ਕਿਸਾਨਾਂ ਲਈ ਗੁਣਕਾਰੀ ਨੁਕਤੇ – ਕਣਕ ਦੇ ਕੀੜਿਆਂ ਅਤੇ ਬੀਮਾਰੀਆਂ ਦੀ ਰੋਕਥਾਮ

TeamGlobalPunjab
16 Min Read

ਕਣਕ ਦੇਸ਼ ਵਿਚ ਦੂਜੀ ਸਭ ਤੋਂ ਪ੍ਰਮੁੱਖ ਅਨਾਜ ਵਾਲੀ ਫਸਲ ਹੈ ਜੋ ਕਿ ਭੋਜਨ ਅਤੇ ਪੌਸ਼ਟਿਕ ਸੁਰੱਖਿਆ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ। ਪੰਜਾਬ, ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਸੂਬਿਆਂ ਤੋਂ ਵੱਧ ਹਿੱਸਾ ਪਾ ਰਿਹਾ ਹੈ। ਕਣਕ ਦੀ ਉਪਜ ਵਿੱਚ ਵਾਧਾ ਕਰਨ ਲਈ ਅਤੇ ਕੁਆਲਟੀ ਵਧਾਉਣ ਲਈ ਫਸਲ ਉੱਤੇ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜਿਆ ਦੀ ਰੋਕਥਾਮ ਬਹੁਤ ਜ਼ਰੂਰੀ ਹੈ। ਕੀੜੇ ਮਕੌੜਿਆ ਅਤੇ ਬਿਮਾਰੀਆਂ ਕਾਰਨ ਫਸਲਾ ਵਿੱਚ ਨੁਕਸਾਨ ਕਾਫੀ ਜਿਆਦਾ ਹੁੰਦਾ ਹੈ, ਪਰ ਇਸਦਾ ਮੁਲਾਕਣ ਕਰਨਾ ਬਹੁਤ ਔਖਾ ਕੰਮ ਹੈ। ਪਰ ਇਹਨਾਂ ਕੀੜੇ ਮਕੌੜਿਆ ਅਤੇ ਬਿਮਾਰੀਆ ਦਾ ਸਹੀ ਪ੍ਰਬੰਧਨ ਉਨਾਂ ਦੇ ਉਤਪਾਦਨ ਨੂੰ ਵਧਾ ਸਕਦਾ ਹੈ ਅਤੇ ਗੁਣਵੱਤਾ ਵਿੱਚ ਸੁਧਾਰ ਕਰ ਸਕਦਾ ਹੇ, ਇਸ ਲਈ ਇਹ ਲੇਖ ਵੱਖ-ਵੱਖ ਕੀੜੇ-ਮਕੌੜਿਆ, ਬਿਮਾਰੀਆ ਅਤੇ ਇਸ ਦੇ ਪ੍ਰਬੰਧਨ ‘ਤੇ ਕੇਂਦਰਤ ਹੈ।

ਕੀੜੇ
ਸਿਉਂਕ: ਸਿਉਂਕ ਫ਼ਸਲ ਬੀਜਣ ਦੇ ਛੇਤੀ ਪਿੱਛੋਂ ਤੇ ਫੇਰ ਪੱਕਣ ਸਮੇਂ ਬਹੁਤ ਨੁਕਸਾਨ ਕਰਦੀ ਹੈ। ਇਸ ਦੇ ਹਮਲੇ ਨਾਲ ਬੂਟੇ ਸੁੱਕ ਜਾਂਦੇ ਹਨ ਅਤੇ ਮਰੇ ਬੂਟੇ ਸੌਖੇ ਹੀ ਪੁੱਟੇ ਜਾ ਸਕਦੇ ਹਨ।

ਰੋਕਥਾਮ

1. ਇਸ ਦੀ ਰੋਕਥਾਮ ਲਈ 40 ਗ੍ਰਾਮ ਕਰੂਜ਼ਰ (ਥਾਇਆਮੀਥੋਕਸਮ) ਜਾਂ 160 ਮਿਲੀਲਿਟਰ ਡਰਸਬਾਨ/ਰੂਬਾਨ/ਡਰਮਟ 20 ਈ ਸੀ (ਕਲੋਰਪਾਈਰੀਫ਼ਾਸ) ਜਾਂ 80 ਮਿਲੀਲਿਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ+ਹੈਕਸਾਕੋਨਾਜ਼ੋਲ) ਲੈ ਕੇ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾਅ ਕਰਕੇ ਬੀਜ ਨੂੰ ਸੋਧੋ। ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲਗਦੀ। ਕੀਟਨਾਸ਼ਕ ਨਾਲ ਸੋਧੇ ਹੋਏ ਬੀਜ ਦਾ ਉੱਗਣ ਸਮੇਂ ਪੰਛੀ ਘੱਟ ਨੁਕਸਾਨ ਕਰਦੇ ਹਨ।

- Advertisement -

ਆਮ ਤੌਰ ‘ਤੇ ਸਿਉਂਕ ਦਾ ਹਮਲਾ ਰੇਤਲੀਆਂ ਜ਼ਮੀਨਾਂ ਵਿੱਚ ਜਿਆਦਾ ਹੁੰਦਾ ਹੈ ਅਤੇ ਪਾਣੀ ਲਗਾਉਣ ਨਾਲ ਇਹ ਕੁੱਝ ਹੱਦ ਤੱਕ ਠੀਕ ਹੋ ਜਾਦਾਂ ਹੈ। ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਮੋਰਟਲ 0.3 ਜੀ (ਫਿਪਰੋਨਿਲ) ਜਾਂ 1.2 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲੇ ਪਾਣੀ ਲਗਾਉਣ ਤੋ ਪਹਿਲਾ ਛੱਟਾ ਦੇਵੋ।
ਚੇਪਾ : ਚੇਪੇ ਦੇ ਹਮਲੇ ਨਾਲ ਪੱਤੇ ਪੀਲੇ ਪੈ ਜਾਂਦੇ ਹਨ ।

ਰੋਕਥਾਮ
• ਜੇਕਰ 5 ਚੇਪੇ ਪ੍ਰਤੀ ਸਿੱਟਾ ਹੋਣ (ਇੱਕ ਏਕੜ ਖੇਤ ਦੇ ਹਰੇਕ ਚਾਰ ਹਿੱਸਿਆਂ ਵਿੱਚੋਂ ਚੁਣੇ 10-10 ਸਿੱਟਿਆਂ ਦੇ ਆਧਾਰ ਤੇ) ਤਾਂ ਇਨਾਂ ਦੀ ਰੋਕਥਾਮ ਲਈ 2 ਲਿਟਰ ਘਰ ਬਣਾਏ ਨਿੰਮ ਦਾ ਘੋਲ ਦੇ ਹਫਤੇ-ਹਫਤੇ ਦੇ ਵਕਫੇ ਤੇ ਦੋ ਛਿੜਕਾਅ ਜਾਂ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ ਜੀ (ਥਾਇਆਮੈਥੋਕਸਮ) ਦਾ ਇਕ ਛਿੜਕਾਅ, 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਕਰੋ।
• ਚੇਪੇ ਦੀ ਰੋਕਥਾਮ ਸਿੱਟੇ ਪੈਣ ਵੇਲੇ ਕਰੋ।
• ਕਿਉਂਕਿ ਚੇਪੇ ਦਾ ਹਮਲਾ ਪਹਿਲਾਂ ਖੇਤ ਦੇ ਬਾਹਰਲੇ ਹਿੱਸਿਆਂ ਤੇ ਹੁੰਦਾ ਹੈ। ਇਸ ਲਈ ਛਿੜਕਾਅ ਸਿਰਫ਼ ਅਜਿਹੇ ਹਮਲੇ ਵਾਲੇ ਹਿੱਸੇ ਤੇ ਹੀ ਕਰੋ ਤਾਂ ਕਿ ਚੇਪੇ ਦਾ ਹਮਲਾ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
• ਘਰ ਬਣਾਏ ਨਿੰਮ ਦਾ ਘੋਲ ਤਿਆਰ ਕਰਨ ਦੀ ਵਿਧੀ: ਚਾਰ ਕਿਲੋ ਨਿੰਮ ਦੀਆਂ ਕਰੂੰਬਲਾਂ (ਪੱਤੇ, ਹਰੀਆਂ ਟਹਿਣੀਆਂ ਅਤੇ ਨਿਮੋਲੀਆਂ) ਨੂੰ 10 ਲਿਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ। ਇਸ ਘੋਲ ਨੂੰ ਕੱਪੜ ਛਾਣ ਕਰ ਲਓ ਅਤੇ ਤਰਲ ਨੂੰ ਸਿਫਾਰਸ਼ ਕੀਤੀ ਮਾਤਰਾ ਮੁਤਾਬਕ ਛਿੜਕਾਅ ਕਰੋ।ਇਨਾਂ ਦੀ ਰੋਕਥਾਮ ਲਈ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ ਜੀ (ਥਾਇਆਮੈਥੋਕਸਮ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਛਿੜਕਾਅ ਕਰੋ
ਸੈਨਿਕ ਸੁੰਡੀ : ਇਹ ਸੁੰਡੀ ਕਣਕ ਤੇ ਜੌਂਆਂ ਦੀ ਫ਼ਸਲ ਦੇ ਪੱਤੇ ਅਤੇ ਸਿੱਟੇ ਨੂੰ ਮਾਰਚ-ਅਪ੍ਰੈਲ ਦੇ ਮਹੀਨੇ ਬਹੁਤ ਬੁਰੀ ਤਰਾਂ ਖਾਂਦੀ ਹੈ ।
ਰੋਕਥਾਮ
1. ਇਸ ਦੀ ਰੋਕਥਾਮ ਲਈ 400 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ, ਪ੍ਰਤੀ ਏਕੜ ਦੇ ਹਿਸਾਬ ਨੈਪਸੈਕ ਪੰਪ ਨਾਲ ਛਿੜਕਾਅ ਕਰੋ ।
ਨੋਟ:
• ਚੰਗੇ ਨਤੀਜੇ ਲੈਣ ਲਈ ਛਿੜਕਾਅ ਸ਼ਾਮ ਵੇਲੇ ਕਰੋ
• ਇਹ ਦਵਾਈਆਂ ਤੇਲੇ ਦੀ ਰੋਕਥਾਮ ਵੀ ਕਰਨਗੀਆਂ ।
• ਛੋਲਿਆਂ ਦੇ ਡੱਡਿਆਂ ਦੀ ਸੁੰਡੀ (ਅਮਰੀਕਣ ਸੁੰਡੀ) : ਇਸ ਦਾ ਹਮਲਾ ਕਣਕ ਪੱਕਣ ਵੇਲੇ ਸਿੱਟਿਆਂ ਵਿੱਚ ਦਾਣਿਆਂ ਤੇ ਹੁੰਦਾ ਹੈ ।
ਰੋਕਥਾਮ
• ਇਸ ਤੇ ਕਾਬੂ ਪਾਉਣ ਲਈ 800 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 100 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਲਈ ਘੋਲ ਕੇ ਪਿੱਠੂ ਪੰਪ ਨਾਲ ਛਿੜਕਾਅ ਕਰੋ।
• ਤਣੇ ਦੀ ਗੁਲਾਬੀ ਸੁੰਡੀ : ਇਸ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਜੇਕਰ ਪਿਛਲੀ ਝੋਨੇ ਦੀ ਫਸਲ਼ ਉਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਅਕਤੁਬਰ ਵਿੱਚ ਬਿਜਾਈ ਨਾ ਕਰੋ। ਦਿਨ ਸਮੇ ਪਾਣੀ ਲਗਾਉਣ ਨੂੰ ਤਰਜ਼ੀਹ ਦੇਵੋ ਤਾਂਕਿ ਪੰਛੀ ਵੱਧ ਤੋ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਬਿਮਾਰੀਆਂ
• ਪੀਲੀ ਕੁੰਗੀ: ਇਹ ਬਿਮਾਰੀ ਪੱਤਿਆਂ ਉੱਤੇ ਪੀਲੇ ਰੰਗ ਦੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਦਿਸਦੀ ਹਨ ਜਿਨਾਂ ਤੇ ਪੀਲਾ ਹਲਦੀ ਨੁਮਾ ਧੂੜਾ ਨਜ਼ਰ ਆਉਂਦਾ ਹੈ ।ਇਹ ਪੀਲੀ ਧਾਰੀਆਂ ਕਾਲੇ ਰੰਗ ਦੀ ਵਿਚ ਤਬਦੀਲ ਹੋ ਜਾਂਦੀ ਹਨ ਜਦੌਂ ਫਸਲ ਪਕਣ ਲੱਗ ਪੈਂਦੀ ਹੈ । ਇਹ ਬਿਮਾਰੀ ਸਭ ਤੋਂ ਪਹਿਲਾਂ ਨੀਮ ਪਹਾੜੀ ਇਲਾਕਿਆਂ ਵਿੱਚ ਪਹਿਲਾਂ ਆਉੰਦੀ ਹੈ । ਪੀਲੀ ਕੁੰਗੀ ਦਾ ਹਮਲਾ ਅਤੇ ਇਸਦੇ ਵਿਚ ਵਾਧਾ ੳੱਸ ਵੇਲੇ ਹੁੰਦਾ ਹੈ ਜਦੌਂ ਅਨੁਕੂਲ ਤਾਪਮਾਨ (ਰਾਤ ਦਾ 7-13 0ਛ ਅਤੇ 15-24 0ਛ ਦਿਨ ਦਾ) ਦੇ ਨਾਲ 85-100% ਹਵਾ ਵਿੱਚ ਨਮੀ ਦੀ ਮਾਤਰਾ ਹੁੰਦੀ ਹਨ ।ਤੇਜ਼ ਹਵਾਵਾਂ ਨਾਲ ਫਰਵਰੀ-ਮਾਰਚ ਦੌਰਾਨ ਪੈਣ ਵਾਲੇ ਮੀਂਹ ਇਸ ਬਿਮਾਰੀ ਨੂੰ ਵਧਾਉਂਦੇ ਹਨ ।
ਰੋਕਥਾਮ
• ਪੀਲੀ ਕੁੰਗੀ ਦੀ ਸਰਵਪੱਖੀ ਰੋਕਥਾਮ
• ਪੀਲੀ ਕੁੰਗੀ ਤੋਂ ਬਚਾਅ ਲਈ ਰੋਗ ਰਹਿਤ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 725, ਉੱਨਤ ਪੀ ਬੀ ਡਬਲਯੂ 550, ਪੀ ਬੀ ਡਬਲਯੂ 752, ਡਬਲਯੂ ਐਚ ਡੀ 943, ਪੀ ਡੀ ਡਬਲਯੂ 291 ਅਤੇ ਪੀ ਬੀ ਡਬਲਯੂ 660 ਬੀਜੋ।
ਖਾਸ ਤੌਰ ਤੇ ਨੀਮ ਪਹਾੜੀ ਇਲਾਕਿਆਂ ਵਿੱਚ ਅਕਤੂਬਰ ਦੇ ਮਹੀਨੇ ਕਣਕ ਦੀ ਬਿਜਾਈ ਨਾ ਕਰੋ।
• ਇਹਨਾਂ ਖੇਤਰਾਂ ਵਿੱਚ ਪਾਣੀ ਲਾਉਣ/ਮੀਂਹ ਪੈਣ ਤੋਂ ਬਾਅਦ ਪੀਲੀ ਕੁੰਗੀ ਦੀ ਆਮਦ ਦੇਖਣ ਲਈ ਅੱਧ ਦਸੰਬਰ ਤੋਂ ਬਾਅਦ ਖੇਤਾਂ ਦਾ ਸਰਵੇਖਣ ਕਰੋ।
• ਬਿਮਾਰੀ ਨਜ਼ਰ ਆਉਣ ਤੇ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਉਪੇਰਾ 18.3 ਐਸ ਈ (ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐਸ ਸੀ (ਐਜ਼ੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ ਬੰਪਰ 25 ਈ ਸੀ/ਸਟਿਲਟ 25 ਈ ਸੀ/ਕੰਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।
• ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰੋ
• ਖੇਤਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਪੈਣ ਤੇ ਇਹ ਛਿੜਕਾਅ ਫਿਰ ਦੁਹਰਾਉ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹੇ। ਰੋਗ ਰਹਿਤ ਜਾਂ ਰੋਗ ਦਾ ਟਾਕਰਾ ਕਰ ਸਕਣ ਵਾਲਿਆਂ ਸੁਧਰੀ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 725, ਪੀ ਬੀ ਡਬਲਯੂ 752, ਉੱਨਤ ਪੀ ਬੀ ਡਬਲਯੂ 550, ਡਬਲਯੂ ਐੱਚ ਡੀ 943, ਪੀ ਡੀ ਡਬਲਯੂ 291 ਅਤੇ ਪੀ ਬੀ ਡਬਲਯੂ 660 ਬੀਜਣੀ ਚਾਹੁੰਦਿਆਂ ਹਨ ।
ਭੂਰੀ ਕੁੰਗੀ: ਪੱਤਿਆਂ ੳੱੁਤੇ ਚਮਕੀਲੇ ਅਤੇ ਗੋਲ ਸੰਤਰੀ ਤੋਂ ਭੁਰੇ ਰੰਗ ਦੇ ਧੱਬੇ ਬਣ ਜਾਂਦੇ ਹਨ ਜੋ ਕਿ ਬੇਤਰਤੀਬੇ ਜਾਂ ਇਕੱਠੇ ਹੋ ਸਕਦੇ ਹਨ ।ਇਨਾਂ ਧੱਬਿਆਂ ਉੱਤੇ ਸੰਤਰੀ-ਭੁਰੇ ਰੰਗ ਦਾ ਧੂੜਾ ਨਜ਼ਰ ਆਉਂਦਾ ਹੈ ।ਬਾਅਦ ਵਿਚ ਇਹ ਭੁਰੇ ਰੰਗ ਦੇ ਧੱਬੇ ਕਾਲੇ ਰੰਗ ਵਿਚ ਤਬਦੀਲ ਹੋ ਜਾਂਦੇ ਹਨ ।
ਰੋਕਥਾਮ
• ਭੂਰੀ ਕੁੰਗੀ ਤੋਂ ਬਚਾਅ ਲਈ ਰੋਗ ਰਹਿਤ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 824, ਪੀ ਬੀ ਡਬਲਯੂ 869, ਪੀ ਬੀ ਡਬਲਯੂ 803, ਡੀ ਬੀ ਡਬਲਯੂ 222, ਡੀ ਬੀ ਡਬਲਯੂ 187, ਪੀ ਬੀ ਡਬਲਯੂ 725, ਉੱਨਤ ਪੀ ਬੀ ਡਬਲਯੂ 343, ਉੱਨਤ ਪੀ ਬੀ ਡਬਲਯੂ 550, ਐਚ ਡੀ 3226, ਪੀ ਬੀ ਡਬਲਯੂ 771, ਪੀ ਬੀ ਡਬਲਯੂ 757, ਡਬਲਯੂ ਐਚ ਡੀ 943, ਪੀ ਡੀ ਡਬਲਯੂ 291 ਅਤੇ ਪੀ ਬੀ ਡਬਲਯੂ 660 ਬੀਜੋ।
• ਬਿਮਾਰੀ ਨਜ਼ਰ ਆਉਣ ਤੇ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ ਸਟਿਲਟ 25 ਈ ਸੀ/ਕੰਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।
• ਕਰਨਾਲ ਬੰਟ
• ਇਹ ਬਿਮਾਰੀ ਉੱਸ ਵੇੱਲੇ ਦਿਸਦੀ ਹੈ ਜਦੋਂ ਸਿੱਟਿਆਂ ਵਿੱਚ ਦਾਣੇ ਬਣਦੇ ਹਨ ।ਇਸ ਬਿਮਾਰੀ ਵਿਚ ਸਿੱਟਿਆਂ ਵਿੱਚ ਕੁਝ ਦਾਣਿਆਂ ਉੱਤੇ ਅਤੇ ਦਾਣਿਆਂ ਦੇ ਕੁਝ ਹਿੱਸੇ ਤੇ ਹੀੇ ਅਸਰ ਹੁੰਦਾ ਹੈ । ਜੇਕਰ ਬਿਮਾਰੀ ਵਾਲੇ ਦਾਣਿਆਂ ਨੂੰ ਹੱਥਾਂ ਵਿੱਚ ਲੈ ਕੇ ਦੱਬਿਆ ਜਾਂ ਮਲਿਆ ਜਾਵੇ ਤਾਂ ਕਾਲੇ ਰੰਗ ਦੇ ਕਿਣਕੇ ਬਾਹਰ ਨਿੱਕਲਦੇ ਹਨ ਜਿਨਾਂ ਤੋਂ ਭੈੜੀ ਦੁਰਗੰਧ ਆਉੰਦੀ ਹੈ । ਫਸਲ ਦੀ ਕਟਾਈ ਵੇੱਲੇ ਦਾਣਿਆਂ ਦੀ ਸਭ ਤੋਂ ਬਾਹਰ ਦੀ ਝਿੱਲੀ ਫੱਟ ਜਾਂਦੀ ਹੈ ਤੇ ਕਾਲੇ ਰੰਗ ਦੇ ਕਿਣਕੇ ਦਾ ਧੂੜਾ ਬਾਹਰ ਨਿੱਕਲ ਜਾਂਦਾ ਹੈ ਜਿਸ ਕਰ ਕੇ ਬਿਮਾਰੀ ਵਾਲੇ ਦਾਣਿਆਂ ਦੀ ਸ਼ਕਲ ਕਿਸ਼ਤੀ ਵਰਗੀ ਨਜ਼ਰ ਆਉੰਦੀ ਹੈ ।
ਰੋਕਥਾਮ
ਰੋਗ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਜਿਵੇਂ ਕਿ ਡਬਲਯੂ ਐਚ ਡੀ 943 ਅਤੇ ਪੀ ਡੀ ਡਬਲਯੂ 291 ਬੀਜੋ ।
ਬੀਜ ਵਾਲੀ ਫ਼ਸਲ ਤੇ ਟਿਲਟ (ਪ੍ਰੋਪੀਕੋਨਾਜ਼ੋਲ) 25 ਈ ਸੀ 200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ 200 ਲਿਟਰ ਪਾਣੀ ਵਿੱਚ ਘੋਲ ਕੇ ਸਿੱਟੇ ਨਿੱਕਲਣ ਵੇਲੇ ਇੱਕ ਛਿੜਕਾਅ ਇਸ ਬਿਮਾਰੀ ਦੀ ਰੋਕਥਾਮ ਲਈ ਕਰੋ ।
ਚਿੱਟੋਂ ਰੋਗ
ਇਸ ਬਿਮਾਰੀ ਨਾਲ ਜੜਾਂ ਨੂਂ ਛੱਡ ਕੇ ਪੌਦੇ ਦੇ ਸਾਰਿਆਂ ਹਿੱਸਿਆਂ ਉਤੇ ਅਨੇਕਾਂ ਚਿੱਟੇ ਆਟੇ ਵਰਗੇ ਧੱਬੇ ਬਣ ਜਾਂਦੇ ਹਨ ਜੋ ਕਿ ਬਾਅਦ ਵਿਚ ਕਲਿਸਟੋਥੀਸਿਆ ਬਨਣ ਕਰਕੇ ਸਲੇਟੀ ਜਾਂ ਲਾਲ ਭੂਰੇ ਰੰਗ ਵਰਗੇ ਦਿਸਦੇੇ ਹਨ । ਬਿਮਾਰ ਬੂਟਿਆਂ ਦੇ ਪੱਤਿਆਂ ਦਾ ਆਕਾਰ ਤੇ ਗਿਣਤੀ ਘੱਟ ਜਾਂਦੀ ਹੈ ਜਿਸ ਕਰਕੇ ਪੌਦੇ ਘੱਟ ਵੱਧਦੇ ਹਨ ਅਤੇ ਝਾੜ ਵੀ ਘੱਟ ਜਾਂਦਾ ਹੈ ।
ਰੋਕਥਾਮ
1. ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ) 120 ਗ੍ਰਾਮ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ।
ਕਾਂਗਿਆਰੀ: ਇਸ ਬਿਮਾਰੀ ਦਾ ਅਸਰ ਉੱਸ ਵੇੱਲੇ ਦਿਸਦਾ ਹੈ ਜਦੋਂ ਸ਼ਿੱਟਿਆਂ ਵਿੱਚ ਦਾਣਿਆਂ ਦਾ ਬਨਣਾ ਸ਼ੁਰੂ ਹੁੰਦਾ ਹੈ। ਇਹ ਬਿਮਾਰੀ ਸਿੱਟਿਆਂ ਤੇ ਉਸ ਵਿੱਚ ਦਾਣਿਆਂ ਨੂੰ ਬਿਲਕੁਲ ਤਬਾਹ ਕਰ ਦੇਂਦੀ ਹੈ ਅਤੇ ਦਾਣਿਆਂ ਦੀ ਥਾਂ ਕਾਲਾ ਜਿਹਾ ਧੂੜਾ ਬਣ ਜਾਂਦਾ ਹੈ । ਰੋਗੀ ਦਾਣਿਆਂ ਦਾ ਕਾਲਾ ਜਿਹਾ ਧੂੜਾ ਹਲਕੇ ਝਟਕੇ, ਹਵਾ ਜਾਂ ਮੀਂਹ ਦੇ ਛਿੱਟੇ ਨਾਲ ਉਡ ਜਾਂਦਾ ਹੈ।
ਰੋਕਥਾਮ
1. ਰੋਗ ਰਹਿਤ ਕਿਸਮਾਂ ਜਿਵੇ ਕਿ ਡਬਲਯੂ ਐਚ ਡੀ 943 ਅਤੇ ਪੀ ਡੀ ਡਬਲਯੂ 291 ਬੀਜਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ।
2. ਮਈ-ਜੂਨ ਦੇ ਮਹੀਨੇ ਕਣਕ ਦੇ ਬੀਜ ਨੂਂੰ ਸਵੇਰੇ 8 ਵਜੇ ਤੋਂ ਲੈਕੇ ਦੁਪਹਿਰ ਦੇ 12 ਵਜੇ ਤੱਕ ਆਮ ਪਾਣੀ ਵਿੱਚ ਭਿਉਂ ਕੇ ਰੱਖੋ । ਉਸ ਦਿਨ ਧੁੱਪ ਖੂੂਬ ਹੋਵੇ । ਪਿੱਛੋ ਇਹ ਬੀਜ ਪੱਕੇ ਫਰਸ਼, ਚਟਾਈਆਂ ਜਾ ਤਰਪਾਲਾਂ ਉੱਪਰ ਧੁੱਪ ਵਿੱਚ ਸੁੱਕਣੇ ਪਾ ਦਿਓ । ਬੀਜ ਦੀ ਪਤਲੀ ਤਹਿ ਵਿਛਾਉ ਣੀ ਚਾਹੀਦੀ ਹੈ । ਕਣਕ ਨੂੰ ਚੰਗੀ ਤਰਾਂ ਸੁਕਾ ਕੇ ਖੁਸ਼ਕ ਥਾਂ ਤੇ ਰੱਖੋ।

3. ਬਿਜਾਈ ਤੌਂ ਪਹਿਲਾਂ 13 ਮਿਲੀਲਿਟਰ ਰੈਕਸਲ ਈਜ਼ੀ/ਓਰੀਅਸ 6 ਐਫ ਐਸ (ਟੈਬੂਕੋਨਾਜ਼ੋਲ) ਨੂੰ 400 ਮਿਲੀਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਨੂੰ ਸੋਧੋ ਜਾਂ 120 ਗ੍ਰਾਮ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) ਜਾਂ 80 ਗ੍ਰਾਮ ਵੀਟਾਵੈਕਸ 75 ਡਬਲਯੂ ਪੀ (ਕਾਰਬੋਕਸਿਨ) ਜਾਂ 40 ਗ੍ਰਾਮ ਟੈਬੂਸੀਡ/ਸੀਡੈਕਸ/ਐਕਸਜ਼ੋਲ 2 ਡੀ ਐਸ (ਟੈਬੂਕੋਨਾਜ਼ੋਲ) ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।
ਪੱਤਿਆਂ ਦੀ ਕਾਂਗਿਆਰੀ: ਪੱਤਿਆਂ ਦੇ ਉੱਪਰ ਸਲੇਟੀ ਜਾਂ ਕਾਲੇ ਰੰਗ ਦੀ ਧਾਰੀਆਂ ਦਾ ਬਨਣਾ ਇਸ ਬਿਮਾਰੀ ਦੀ ਪਛਾਣ ਹੈ ਜਿਨਾਂ ਵਿੱਚੋਂ ਫੱਟਣ ਤੋਂ ਕਾਲੇ ਜਿਹੇ ਕਣ (ਉੱਲੀ ਦੇ ਬਿਜਾਣੂ)ਨਿਕਲ ਪੈਂਦੇ ਹਨ । ਬਿਮਾਰੀ ਵਾਲੇ ਪੱਤੇ ਚੁਰੜ-ਮੁਰੜ ਜਾਂਦੇ ਹਨ ਅਤੇ ਪੌਦੇ ਦਾ ਆਕਾਰ ਘੱਟ ਜਾਂਦਾ ਹੈ ।

ਰੋਕਥਾਮ
1. ਰੋਗ ਦਾ ਟਾਕਰਾ ਕਰ ਸਕਣ ਵਾਲਿਆਂ ਕਿਸਮਾਂ ਜਿਂਵੇ ਕਿ ਡਬਲਯੂ ਐਚ ਡੀ 943 ਅਤੇ ਪੀ ਡੀ ਡਬਲਯੂ 291 ਬੀਜੋ ।
2. ਡੂੰਘੀ ਬਿਜਾਈ ਤੋਂ ਬਚਣਾ ਚਾਹਿਦਾ ਹੈ । ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟਕੇ ਓੁਨਾਂ ਦਾ ਨਾਸ਼ ਕਰ ਦਿਉ ।
3. ਇਸ ਕਾਂਗਿਆਰੀ ਦੀ ਰੋਕਥਾਮ ਲਈ ਬੀਜ ਨੂੰ 13 ਮਿਲੀਲਿਟਰ ਓਰੀਅਸ 6 ਐਫ ਐਸ (ਟੈਬੂਕੋਨਾਜ਼ੋਲ) ਨੂੰ 400 ਮਿਲੀਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਨੂੰ ਸੋਧੋ ਜਾਂ 120 ਗ੍ਰਾਮ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) ਜਾਂ 80 ਗ੍ਰਾਮ ਵੀਟਾਵੈਕਸ 75 ਡਬਲਯੂ ਪੀ (ਕਾਰਬੋਕਸਿਨ) ਜਾਂ 40 ਗ੍ਰਾਮ ਟੈਬੂਸੀਡ/ਸੀਡੈਕਸ/ਐਕਸਜ਼ੋਲ 2 ਡੀ ਐਸ (ਟੈਬੂਕੋਨਾਜ਼ੋਲ) ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ। ਬੀਜ ਦੀ ਸੋਧ ਬਿਜਾਈ ਤੋਂ ਕਦੇ ਵੀ ਇੱਕ ਮਹੀਨੇ ਤੋਂ ਪਹਿਲਾਂ ਨਾ ਕਰੋ, ਨਹੀਂ ਤਾਂ ਬੀਜ ਦੀ ਉੱਗਣ ਸ਼ਕਤੀ ਤੇ ਮਾੜਾ ਅਸਰ ਪੈਂਦਾ ਹੈ। ਬੀਜ ਦੀ ਸੋਧ, ਬੀਜ ਸੋਧਕ ਡਰੰਮ ਨਾਲ ਚੰਗੀ ਤਰਾਂ ਕੀਤੀ ਜਾ ਸਕਦੀ ਹੈ।
ਸਿੱਟਿਆਂ ਦਾ ਝੁਲਸ ਰੋਗ ਜਾਂ ਸਕੈਬ ਰੋਗ: ਸਿੱਟੇ ਦੇ ਸਾਰੇ ਜਾਂ ਕੁਝ ਹਿੱਸੇ ਦਾ ਰੰਗ ਫਿੱਕਾ ਪੈ ਜਾਂਦਾ ਹੈ ਜਾਂ ਭੂਰਾ ਹੋ ਜਾਂਦਾ ਹੈ । ਜਦੋ ਨਮੀ ਜ਼ਿਆਦਾ ਹੋਵੇ ਤਾਂ ਗੁਲਾਬੀ ਰੰਗ ਦੀ ਉੱਲੀ ਸਿੱਟੇ ਤੇ ਵੇਖੀ ਜਾ ਸਕਦੀ ਹੈ। ਬਿਮਾਰੀ ਵਾਲੇ ਸਿੱਟਿਆਂ ਵਿੱਚ ਜਾਂ ਤਾਂ ਦਾਣੇ ਬਿਲਕੁਲ ਨਹੀਂ ਬਣਦੇ ਅਤੇ ਜੇਕਰ ਬਣਦੇ ਵੀ ਹਨ ਤਾਂ ਉਹ ਝੁਰੜੇ ਅਤੇ ਛੋਟੇ ਹੁੰਦੇ ਹਨ।
ਰੋਕਥਾਮ
• ਬਿਮਾਰੀ ਤੋ ਰਹਿਤ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ।
• ਵਡਾਣਕ ਕਿਸਮਾਂ ਸਿੱਟਿਆਂ ਦੇ ਝੁਲਸ ਰੋਗ ਜਾਂ ਸਕੈਬ ਦਾ ਘੱਟ ਟਾਕਰਾ ਕਰ ਸਕਦੀਆਂ ਹਨ ਇਸ ਲਈ ਇਨਾਂ ਕਿਸਮਾਂ ਦੀ ਕਾਸ਼ਤ ਜ਼ਿਆਦਾ ਨਮੀਂ ਵਾਲੇ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਨੇੜੇ ਨਹੀਂ ਕਰਨੀ ਚਾਹੀਦੀ।

ਮੱਮਣੀ ਅਤੇ ਟੁੰਡੂ : ਬਿਮਾਰ ਪੌਦੇ ਫੈਲਵੇਂ ਅਤੇ ਫੁੱਲੇ ਮੁੱਢਾਂ ਵਾਲੇ ਹੁੰਦੇ ਹਨ। ਸਿੱਟੇ ਵਿੱਚ ਦਾਣਿਆਂ ਦੀ ਥਾਂ ਭੂਰੀ ਜਾਂ ਕਾਲੀ ਮੱ ਮਣੀ ਬਣ ਜਾਂਦੀ ਹੈ। ਜ਼ਿਆਦਾ ਬਿਮਾਰੀ ਕਾਰਨ ਪੌਦੇ ਛੋਟੇ ਰਹਿ ਜਾਂਦੇ ਹਨ ਅਤੇ ਮਰ ਵੀ ਸਕਦੇ ਹਨ । ਟੁੰਡੂ ਦੀ ਬਿਮਾਰੀ ਨਾਲ ਪੌਦੇ ਤੇ ਪੀਲਾ ਅਤੇ ਚਿਪਚਿਪਾ ਮਾਦਾ ਬਣ ਜਾਂਦਾ ਹੈ। ਮੱਮਣੀ ਹਲਕੀ ਹੁੰਦੀ ਹੈ ਅਤੇ ਇਹ ਪਾਣੀ ਉੱਪਰ ਤਰ ਆਉਂਦੀ ਹੈ ਅਤੇ ਭਾਰੀ ਬੀਜ ਪਾਣੀ ਵਿੱਚ ਡੁੱਬ ਜਾਂਦਾ ਹੈ। ਬੀਜ ਨੂੰ ਸਾਦੇ ਪਾਣੀ ਵਿੱਚ ਪਾ ਕੇ ਖੂਬ ਹਿਲਾਓ ਜਿਸ ਨਾਲ ਮੱਮਣੀ ਪਾਣੀ ਉਪਰ ਤਰ ਆਵੇਗੀ। ਇਸ ਨੂੰ ਬਾਹਰ ਕੱਢੋ ਅਤੇ ਸਾੜ ਦਿਓ। ਬੀਜ ਨੂੰ ਚੰਗੀ ਤਰਾਂ ਸੁਕਾ ਕੇ ਸਾਂਭ ਲਵੋ।

- Advertisement -

(ਸੰਗ੍ਰਹਿ ਕਰਤਾ :ਰਾਕੇਸ਼ ਕੁਮਾਰ ਸ਼ਰਮਾਂ1, ਕੇ.ਕੇ. ਸ਼ਰਮਾ ਅਤੇ ਚਰਨਜੀਤ ਕੌਰ, ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ, ਡਾ. ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਪੰਜਾਬ)

TAGGED:
Share this Article
Leave a comment