ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਆਰਾ ਪਾਸ ਕੀਤੇ ਜਾਣ ਤੋਂ ਬਾਅਦ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸੋਮਵਾਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਖੇਤੀਬਾੜੀ ਕਾਨੂੰਨ ਰੱਦ ਬਿੱਲ-2021 ਲੋਕ ਸਭਾ ਵਿੱਚ ਵਿਚਾਰ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਹੈ। ਬਿੱਲ ਨੂੰ ਰਾਜ ਸਭਾ ’ਚ ਸਪਲੀਮੈਂਟਰੀ ਏਜੰਡੇ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।ਇਸ ਬਿੱਲ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਖ਼ਿਲਾਫ਼ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਸੰਸਦ ਦਾ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਕੇ 23 ਦਸੰਬਰ ਤੱਕ ਜਾਰੀ ਰਹੇਗਾ। ਸਰਕਾਰ ਵੱਲੋਂ ਇਜਲਾਸ ਦੌਰਾਨ 26 ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ’ਚ ਕਿ੍ਰਪਟੋਕਰੰਸੀ ’ਤੇ ਪਾਬੰਦੀ ਲਾਉਣ ਵਾਲਾ ਬਿੱਲ ਵੀ ਸ਼ਾਮਲ ਹੈ।
ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਵਿਰੋਧੀ ਧਿਰ ਨੇ ਇਸ ਵਾਰ ਵੀ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਵੀ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ ਅਤੇ ਆਮ ਆਦਮੀ ਪਾਰਟੀ (ਆਪ) ਨੇ ਵਾਕਆਊਟ ਕਰ ਦਿੱਤਾ।