ਸਿਆਸੀ ਪਾਰਟੀਆਂ ਡੇਰਾ ਸੱਚਾ ਸੌਦਾ ਤੋਂ ਦੂਰ ਰਹਿ ਕੇ ਹੁਕਮਨਾਮੇਂ ਦੀ ਪਾਲਣਾ ਕਰਨ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਵੱਲੋਂ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਜਾਂ ਨਾ ਲੈਣ ਸਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਰਾਜਨੀਤਕ ਪਾਰਟੀਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਜਾਰੀ ਕੀਤੇ ਗਏ ਹੁਕਮਨਾਮੇਂ ਦੀ ਪਾਲਣਾ ਕਰਦਿਆਂ ਉਨ੍ਹਾਂ ਨਾਲ ਕੋਈ ਸਿਆਸੀ ਤੇ ਸਮਾਜਿਕ ਸਬੰਧ ਨਾ ਰੱਖਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2015 ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਰਾਮ ਰਹੀਮ ਨੂੰ ਬਿਨਾਂ ਮੰਗਿਆਂ ਮਾਫੀ ਦੇ ਦਿੱਤੀ ਗਈ ਸੀ ਤੇ ਫਿਰ ਜਦੋਂ ਰੌਲਾ ਪੈ ਗਿਆ ਤਾਂ ਇਹ ਮਾਫੀ ਵਾਪਸ ਲੈ ਲਈ ਗਈ ਸੀ।

ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਤੋਂ ਪਹਿਲਾਂ ਪੰਜਾਬ ਵਿੱਚ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਆਉਂਦੀਆਂ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਦੀ ਹਿਮਾਇਤ ਨੂੰ ਲੈ ਕੇ ਬਿਆਨਬਾਜ਼ੀ ਵਿੱਚ ਉਲਝੀਆਂ ਹੋਈਆਂ ਸਨ। ਇਸ ਸਬੰਧੀ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਡੇਰਾ ਸਿਰਸਾ ਤੋਂ ਕੋਈ ਮਦਦ ਨਾਲ ਨਾ ਲੈਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਂ ਸਮਰਥਨ ਲੈਣ ਜਾਂ ਨਾ ਲੈਣ ਦਾ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਛੱਡ ਦਿੱਤਾ ਸੀ। ਇਸ ਦੇ ਨਾਲ ਹੀ ਸੁਖਬੀਰ ਨੇ ਡੇਰੇ ਵੱਲੋਂ ਅਕਾਲੀ ਦਲ ਨੂੰ ਸਾਲ 2017 ਦੌਰਾਨ ਦਿੱਤੀ ਗਈ ਮਦਦ ਤੋਂ ਇਹ ਕਹਿ ਕੇ ਕਿਨਾਰਾ ਕਰ ਲਿਆ ਕਿ ਉਹ ਮਦਦ ਤਾਂ ਡੇਰੇ ਵਾਲਿਆਂ ਨੇ ਆਪਣੇ ਆਪ ਦਿੱਤੀ ਸੀ, ਸਾਡੇ ਵਿੱਚੋਂ ਕਿਸੇ ਨੇ ਵੀ ਉਨ੍ਹਾਂ ਤੋਂ ਇਹ ਮਦਦ ਨਹੀਂ ਮੰਗੀ ਸੀ। ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਆਸੀ ਪਾਰਟੀਆਂ ਵੱਲੋਂ ਜਾਰੀ ਇਸ ਚਰਚਾ ਦੀ ਹੀ ਫੂਕ ਕੱਢ ਦਿੱਤੀ ਹੈ। ਜਥੇਦਾਰ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਪ੍ਰਤੀਕ ਹੈ ਤੇ ਡੇਰੇ ਤੋਂ ਮਦਦ ਲੈਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੋਈ ਵੀ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਹੀ ਲਿਆ ਜਾਵੇਗਾ। ਜਿਕਰਯੋਗ ਹੈ ਕਿ ਡੇਰਾ ਸਿਰਸਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਹੁਕਮਨਾਮਾ ਜਾਰੀ ਕਰਕੇ ਡੇਰੇ ਵਾਲਿਆਂ ਨਾਲ ਕੋਈ ਵੀ ਸਬੰਧ ਰੱਖਣ ਜਾਂ ਸਹਾਇਤਾ ਲੈਣ, ਦੇਣ ‘ਤੇ ਰੋਕ ਲਾਈ ਹੋਈ ਹੈ।

 

Check Also

ਪਟਿਆਲਾ ਜੇਲ੍ਹ ‘ਚ ਬੰਦ ਦਲੇਰ ਮਹਿੰਦੀ ਦੀ ਵਿਗੜੀ ਤਬੀਅਤ, ਹਸਪਤਾਲ ਦਾਖ਼ਲ

ਪਟਿਆਲਾ: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ …

Leave a Reply

Your email address will not be published.