ਕਿਸਾਨਾਂ ਤੇ ਅੰਧਾਧੁੰਦ ਲਾਠੀਚਾਰਜ ਦੀ ਸਖ਼ਤ ਨਿਖੇਧੀ

TeamGlobalPunjab
1 Min Read

ਚੰਡੀਗੜ੍ਹ :ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਹਰਿਆਣਾ ਪੁਲਿਸ ਵਲੋਂ ਕਰਨਾਲ ਵਿੱਚ ਕਿਸਾਨਾਂ ‘ਤੇ ਵਾਰ-ਵਾਰ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਅਫਸਰਾਂ ਵਿਰੁੱਧ ਫੌਰੀ ਕਾਰਵਾਈ ਕੀਤੀ ਜਾਵੇ।

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਪ੍ਰੀਤਮ ਸਿੰਘ ਰੁਪਾਲ ਨੇ ਕਿਹਾ ਕਿ ਪੁਲਿਸ ਨੇ ਬਿਨਾਂ ਕਿਸੇ ਭੜਕਾਹਟ ਦੇ ਕਿਸਾਨਾਂ ਤੇ ਬੇਤਹਾਸ਼ਾ ਲਾਠੀਚਾਰਜ ਕੀਤਾ । ਜਿਸ ਵਿਚ ਅਨੇਕਾਂ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਿਰ ਭੰਨਣ ਲਈ ਬਕਾਇਦਾ ਇਕ ਸਿਵਲ ਅਧਿਕਾਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਸਪੱਸ਼ਟ ਹੈ ਕਿ ਹਰਿਆਣਾ ਦੀ ਭਾਜਪਾ ਤੇ ਜੇਜੇਪੀ ਸਰਕਾਰ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਰਾਹ ਤੁਰ ਪਈ ਹੈ।

ਇਸ ਘਟਨਾਕ੍ਰਮ ਮਾੜੇ ਨਤੀਜੇ ਨਿਕਲਣਗੇ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਕਿਸੇ ਧਿਰ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਅੰਦੋਲਨ ਕਰਨ ਦਾ ਹੱਕ ਹੈ ਅਤੇ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਇਸ ਤੇ ਵਾਰ-ਵਾਰ ਮੋਹਰ ਲਾਈ ਹੈ।ਇਸ ਸਥਿਤੀ ਵਿੱਚ ਕਿਸਾਨਾਂ ਤੇ ਲਾਠੀਚਾਰਜ ਸਮਝ ਤੋਂ ਬਾਹਰ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਜ਼ੁਲਮ ਢਾਹੁਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਇਨਸਾਫ਼ ਕੀਤਾ ਜਾਵੇ।

TAGGED:
Share this Article
Leave a comment