂਲ ਦੇ ਅਧਿਆਪਕ ਨੇ ਅਜਿਹੇ ਮਾਮਲਿਆਂ ਬਾਰੇ ਬੱਚਿਆਂ ਨੂੰ ਸਿੱਖਿਆ ਦਿੱਤੀ, ਤਾਂ ਇਸ ਬੱਚੀ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਆਪਣੇ ਨਾਲ ਬੀਤੀ ਸਾਰੀ ਵਰਦਾਤ ਦੇ ਬਾਰੇ ਦੱਸਿਆ। ਜਿਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਨੇ ਇਹ ਮਾਮਲਾ ਪੰਚਾਇਤ ਦੇ ਧਿਆਨ ‘ਚ ਲਿਆਂਦਾ ਅਤੇ ਦੋਵਾਂ ਵਿਅਕਤੀਆਂ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਇਤ ਮੈਂਬਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਨਾਲ ਗਲਤ ਹੋਇਆ ਹੈ ਤੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲਾ ਪੁਲਿਸ ਨੂੰ ਦਰਜ਼ ਕਰਵਾਇਆ ਅਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ। ਉੱਧਰ ਦੂਜੇ ਪਾਸੇ ਇਸ ਮਾਮਲੇ ’ਚ ਐਸ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਬੱਚੀ ਦੇ ਬਿਆਨਾਂ ਤੋਂ ਬਾਅਦ ਪੰਜਇਤ ਦੀ ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪਿੰਡ ਦੀ ਪੰਚਾਇਤ ਨੇ ਇਹਨਾਂ ਦੋਵਾਂ ਵਿਅਕਤੀਆਂ ’ਤੇ ਸਖਤ ਤੋਂ ਸਖਤ ਕਰਵਾਈ ਕਰਨ ਦੀ ਮੰਗ ਕੀਤੀ ਹੈ।