ਕਾਮੇਡੀਅਨ ਭਾਰਤੀ ਸਿੰਘ ਨੂੰ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ

TeamGlobalPunjab
2 Min Read

ਚੰਡੀਗੜ੍ਹ: ਕਾਮੇਡੀਅਨ ਭਾਰਤੀ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਸਾਈ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਦਰਜ ਐਫਆਈਆਰ ਦੇ ਖਿਲਾਫ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਤਮ ਕਰਨ ਤੇ ਪੰਜਾਬ ਪੁਲਿਸ ਦੀ ਜਾਂਚ ‘ਤੇ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ। ਪਟੀਸ਼ਨ ‘ਚ ਭਾਰਤੀ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਈਪੀਸੀ ਦੀ ਧਾਰਾ 295-ਏ ਤਹਿਤ ਕੋਈ ਜੁਰਮ ਨਹੀਂ ਕੀਤਾ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ 25 ਮਾਰਚ ਤੱਕ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਰਵੀਨਾ ਟੰਡਨ ਤੇ ਫਰਾਹ ਖਾਨ ਨੂੰ ਹਾਈਕੋਰਟ ਤੋਂ ਪਹਿਲਾਂ ਹੀ ਰਾਹਤ ਮਿਲ ਚੁੱਕੀ ਹੈ। ਹਾਈਕੋਰਟ ਨੇ ਰਵੀਨਾ ਟੰਡਨ ਤੇ ਫਰਾਹ ਖਾਨ ਦੀਆਂ ਪਟੀਸ਼ਨਾਂ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ 23 ਮਾਰਚ ਤੱਕ ਦੋਵਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਹੈ।

ਦੱਸ ਦਈਏ ਕਿ ਇੱਕ ਟੀਵੀ ਸ਼ੋਅ ‘ਚ ਕੀਤੀ ਗਈ ਟਿੱਪਣੀ ਨੂੰ ਲੈ ਕੇ ਅਮ੍ਰਿਤਸਰ ਦੇ ਅਜਨਾਲਾ ਪੁਲਿਸ ਥਾਣੇ ‘ਚ 25 ਦਸੰਬਰ 2019 ਨੂੰ ਫਰਾਹ ਖਾਨ, ਰਵੀਨਾ ਟੰਡਨ ਤੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਐਫਆਈਆਰ ਦਰਜ ਕਰਾਈ ਗਈ ਸੀ। ਇਸਾਈ ਸੰਗਠਨਾਂ ਵੱਲੋਂ ਉਨ੍ਹਾਂ ‘ਤੇ ਇੱਕ ਟੀਵੀ ਸ਼ੋਅ ‘ਚ ਪਵਿੱਤਰ ਬਾਈਬਲ ਦੇ ਸ਼ਬਦ ਨੂੰ ਲੈ ਕੇ ਗਲਤ ਟਿੱਪਣੀ ਕਰਨ ਦਾ ਦੋਸ਼ ਲਗਾਇਆ ਸੀ। ਇਨ੍ਹਾਂ ਸੰਗਠਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵੱਲੋਂ ਇਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।

- Advertisement -

Share this Article
Leave a comment