ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਚੇਅਰਮੈਨ ਨਿਯੁਕਤ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ‘ਤੇ ਪੰਜਾਬ ਦੀ ਕਿਸਾਨੀ ਨਾਲ ਜੁੜਿਆ ਹੋਇਆ ਹੈ ਜਿਸ ਦੇ ਵੱਖ-ਵੱਖ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਲੀਵਾਲ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸਾਨੀ ਸੰਕਟ ਵਿੱਚੋਂ ਉਭਾਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿਛਲੇਂ ਸਮੇਂ ਤੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਨ ਅਤੇ ਨਵੀਨੀਕਰਨ ਲਈ ਉਪਰਾਲੇ ਕਰ ਰਹੇ ਹਨ ਅਤੇ ਆਲੀਵਾਲ ਦੇ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਉਲੀਕੀਆਂ ਯੋਜਨਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ।

ਅਮਰੀਕ ਸਿੰਘ ਆਲੀਵਾਲ ਨੇ ਲੁਧਿਆਣਾ ਜ਼ਿਲੇ ਦੇ ਪਿੰਡ ਆਲੀਵਾਲ ਦੀ ਸਰਪੰਚੀ ਤੋਂ ਸਫਰ ਸ਼ੁਰੂ ਕੀਤਾ ਅਤੇ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਹੇ। ਉਹ ਪੰਜਾਬ ਐਗਰੋ ਦੇ ਵੀ ਚੇਅਰਮੈਨ ਰਹੇ ਹਨ। ਆਲੀਵਾਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

Share this Article
Leave a comment