ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

TeamGlobalPunjab
2 Min Read

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ।

ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਉਹ ਤੇਜ਼ਾਬ ਪੀੜਤ ਮਹਿਲਾਵਾਂ ਵੱਲੋਂ ਭਾਰੀ ਔਕੜਾਂ ਦਾ ਸਾਹਮਣਾ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਸੁਰੱਖਿਅਤ ਜਨਤਕ ਥਾਵਾਂ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਬਿਊਰੋ ਦੀ ਰਿਪੋਰਟ ਮੁਤਾਬਕ ਤੇਜ਼ਾਬ ਹਮਲਿਆਂ ਨਾਲ ਸਬੰਧਤ 40 ਕੇਸ ਦਰਜ ਹਨ। ਇਨ੍ਹਾਂ ਵਿਚੋਂ 11 ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ।  ਉਨ੍ਹਾਂ ਹੋਰ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਹਮਲੇ ਕਾਰਨ ਅਪਾਹਜ ਹੋ ਜਾਣ ਵਾਲੇ ਵਿਅਕਤੀਆਂ ਨੂੰ 750 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ।  ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਨੂੰ ਵਿੱਤੀ ਮਦਦ ਦੇਣ ਦੀ ਯੋਜਨਾ ਤਹਿਤ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਸ਼੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਗ੍ਰਹਿ ਵਿਭਾਗ ਦੀ ਮੌਜੂਦਾ ਨੀਤੀ ਮੁਤਾਬਕ ਪ੍ਰਤੀ ਪੀੜਤ 3 ਲੱਖ ਰੁਪਏ ਦੇਣ ਦੀ ਵਿਵਸਥਾ ਹੈ ਅਤੇ ਹੁਣ ਤੱਕ ਗ੍ਰਹਿ ਵਿਭਾਗ ਵੱਲੋਂ 40 ਪੀੜਤਾਂ ਨੂੰ 83 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੇਜ਼ਾਬ  ਰੱਖਣ ਅਤੇ ਇਸਦੀ ਵਿਕਰੀ ਨੂੰ ਨਿਯਮਤ ਕਰਨ ਲਈ ਪੰਜਾਬ ਪੋਜੈਸ਼ਨ ਅਤੇ ਸੇਲ ਰੂਲ, 2014 ਨੋਟੀਫਾਈ ਕੀਤਾ ਗਿਆ ਹੈ।
ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਅਤੇ ਆਈਨੌਕਸ ਪਲਾਜ਼ਾ ਦੇ ਮਾਲਕ ਕਰਨਇੰਦਰ ਸਿੰਘ ਢਿੱਲੋਂ, ਇੰਸਪੈਕਟਰ ਜਨਰਲ ਆਫ ਪੁਲਿਸ, ਪੰਜਾਬ ਵਿਭੂ ਰਾਜ, ਵਧੀਕ ਡਾਇਰੈਕਟਰ ਸ਼੍ਰੀਮਤੀ ਲਿਲੀ ਚੌਧਰੀ ਅਤੇ ਡਿਪਟੀ ਡਾਇਰੈਕਟਰ ਸ਼੍ਰੀ ਹਰਪਾਲ ਸਿੰਘ ਸ਼ਾਮਿਲ ਸਨ।

Share this Article
Leave a comment