ਪਟਿਆਲਾ : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਸੱਤਾਧਾਰੀ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਂਦੇ ਹਨ। ਜਿਸ ਦੇ ਚਲਦਿਆਂ ਅੱਜ ਇਨ੍ਹਾਂ ਦਾ ਇਹ ਪ੍ਰਦਰਸ਼ਨ ਮੋਤੀ ਬਾਗ ਤੱਕ ਪਹੁੰਚ ਗਿਆ ਹੈ। ਜੀ ਹਾ ਪ੍ਰਦਰਸ਼ਨਕਾਰੀਆਂ ਨੇ ਮੋਤੀ ਬਾਗ ਦੇ ਬਾਹਰ ਦੱਬ ਕੇ ਨਾਅਰੇਬਾਜੀ ਕੀਤੀ ਅਤੇ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੁੱਕ ਕੇ ਭਜਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।
ਇਸ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆਂ ਇਕ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਕੋਈ ਸੌ ਦੇ ਕਰੀਬ ਮੀਟਿੰਗ ਕਰ ਲਈ ਹੈ। ਉਨ੍ਹਾਂ ਦੋਸ਼ ਲਾਇਆ ਇਸ ਦੌਰਾਨ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ਕਿ ਅੱਜ ਪੰਜਾਬ ਦੀ ਜਵਾਨੀ ਸੜਕਾਂ ‘ਤੇ ਰੁਲ ਰਹੀ ਹੈ। ਪ੍ਰਦਰਸ਼ਨ ਕਰ ਰਹੀ ਮਹਿਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਣੀ ਪ੍ਰਨੀਤ ਕੌਰ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਦਰਸ਼ਨ ਵਿੱਚ ਵਾਅਦਾ ਕੀਤਾ ਸੀ ਕਿ ਉਹ ਚੋਣਾਂ ਤੋਂ ਬਾਅਦ ਉਨ੍ਹਾਂ ਲਈ ਪੋਸਟਾਂ ਕੱਢਣਗੇ ਪਰ ਉਹ ਸਭ ਝੂਠੇ ਲਾਰੇ ਸਨ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਬਰਕਰਾਰ ਰਹੇਗਾ ਅਤੇ ਹੋ ਸਕਦਾ ਹੈ ਕਿ ਉਹ ਮੋਤੀ ਬਾਗ ਦੇ ਅੰਦਰ ਵੀ ਪ੍ਰਦਰਸ਼ਨ ਕਰਨ ਲਈ ਜਾਣ। ਉਨ੍ਹਾਂ ਕਿਹਾ ਕਿ ਉਹ ਆਪਣੀ ਯੋਗਤਾ ਅਨੁਸਾਰ ਹੀ ਰੁਜ਼ਗਾਰ ਮੰਗ ਰਹੇ ਹਨ ਕੋਈ ਭੀਖ ਨਹੀਂ ਮੰਗ ਰਹੇ।