ਆਹ ਪੜ੍ਹੋ ! ਰੱਬ ਵੀ ਨਹੀਂ ਚਾਹੁੰਦਾ ਕਿ ਭਾਰਤ ਪਾਕਿਸਤਾਨ ਦੀ ਜੰਗ ਹੋਵੇ

Prabhjot Kaur
4 Min Read

ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਇਸ ਵੇਲੇ ਜੰਗ ਦੇ ਬਿਲਕੁਲ ਦਰਵਾਜ਼ੇ ਤੇ ਖੜ੍ਹੇ ਹਨ ਤੇ ਇੱਕ ਇੱਕ ਵਾਰ ਦੋਵੇਂ ਦੇਸ਼ ਇੱਕ ਦੂਜੇ ਤੇ ਹਵਾਈ ਹਮਲੇ ਵੀ ਕਰ ਚੁੱਕੇ ਹਨ। ਇਸ ਦੌਰਾਨ ਭਾਰਤ ਦਾ ਇੱਕ ਪਾਇਲਟ ਵੀ ਪਾਕਿਸਤਾਨ ਦੇ ਕਬਜ਼ੇ ਵਿੱਚ ਆ ਗਿਆ ਹੈ, ਪਰ ਇਸ ਦੇ ਬਾਵਜੂਦ ਦੋਵਾਂ ਦੇਸ਼ਾਂ ਦੀ ਜਨਤਾ  ਪ੍ਰਮਾਤਮਾਂ ਅੱਗੇ ਜੰਗ ਨਾ ਹੋਣ ਦੀਆਂ ਅਰਦਾਸਾਂ ਕਰ ਰਹੀਆਂ ਹਨ। ਇਸੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਜਿਉਂ ਹੀ ਹੁਕਮਨਾਮਾ ਜ਼ਾਰੀ ਹੋਇਆ ਉਸ ਦੇ ਭਾਵ ਅਰਥ ਪੜ੍ਹ ਕੇ ਸਾਰੀ ਸੰਗਤ ਦੀਆਂ ਅੱਖਾਂ ਅਕਾਲ ਪੁਰਖ ਦਾ ਕੋਟਾਨ ਕੋਟ ਸ਼ੁਕਰਾਨਾਂ ਕਰਦਿਆਂ ਭਰ ਆਈਆਂ। ਸੰਗਤ ਦਾ ਇਹ ਮੰਨਣਾ ਹੈ ਕਿ ਅੱਜ ਗੁਰੂ ਸਾਹਿਬ ਨੇ ਇਹ ਹੁਕਮਨਾਮਾ ਜ਼ਾਰੀ ਕਰਕੇ ਭਾਰਤ ਪਾਕਿ ਦੀ ਜੰਗ ਨੂੰ ਸ਼ਾਂਤੀ ਵਿੱਚ ਤਬਦੀਲ ਕਰ ਦਿੱਤਾ ਹੈ।

ਅੱਜ ਦਾ ਇਹ ਹੁਕਮਨਾਮਾ ਨੂੰ ਕੁਝ ਇਸ ਤਰ੍ਹਾਂ ਹੈ ਅੰਗ –  ੬੭੮ (678)*ਧਨਾਸਰੀ ਮਹਲਾ ੫ ॥*ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥* 

ਜਿਸ ਦਾ ਅਰਥ ਹੈ : (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

- Advertisement -

ਇਸ ਹੁਕਮਨਾਮੇ ਦੇ ਭਾਵ ਅਰਥ ਪੜ੍ਹਨ ਤੋਂ ਬਾਅਦ ਅਕਾਲ ਪੁਰਖ ਵਿੱਚ ਪੂਰਨ ਵਿਸ਼ਵਾਸ ਰੱਖਣ ਵਾਲੀ ਸੰਗਤ ਇਹ ਦਾਅਵਾ ਕਰ ਰਹੀ ਹੈ ਕਿ ਅਕਾਲ ਪੁਰਖ ਦਾ ਹੀ ਹੁਕਮ ਹੋਇਆ ਹੈ ਕਿ ਉਸ ਨੇ ਦੁਸ਼ਮਣ ਦੇ ਕਬਜ਼ੇ ਵਿੱਚ ਆਏ ਸਾਡੇ ਪਾਇਲਟ ਨੂੰ ਵੀ ਸੁਰੱਖਿਅਤ ਵਾਪਸ ਭੇਜ ਦਿੱਤਾ ਹੈ। ਇਹ ਅਕਾਲ ਪੁਰਖ ਦਾ ਹੀ ਹੁਕਮ ਹੈ ਕਿ ਪ੍ਰਮਾਣੂ ਸ਼ਕਤੀ ਹਾਸਲ ਦੋਵੇਂ ਦੇਸ਼ ਇੱਕ ਦੂਜ਼ੇ ਤੇ ਹਵਾਈ ਹਮਲੇ ਕੀਤੇ ਜਾਣ ਦੇ ਬਾਵਜੂਦ ਸ਼ਾਂਤ ਹੋ ਕੇ ਬੈਠ ਗਏ ਹਨ ਤੇ ਇਹ ਅਕਾਲ ਪੁਰਖ ਦਾ ਹੀ ਹੁਕਮ ਹੈ ਕਿ ਸ਼ਾਂਤੀ ਦੀ ਇਹ ਪਹਿਲ ਕਈ ਨਵੇਂ ਰਸਤੇ ਖੋਲ੍ਹ ਸਕਦੀ ਹੈ।

 

 

 

Share this Article
Leave a comment