ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ ਖੁਰਾਕ ਪਦਾਰਥ

TeamGlobalPunjab
2 Min Read

ਫਤਹਿਗੜ੍ਹ ਸਾਹਿਬ : ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਆਮ ਲੋਕਾਂ ਦੇ ਘਰਾਂ ਤੱਕ ਸਾਰੀਆਂ ਲੋੜੀਂਦੀਆਂ ਵਸਤਾਂ ਪੁੱਜਦੀਆਂ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉੱਥੇ ਹੀ ਲੋੜਵੰਦ ਪਰਿਵਾਰਾਂ ਨੂੰ ਖਾਣ ਪੀਣ ਦਾ ਸਾਮਾਨ ਜਾਂ ਖੁਰਾਕ ਪਦਾਰਥ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਹਰੇਕ ਨਾਗਰਿਕ ਨੂੰ ਜ਼ਰੂਰਤ ਦਾ ਸਮਾਨ ਪਹੁੰਚਾਉਣਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਵੇ।

ਉਨ੍ਹਾਂ ਕਿਹਾ ਕਿ ਲੋਕ  ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਪਾਲਣਾ ਕਰਨ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਚੀਜਾਂ ਦੀ ਸਪਲਾਈ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋੜਵੰਦਾਂ ਤੱਕ ਖਾਣ ਪੀਣ ਦਾ ਸਾਮਾਨ ਅਤੇ ਖੁਰਾਕ ਪਦਾਰਥ ਪੁੱਜਦੇ ਕਰਨ ਵਿੱਚ ਪੁਲੀਸ ਵਿਭਾਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸਿਹਤ ਵਿਭਾਗ ਵੱਲੋਂ  ਜਾਰੀ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਸਮੱਗਰੀ ਲੋੜਵੰਦਾਂ ਤੱਕ ਪੁੱਜਦੀ ਕੀਤੀ ਜਾ ਰਹੀ ਹੈ।

Share this Article
Leave a comment