ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਜਿੱਥੇ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੋਹਰੀ ਰਾਜਨੀਤੀ ਖੇਡ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਰਾਹੀਂ ਬਿਆਨ ਜਾਰੀ ਕਰਦਿਆਂ ਕੀਤਾ।
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਹੈ ਪਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਹੀ ਦਿੱਲੀ ਦੀ ਵਿਧਾਨ ਸਭਾ ਦੇ ਵਿੱਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹਾਲੇ ਤਕ ਰੱਦ ਨਹੀਂ ਕੀਤਾ ਜਦ ਕਿ ਆਪਣੇ ਆਪ ਨੂੰ ਕਿਸਾਨਾਂ ਦਾ ਮਸੀਹਾ ਦੱਸਣ ਵਾਲੀ ਆਮ ਆਦਮੀ ਪਾਰਟੀ ਨੇ ਇਸ ਮਹੀਨੇ ਦੀ 23 ਨਵੰਬਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਦਿੱਲੀ ਵਿੱਚ ਨੋਟੀਫਾਈ ਕਰਕੇ ਕਿਸਾਨਾਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ।
ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਨੋਰਥ ਸਿਰਫ਼ ਪੰਜਾਬ ਦੇ ਇਲੈਕਸ਼ਨ ਹਨ। ਬਰਿੰਦਰ ਢਿਲੋਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਸਹੂਲਤਾਂ ਦੇ ਨਾਮ ਤੇ ਗੁੰਮਰਾਹਕੁਨ ਪ੍ਰਚਾਰ ਕਰ ਰਹੀ ਹੈ ਜਦ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਬੀਜੇਪੀ ਅਤੇ ਆਰਐੱਸਐੱਸ ਦੇ ਇਸ਼ਾਰਿਆਂ ਉੱਤੇ ਕੰਮ ਕਰ ਰਹੀ ਹੈ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਸਵਾਲ ਕਰਦਿਆਂ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਰ ਮੌਕੇ ਉੱਤੇ ਪ੍ਰੈੱਸ ਕਾਨਫ਼ਰੰਸ ਕਰਨ ਵਾਲੇ ਇਨ੍ਹਾਂ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅੱਜ ਪਾਰਟੀ ਦੀ ਹਾਈ ਖ਼ਿਲਾਫ਼ ਕਮਾਂਡ ਦੇ ਖ਼ਿਲਾਫ਼ ਚੁੱਪ ਕਿਉਂ ਹਨ। ਇਨ੍ਹਾਂ ਦੀ ਚੁੱਪੀ ਤੋਂ ਸਪਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੋਹਰੇ ਮਾਪਦੰਡ ਅਪਣਾ ਰਹੀ ਹੈ।