ਅਮਨ ਅਰੋੜਾ ਨੂੰ ਪੰਜਾਬ ਦੇ ਹਾਲਾਤਾਂ ‘ਤੇ ਆਇਆ ਗੁੱਸਾ! ਉਠਾਏ ਗੰਭੀਰ ਮੁੱਦੇ

TeamGlobalPunjab
2 Min Read

ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਹਰ ਦਿਨ ਕਿਸੇ ਨਾ ਕਿਸੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਖਰੀਆਂ ਖੋਟੀਆਂ ਸੁਣਾਉਂਦੇ ਹੀ ਰਹਿੰਦੇ ਹਨ। ਇਸ ਦੇ ਚਲਦਿਆਂ ਅੱਜ ਅਰੋੜਾ ਨੇ ਆਪਣੀ ਪਾਰਟੀ ਤੋਂ ਬਾਗੀ ਹੋ ਚੁਕੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੇ ਮੁੱਦੇ ‘ਤੇ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸੰਵਿਧਾਨ ਸਭ ਤੋਂ ਉੱਪਰ ਹੈ ਅਤੇ ਸੰਵਿਧਾਨ ਅਨੁਸਾਰ ਹੀ ਵਿਧਾਨ ਸਭਾਵਾਂ ਅਤੇ ਕੰਨਸਟਿਊਸ਼ਨ ਨੂੰ ਚਲਾਉਣਾ ਚਾਹੀਦਾ ਹੈ।

ਅਮਨ ਅਰੋੜਾ ਨੇ ਸੱਤਾਧਾਰੀ ਕਾਂਗਰਸ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਜਿਹੜੇ ਦਲ ਬਦਲੂ ਵਿਧਾਇਕਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਕੋਲ ਹਨ ਉਨ੍ਹਾਂ ਬਾਰੇ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਜ਼ਰ ਸਿੰਘ ਮਾਨਸ਼ਾਹੀਆ ਬਾਰੇ ਬੋਲਦਿਆਂ ਕਿਹਾ ਕਿ ਕੰਨਸਟਿਊਸ਼ਨ ਦੀਆਂ ਧਾਰਾਵਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਬਾਰੇ ਕੋਈ ਫੈਸਲਾ ਲੈਣਾ ਚਾਹੀਦਾ ਹੈ।

ਦੱਸ ਦਈਏ ਕਿ ਅਮਨ ਅਰੋੜਾ ਨੇ ਇਸ ਮੌਕੇ ਬੀਤੀ ਕੱਲ੍ਹ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੇ ਮੁੱਦੇ ਨੂੰ ਵੀ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਸਭ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਹੋਇਆ ਹੈ ਇਸ ਲਈ ਅਜਿਹੇ ਵਿੱਚ ਉਨ੍ਹਾਂ ਦੀ ਦੋਹਰੀ ਜਿੰਮੇਵਾਰੀ ਇਸ ਨੂੰ ਲੈ ਕੇ ਬਣਦੀ ਹੈ। ਅਰੋੜਾ ਨੇ ਕਿਹਾ ਕਿ ਜਿਹੜੇ ਅਧਿਆਪਕ ਦੇਸ਼ ਦਾ ਭਵਿੱਖ ਬਣਾਉਂਦੇ ਹਨ ਅੱਜ ਉਨ੍ਹਾਂ ‘ਤੇ ਹੀ ਲਾਠੀਚਾਰਜ ਹੋ ਰਿਹਾ ਹੈ।

Share this Article
Leave a comment