ਨਿਊਜ਼ ਡੈਸਕ: ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਸੀਤ ਲਹਿਰ (Cold Wave) ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।ਲਗਾਤਾਰ ਦੋ ਦਿਨਾਂ ਲਈ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਜਾਂ ਇਸ ਤੋਂ ਘੱਟ ਜਾਂ ਫਿਰ ਸੀਜ਼ਨ ਦੇ ਆਮ ਨਾਲੋਂ 4.5 ਡਿਗਰੀ ਤਾਪਮਾਨ ਹੇਠਾਂ ਆ ਸਕਦਾ ਹੈ। ਜਦੋਂ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੋਂ ਘੱਟ ਹੁੰਦਾ ਹੈ ਤਾਂ ਸੀਤ ਲਹਿਰ ਵੀ ਘੋਸ਼ਿਤ ਕੀਤੀ ਜਾਂਦੀ ਹੈ।
ਦਰਅਸਲ, ਅਗਲੇ ਇੱਕ ਹਫ਼ਤੇ ਤੱਕ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਕੋਈ ਵੀ ਵੱਡੀ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਅਸਰ ਨਹੀਂ ਪਵੇਗਾ। ਇਸ ਕਾਰਨ ਉੱਤਰ-ਪੱਛਮੀ ਦਿਸ਼ਾ ਤੋਂ ਠੰਡੀਆਂ ਹਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਚੱਲਦੀਆਂ ਰਹਿਣਗੀਆਂ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 2-4 ਦਿਨਾਂ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ।