ਨਿਊਜ਼ ਡੈਸਕ: ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਵਰਕਰਾਂ ਵਲੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸਫ਼ਰ ਕਰਨ ਲਈ ਭਾਰੀ ਤਕਲੀਫਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਾਲਾਂ ਤੋਂ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪਨਬੱਸ ਦੇ ਠੇਕੇ ‘ਤੇ ਨੌਕਰੀ ਕਰਨ ਵਾਲੇ ਮੁਲਾਜ਼ਮ ਪੱਕੀ ਨੌਕਰੀ ਨੂੰ ਲੈ ਕੇ ਹੜਤਾਲ ‘ਤੇ ਹਨ। ਉਨ੍ਹਾਂ ਦੀ ਹੜਤਾਲ ਤੋਂ ਬਾਅਦ 80 ਫੀਸਦੀ ਸਰਕਾਰੀ ਬਸਾਂ ਨਹੀਂ ਚੱਲਣਗੀਆਂ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਅੱਜ ਪੰਜਾਬ ਦੇ 27 ਬੱਸ ਅੱਡਿਆਂ ਤੋਂ ਬੱਸਾਂ ਨਹੀਂ ਚੱਲਣਗੀਆਂ, ਇਹ ਰਾਤ 12 ਵਜੇ ਬੰਦ ਕਰ ਦਿੱਤੀਆਂ ਗਈਆਂ ਸਨ। ਅੱਜ ਪੰਜਾਬ ਹੀ ਨਹੀਂ ਬਲਕਿ ਪੰਜਾਬ ਤੋਂ ਬਾਹਰ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਰੋਡਵੇਜ਼ ਪਨ ਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਜਥੇਬੰਦੀ ਦੇ ਆਗੂ ਕਮਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪਿਛਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤਾ ਜਾ ਰਿਹਾ। ਮਹਿਕਮੇ ਦੇ ਅਧਿਕਾਰੀਆਂ ਨੂੰ ਨੋਟਿਸ ਭੇਜਣ ਦੇ ਬਾਵਜੂਦ ਹੁਣ ਤੱਕ ਮਸਲੇ ਦੇ ਹੱਲ ਲਈ ਨਹੀਂ ਬੁਲਾਇਆ, ਜਿਸ ਕਰਕੇ ਹੁਣ ਸਖ਼ਤ ਐਕਸ਼ਨ ਲੈਂਦਿਆਂ ਹੋਇਆਂ ਅਣਮਿੱਥੇ ਸਮੇਂ ਦੀ ਹੜਤਾਲ ਵਰਗਾ ਸਖ਼ਤ ਫੈਸਲਾ ਉਲੀਕਿਆ ਗਿਆ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਭਲਕੇ 8 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਸਣੇ ਨਵਾਂ ਅੰਦੋਲਨ ਆਰੰਭ ਕਰਨ ਦਾ ਫੈਸਲਾ ਕੀਤਾ ਜਾਵੇਗਾ।ਸਰਕਾਰੀ ਬੱਸਾਂ ਦੇ ਮੁਲਾਜ਼ਮ ਹੜਤਾਲ ’ਤੇ ਰਹਿੰਦੇ ਹੋਏ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਹਨ, ਇਸ ਤੋਂ ਪਹਿਲਾਂ 27 ਡਿਪੂਆਂ ‘ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਸ ਤੋਂ ਬਾਅਦ ਉਹ ਅਗਲੇ ਸੰਘਰਸ਼ ਲਈ ਰੂਪ-ਰੇਖਾ ਤਿਆਰ ਕਰਨਗੇ।