ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਮੂਹਰੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ : ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅੱਜ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿੱਚ ਕੀਤੇ ਗਏ ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ। ਮੌਜੂਦਾ ਬਜਟ ਨੂੰ ਝੂਠ ਦਾ ਪਲੰਦਾ ਅਤੇ ਖੋਖਲਾ ਦੱਸਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੇ ਸਾਰੇ ਵਰਗਾਂ ਨੂੰ ਸਿਰਫ਼ ਲੋਲੀਪੋਪ ਦਿੱਤੇ ਗਏ ਹਨ ਅਤੇ ਕਿਸੇ ਵੀ ਵਰਗ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ। ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਮੁਆਵਜ਼ੇ ਦਾ ਇਸ ਬਜਟ ਵਿੱਚ ਕੋਈ ਜ਼ਿਕਰ ਨਹੀਂ ਹੈ। ਗੰਨਾ ਕਾਸ਼ਤਕਾਰਾਂ ਲਈ ਸਿਰਫ਼ 100 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ ਜੋ ਕਿ ਸਿਰਫ਼ ਇੱਕ ਲੋਲੀਪੋਪ ਵਾਂਗ ਹੈ, ਜਦਕਿ ਪਿਛਲੇ ਬਜਟ ਵਿੱਚ ਇਹ ਰਕਮ 355 ਕਰੋੜ ਰੁਪਏ ਸੀ। ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਬਾਰੇ ਇਸ ਬਜਟ ਵਿੱਚ ਕੋਈ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਤੋਂ ਮੁਨਕਰ ਹੋ ਚੁੱਕੀ ਹੈ।
ਵਿਧਾਇਕ ਅਮਨ ਅਰੋੜਾ ਨੇ ਹੱਥ ਵਿੱਚ ਲੋਲੀਪੋਪ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਬੇਰੁਜ਼ਗਾਰੀ ਭੱਤਾ ਦੇਣ ਤੋਂ ਮੁਨਕਰ ਹੋ ਚੁੱਕੀ ਹੈ। ਪਬਲਿਕ ਟਰਾਂਸਪੋਰਟ ਨੂੰ ਉੱਪਰ ਚੁੱਕਣ ਲਈ ਇਸ ਬਜਟ ਵਿੱਚ ਕਿਸੇ ਪੈਸੇ ਦਾ ਪ੍ਰਬੰਧ ਨਹੀਂ ਕੀਤਾ ਗਿਆ। ਜਿਸ ਤੋ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਮਾਫ਼ੀਆ ਦੀ ਮਦਦ ਕਰ ਰਹੀ ਹੈ। ਉਦਯੋਗਾਂ ਲਈ ਸਸਤੀ ਬਿਜਲੀ ਦੇਣ ਲਈ ਇਸ ਬਜਟ ਵਿੱਚ ਕੋਈ ਜ਼ਿਕਰ ਨਹੀਂ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਸ ਸਮੇਂ ਕਾਂਗਰਸ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਬਾਹਰ ਲੋਲੀਪੋਪ ਵੰਡ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਸਮੇਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਬੀਬੀ ਸਰਵਜੀਤ ਕੌਰ ਮਾਣੁੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਸਿਆਸੀ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਬੁਲਾਰੇ ਨਵਦੀਪ ਸਿੰਘ ਸੰਘਾ, ਗੋਵਿੰਦਰ ਮਿੱਤਲ, ਨੀਲ ਗਰਗ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਹਾਜ਼ਰ ਸਨ।