ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਘਟੀਆਂ ਕੀਮਤਾਂ ਅਨੁਸਾਰ ਡੀਜ਼ਲ-ਪੈਟਰੋਲ ਸਸਤਾ ਕਰੇ ਮੋਦੀ ਸਰਕਾਰ- ਹਰਪਾਲ ਸਿੰਘ ਚੀਮਾ

TeamGlobalPunjab
4 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਉਂਦੇ ਹੋਏ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ 35 ਤੋਂ 40 ਪ੍ਰਤੀਸ਼ਤ ਤੱਕ ਘਟੀਆਂ ਕੀਮਤਾਂ ਅਨੁਸਾਰ ਦੇਸ਼ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਵੇ ਅਤੇ ਲੋਕਾਂ ਨੂੰ ਰਾਹਤ ਦੇਣ।

‘ਆਪ’ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੁੱਖ ਬੁਲਾਰਾ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੋਲ ਦੇਸ਼ ਦੀ ਜਨਤਾ ਨੂੰ ਮਹਿੰਗਾਈ ਤੋਂ ਨਿਜਾਤ ਦਿਵਾਉਣ ਦੀ ਨਾ ਨੀਅਤ ਹੈ ਅਤੇ ਨਾ ਹੀ ਲੋਕ ਪੱਖੀ ਨੀਤੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤਾਂ ਵਧਣ ਦੇ ਬਹਾਨੇ ਨਾਲ ਦੇਸ਼ ‘ਚ ਰਾਤੋ-ਰਾਤ ਡੀਜ਼ਲ-ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਧਾ ਦਿੱਤੀਆਂ ਜਾਂਦੀਆਂ ਹਨ ਤਾਂ ਕੱਚੇ ਤੇਲ ਦੀਆਂ ਕੀਮਤਾਂ ਘਟਣ ‘ਤੇ ਦੇਸ਼ ਦੇ ਖਪਤਕਾਰਾਂ ਲਈ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਈਆਂ ਕਿਉਂ ਨਹੀਂ ਜਾ ਰਹੀਆਂ? ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸਰਕਾਰ ਵੱਲੋਂ ਹੀ ਦੇਸ਼ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਅਤੇ ਕਿਹਾ ਕਿ ਮੋਦੀ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਦੀ ਗੋਦੀ ‘ਚ ਬੈਠੀ ਹੈ, ਜੋ ਡੀਜ਼ਲ, ਪੈਟਰੋਲ ਅਤੇ ਗੈਸ ਆਦਿ ਰਾਹੀਂ ਪ੍ਰਤੀ ਦਿਨ ਕਰੋੜਾਂ ਰੁਪਏ ਲੋਕਾਂ ਦੀਆਂ ਜੇਬਾਂ ‘ਚੋਂ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਕੱਚੇ ਤੇਲ ਦੀਆਂ ਕੀਮਤਾਂ 16 ਸਾਲਾਂ ‘ਚ ਸਭ ਤੋਂ ਥੱਲੇ ਡਿੱਗੀਆਂ ਹੋਈਆਂ ਹਨ।

ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਉੱਚੀਆਂ ਕੀਮਤਾਂ ਨੇ ਅੱਜ ਕਿਸਾਨ, ਮਜ਼ਦੂਰ, ਦੁਕਾਨਦਾਰ, ਕਾਰੋਬਾਰੀ, ਟਰਾਂਸਪੋਰਟ, ਮੁਲਾਜ਼ਮ ਸਮੇਤ ਹਰੇਕ ਵਰਗ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੋਇਆ ਹੈ, ਪਰੰਤੂ ਮੋਦੀ ਸਰਕਾਰ ਨੂੰ ਲੋਕਾਂ ਦੀ ਥਾਂ ਤੇਲ ਕੰਪਨੀਆਂ ਦੀ ਫ਼ਿਕਰ ਵੱਧ ਹੈ।

- Advertisement -

ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਕਿਹਾ ਕਿ 2004 ‘ਚ ਪੈਟਰੋਲ 37.84 ਰੁਪਏ, ਡੀਜ਼ਲ 26.28 ਰੁਪਏ ਪ੍ਰਤੀ ਲੀਟਰ ਅਤੇ ਰਸੋਈ ਗੈਸ ਪ੍ਰਤੀ ਸਿਲੰਡਰ 281.60 ਪੈਸੇ ਸੀ। ਮੋਦੀ ਸਰਕਾਰ ਇਸ ਹਿਸਾਬ ਨਾਲ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ 30 ਤੋਂ 40 ਪ੍ਰਤੀਸ਼ਤ ਕਮੀ ਕਰਨ ਦਾ ਫ਼ੈਸਲਾ ਤੁਰੰਤ ਲੈਣਾ ਚਾਹੀਦਾ ਹੈ।

‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ‘ਚ ਘਾਟੇ ਦੇ ਮੁਕਾਬਲੇ ਮੋਦੀ ਸਰਕਾਰ ਨੇ ਪੈਟਰੋਲ ਪ੍ਰਤੀ ਲੀਟਰ 2.69 ਰੁਪਏ ਅਤੇ ਡੀਜ਼ਲ ਪ੍ਰਤੀ ਲੀਟਰ 2.33 ਰੁਪਏ ਘਟਾ ਕੇ ਦੇਸ਼ ਦੀ ਜਨਤਾ ਨਾਲ ਕੋਝਾ ਮਜ਼ਾਕ ਕੀਤਾ ਹੈ।

‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਨਾਲ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਦੇ ਹਵਾਲੇ ਨਾਲ ਬਾਦਲ ਪਰਿਵਾਰ ਨੂੰ ਵੀ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਬਾਦਲ ਅਜਿਹੇ ਲੋਕ ਹਿਤੈਸ਼ੀ ਮੁੱਦੇ ‘ਤੇ ਚੁੱਪ ਕਿਉਂ ਹਨ? ਜਦਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪਣੇ ਆਗੂਆਂ ਨੂੰ ਨਾਲ ਲੈ ਕੇ ਮੋਦੀ ਸਰਕਾਰ ‘ਤੇ ਆਸਾਨੀ ਨਾਲ ਦਬਾਅ ਬਣਾ ਸਕਦੇ ਹਨ, ਪਰੰਤੂ ਅਜਿਹਾ ਦਬਾਅ ਤਾਂ ਹੀ ਸੰਭਵ ਹੈ ਜੇਕਰ ਬਾਦਲਾਂ ‘ਚ ਹਰਸਿਮਰਤ ਕੌਰ ਦੀ ਕੁਰਸੀ ਕੁਰਬਾਨ ਕਰਨ ਦਾ ਜਿਗਰਾ ਹੋਵੇ, ਜੋ ਕਿ ਨਹੀਂ ਹੈ।

Share this Article
Leave a comment