ਕਾਂਗਰਸ ਸਰਕਾਰ ਸ਼ਰਾਬ ਦੇ ਠੇਕੇਦਾਰਾਂ ਤੋਂ ਬਾਅਦ ਹੁਣ ਰੇਤ ਮਾਫੀਆ ਪ੍ਰਤੀ ਦਿਆਲ ਹੋ ਰਹੀ ਹੈ: ਅਕਾਲੀ ਦਲ

TeamGlobalPunjab
3 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸੀਆਂ ਦੀ ਨਮਾਇਦਗੀ ਵਾਲੇ ਸ਼ਰਾਬ ਦੇ ਠੇਕੇਦਾਰਾਂ ਉੱਤੇ ਨਿਹਾਲ ਹੋਣ ਮਗਰੋਂ ਪੰਜਾਬ ਸਰਕਾਰ ਨੇ ਹੁਣ ਰੇਤ ਮਾਫੀਆ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਖਣਿਜ ਸਰੋਤਾਂ ਨੂੰ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਦੂਜੇ ਪਾਸੇ ਸਰਕਾਰ ਨੇ ਕੋਵਿਡ-19 ਕਰਕੇ ਮੁਸ਼ਕਿਲ ਹਾਲਾਤ ਵਿਚੋਂ ਲੰਘ ਰਹੇ ਗਰੀਬਾਂ, ਲੋੜਵੰਦਾਂ ਅਤੇ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਪੱਸ਼ਟ ਹੈ ਕਿ ਕਾਂਗਰਸ ਸਰਕਾਰ ਆਬਕਾਰੀ ਆਮਦਨ ਵਿੱਚ ਪਏ 5600 ਕਰੋੜ ਰੁਪਏ ਦੇ ਘਾਟੇ ਤੋਂ ਖੁਸ਼ ਨਹੀਂ ਹੈ। ਇਸ ਦੇ ਬਾਵਜੂਦ  ਕਰਫਿਊ ਦੌਰਾਨ ਸ਼ਰਾਬ ਦੀ ਵਿਕਰੀ ਨਾ ਹੋਣ ਕਰਕੇ ਠੇਕੇਦਾਰਾਂ ਨੂੰ 676 ਕਰੋੜ ਦੀ ਰਾਸ਼ੀ ਦੇ ਦਿੱਤੀ ਗਈ ਹੈ ਜਦਕਿ ਠੇਕੇਦਾਰਾਂ ਵੱਲੋਂ ਕਰਫਿਊ ਦੌਰਾਨ ਕੀਤੀ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਵੇਖਦਿਆਂ ਇਹ ਗੱਲ ਸਹੀ ਨਹੀਂ ਸੀ ਕਿ ਉਹਨਾਂ ਦੀ ਸ਼ਰਾਬ ਨਹੀਂ ਵਿਕੀ।  ਉਹਨਾਂ ਕਿਹਾ ਕਿ ਹੁਣ ਕਾਗਰਸ ਸਰਕਾਰ ਨੇ ਨੀਲਾਮੀ ਦੇ ਭਾਅ 80ਫੀਸਦੀ ਘਟਾ ਕੇ ਸੂਬੇ ਅੰਦਰ ਰੇਤ ਮਾਫੀਆ ਕੁਦਰਤੀ ਸਰੋਤ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਰੇਤ ਮਾਫੀਆ ਵੱਲੋਂ ਕਰਫਿਊ ਦੌਰਾਨ  ਅਤੇ ਉਸ ਤੋਂ ਪਹਿਲਾਂ ਵੀ ਬਿਨਾਂ ਮਨਜ਼ੂਰੀ ਲਏ ਰੇਤਾ ਬਜਰੀ ਦੀ ਖੁਦਾਈ ਲਗਾਤਾਰ ਜਾਰੀ ਰੱਖੀ ਹੈ, ਸਰਕਾਰ ਵੱਲੋਂ ਉਹਨਾਂ ਉੱਤੇ ਇਹ ਮਿਹਰਬਾਨੀ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਮਾਈਨਿੰਗ ਵਿਭਾਗ ਵੱਲੋਂ ਜਾਰੀ ਕੀਤੀ ਇੱਕ ਚਿੱਠੀ ਨੂੰ ਜਨਤਕ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ 12 ਮਈ ਨੂੰ ਜਾਰੀ ਕੀਤੀ ਇਸ ਚਿੱਠੀ ਵਿਚ  ਸੂਬੇ ਨੂੰ ਪ੍ਰਤੀ ਮਹੀਨਾ ਹੋਣ ਵਾਲੀ ਉਗਰਾਹੀ 26 ਕਰੋੜ ਰੁਪਏ ਤੋਂ ਘਟਾ ਕੇ 4æ85 ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਦੋ ਮਹੀਨੇ ਦੀਆਂ ਸਾਰੀਆਂ ਕਿਸ਼ਤਾਂ ਮੁਆਫ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਸਾਲ ਜੁਲਾਈ ਵਿਚ 306 ਕਰੋੜ ਰੁਪਏ ਵਿਚ ਨੀਲਾਮ ਕੀਤੀਆਂ ਰੇਤੇ ਦੀਆਂ ਖੱਡਾਂ ਤੋਂ ਸਰਕਾਰ ਇੱਕ ਪੈਸਾ ਵੀ ਨਹੀਂ ਵਸੂਲ ਪਾਈ ਹੈ, ਇਸ ਦੇ ਬਾਵਜੂਦ ਰੇਤ ਮਾਫੀਆ ਨੂੰ ਇਹ ਛੋਟ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ 2018-19 ਵਿਚ ਵੀ ਸਰਕਾਰ ਦਾ ਰਿਕਾਰਡ ਮਾੜਾ ਹੀ ਰਿਹਾ ਸੀ, ਜਦੋਂ ਇਸ ਨੇ ਰੇਤੇ ਦੀਆਂ ਖੱਡਾਂ ਤੋਂ 1200 ਕਰੋੜ ਰੁਪਏ ਦੀ ਉਗਰਾਹੀ ਦਾ ਵਾਅਦਾ ਕੀਤਾ ਸੀ ਅਤੇ ਸਿਰਫ 38 ਕਰੋੜ ਰੁਪਏ ਦੀ ਵਸੂਲੀ ਕੀਤੀ ਸੀ।

Share this Article
Leave a comment