ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਮੂਹ ਧਰਮਾਂ ਦੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਾਖਲ ਹੋ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਿਛਲੇ ਕੁਝ ਸਾਲਾਂ ਤੋਂ ਅਕਸਰ ਦੇਖਣ ਨੂੰ ਮਿਲ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਕਾਂਗਰਸ ਸਰਕਾਰ ਦਾ ਅਰਾਜਕਤਾ ਦਾ ਚਿਹਰਾ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਆ ਗਿਆ ਹੈ। ਹਾਲਾਂਕਿ ਸਰਕਾਰ ਪਿਛਲੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਅਸਫਲ ਰਹੀ ਹੈ।
ਭਾਰਤੀ ਜਨਤਾ ਪਾਰਟੀ ਪੁਰਜ਼ੋਰ ਮੰਗ ਕਰਦੀ ਹੈ ਕਿ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੀ ਤਹਿ ਤੱਕ ਜਾ ਕੇ ਇਨ੍ਹਾਂ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਜਿਹੀ ਅਣਸੁਖਾਵੀਂ ਘਟਨਾ ਨੂੰ ਦੋਬਾਰਾ ਅੰਜਾਮ ਨਾ ਦੇਵੇ।