-ਵਿਵੇਕ ਕੁਮਾਰ ਅਤੇ ਵਜਿੰਦਰ ਪਾਲ
ਭਾਰਤ ਵਿੱਚ ਤੇਲ ਬੀਜ ਫ਼ਸਲਾਂ ਦਾ ਉਤਪਾਦਨ ਲੋੜ ਨਾਲੋਂ ਕਾਫ਼ੀ ਘੱਟ ਹੈ। ਇਸ ਘਾਟੇ ਨੂੰ ਪੂਰਾ ਕਰਨ ਲਈ ਹਰ ਸਾਲ ਬਾਹਰਲੇ ਮੁਲਕਾਂ ਵਿੱਚੋਂ ਕਾਫ਼ੀ ਮਾਤਰਾ ਵਿੱਚ ਤੇਲ ਮੰਗਵਾਉਣਾ ਪੈਂਦਾ ਹੈ।ਇਸ ਲਈ ਦੇਸ਼ ਵਿੱਚ ਤੇਲ ਬੀਜਾਂ ਦਾ ਉਤਪਾਦਨ ਵਧਾਉਣ ਲਈ ਇਹਨਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।ਘੱਟ ਸਮੇਂ ਵਿੱਚ ਪੱਕਣ ਵਾਲੀ ਹੋਣ ਕਰਕੇ ਤੇਲ ਬੀਜਾਂ ਦਾ ਉਤਪਾਦਨ ਵਧਾਉਣ ਲਈ ਸੂਰਜਮੁਖੀ ਇੱਕ ਬਹੁਤ ਹੀ ਢੁੱਕਵਾਂ ਫ਼ਸਲ ਸਾਬਿਤ ਹੋ ਰਹੀ ਹੈ। ਇਸ ਦੇ ਬੀਜਾਂ ਵਿੱਚ ਵਧੇਰੇ ਤੇਲ ਦੀ ਮਾਤਰਾ ਅਤੇੇ ਤੇਲ ਵਿੱਚ ਘੱਟ ਕਲੈਸਟਰੋਲ ਹੋਣ ਕਰਕੇ ਸੂਰਜਮੁਖੀ ਨੂੰ ਇੱਕ ਉੱਤਮ ਤੇਲ ਬੀਜ ਫ਼ਸਲ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ, ਸੂਰਜਮੁਖੀ ਦੇ ਤੇਲ ਵਿੱਚ ਲਿਨੋਲਿਕ ਏਸਿਡ, ਪ੍ਰੋਟੀਨ ਅਤੇ ਵਿਟਾਮਿਨ ਏ, ਬੀ, ਡੀ ਅਤੇ ਈ ਦੀ ਭਰਪੂਰ ਮਾਤਰਾ ਹੋਣ ਕਰਕੇ ਇਸ ਦੇ ਤੇਲ ਨੂੰ ਚੰਗੀ ਸਿਹਤ ਲਈ ਵਰਦਾਨ ਮੰਨਿਆਂ ਜਾਂਦਾ ਹੈ। ਇਸ ਦੀ ਅਹਿਮੀਅਤ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਨੇ ਇਸ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ 2017-18 ਵਿੱਚ 4100 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 2019-20 ਵਿੱਚ 5650 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ ਤਾਂ ਕਿ ਇਸ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਸੂਰਜਮੁਖੀ ਦੀ ਕਾਸ਼ਤ ਲਈ ਬਹਾਰ ਰੁੱਤ ਦਾ ਸਮਾਂ ਸਭ ਤੋਂ ਢੁਕਵਾਂ ਮੰਨਿਆਂ ਜਾਂਦਾ ਹੈ।ਇਸ ਰੁੱਤ ਵਿੱਚ ਸ਼ਹਿਦ ਦੀਆਂ ਮੱਖੀਆਂ ਕਾਫ਼ੀ ਗਿਣਤੀ ਵਿੱਚ ਹੋਣ ਕਰਕੇ ਪਰ ਪਰਾਗਣ ਵਿੱਚ ਸਹਾਇਤਾ ਮਿਲਦੀ ਹੈ ਜੋ ਝਾੜ ਵਧਾਉਣ ਵਿੱਚ ਸਹਾਈ ਹੁੰਦੀ ਹੈ।ਇਸ ਤੋਂ ਇਲਾਵਾ, ਸੂਰਜਮੁਖੀ ਦੀ ਫ਼ਸਲ ਤੋਂ ਵਧੇਰੇ ਝਾੜ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸੁਝਾਏ ਗਏ ਹੇਠ ਲਿਖੇ ਨੁਕਤਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਕਿਸਮਾਂ ਦੀ ਚੋਣ: ਪੰਜਾਬ ਵਿੱਚ ਸੂਰਜਮੁਖੀ ਦੀ ਕਾਸ਼ਤ ਲਈ ਦੋਗਲੀਆਂ ਕਿਸਮਾਂ ਪੀ ਐਸ ਐਚ 2080, ਪੀ ਐਸ ਐਚ 1962, ਡੀ ਕੇ 3849, ਪੀ ਐਸ ਐਚ 996, ਪੀ ਐਸ ਐਚ 569, ਪੀ ਐਸ ਐਫ਼ ਐਚ 118 ਅਤੇ ਐਸ ਐਚ 3322 ਦੀ ਸਿਫ਼ਾਰਸ਼ ਕੀਤੀ ਗਈ ਹੈ। ਇਹਨਾਂ ਵਿੱਚੋਂ ਐਸ ਐਚ 3322 ਕਿਸਮ ਪੱਕਣ ਵਿੱਚ ਸਭ ਤੋਂ ਵੱਧ ਸਮਾਂ (120 ਦਿਨ) ਲੈਂਦੀ ਹੈ ਜਦਕਿ ਬਾਕੀ ਕਿਸਮਾਂ 96 ਤੋਂ 102 ਦਿਨਾਂ ਵਿੱਚ ਪੱਕ ਜਾਂਦੀਆਂ ਹਨ।
ਜ਼ਮੀਨ ਦੀ ਚੋਣ ਅਤੇ ਖੇਤ ਦੀ ਤਿਆਰੀ:ਚੰਗੇ ਜਲ ਨਿਕਾਸ ਵਾਲੀ ਦਰਮਿਆਨੀ ਜ਼ਮੀਨ ਸੂਰਜਮੁਖੀ ਦੀ ਕਾਸ਼ਤ ਲਈ ਸਭ ਤੋਂ ਢੁਕਵਾਂ ਹੈ। ਕਲਰਾਠੀਆਂ ਜ਼ਮੀਨਾਂ ਇਸ ਦੀ ਕਾਸ਼ਤ ਨਹੀਂ ਕੀਤੀ ਜਾ ਸਕਦੀ।ਜ਼ਮੀਨ ਦੀ ਤਿਆਰੀ ਲਈ ਖੇਤ ਨੂੰ ਦੋ-ਤਿੰਨ ਵਾਰੀ ਵਾਹੁਣਾ ਅਤੇ ਹਰੇਕ ਵਾਹੀ ਤੋਂ ਪਿਛੋਂ ਸੁਹਾਗਾ ਫੇਰਨਾ ਚਾਹੀਦਾ ਹੈ।
ਬਿਜਾਈ ਦਾ ਸਮਾਂ: ਵਧੇਰੇ ਝਾੜ੍ਹ ਲੈਣ ਲਈ ਅਤੇ ਪਾਣੀ ਦੀ ਬੱਚਤ ਕਰਨ ਲਈ ਸੂਰਜਮੁਖੀ ਦੀ ਬਿਜਾਈ ਦਾ ਸਹੀ ਸਮਾਂ ਜਨਵਰੀ ਦਾ ਮਹੀਨਾ ਹੈ। ਜੇਕਰ ਬਿਜਾਈ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਕਰਨੀ ਪੈ ਜਾਵੇ ਤਾਂ ਦੋਗਲੀਆਂ ਕਿਸਮਾਂ ਪੀ ਐਸ ਐਚ 2080, ਪੀ ਐਸ ਐਚ 1959, ਪੀ ਐਸ ਐਚ 569 ਅਤੇ ਪੀ ਐਸ ਐਚ 996 ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਇਸ ਤੋਂ ਦੇਰੀ ਨਾਲ ਬਿਜਾਈ ਕਰਨ ਨਾਲ ਝਾੜ੍ਹ ਕਾਫੀ ਘੱਟ ਜਾਂਦਾ ਹੈ, ਇਸ ਲਈ ਅਜਿਹੇ ਹਾਲਾਤ ਵਿੱਚ ਪਨੀਰੀ ਰਾਹÄ ਫ਼ਸਲ ਪੈਦਾ ਕਰਨੀ ਲਾਹੇਵੰਦ ਰਹਿੰਦੀ ਹੈ।
ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ: ਇੱਕ ਏਕੜ ਵਿੱਚ ਕਾਸ਼ਤ ਕਰਨ ਲਈ ਦੋ ਕਿਲੋ ਬੀਜ ਨੂੰ 6 ਗ੍ਰਾਮ ਟੈਗਰਾਨ 35 ਡਬਲਯੂ ਐਸ (ਮੈਟਾਲੈਕਸਲ) ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਕਤਾਰਾਂ ਵਿਚਕਾਰ ਫ਼ਾਸਲਾ 60 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 30 ਸੈਂਟੀਮੀਟਰ ਰੱਖਦੇ ਹੋਏ 4-5 ਸੈਂਟੀਮੀਟਰ ਡੂੰਘਾ ਬੀਜਣਾ ਚਾਹੀਦਾ ਹੈ। ਇਸ ਦੀ ਬਿਜਾਈ ਵਾਸਤੇ ਫਾਲਿਆਂ ਵਾਲਾ ਜਾਂ ਸਿਆੜਾਂ ਵਾਲਾ ਰਿਜ਼ਰ ਪਲਾਂਟਰ ਵੀ ਵਰਤਿਆ ਜਾ ਸਕਦਾ ਹੈ। ਅਗੇਤੀ ਬੀਜੀ ਫ਼ਸਲ ਤੋਂ ਵਧੇਰੇ ਝਾੜ ਪ੍ਰਾਪਤ ਕਰਨ ਫ਼ਸਲ ਨੂੰ ਪੂਰਬ-ਪੱਛਮ ਦਿਸ਼ਾ ਵਾਲੀਆ ਵੱਟਾਂ ਦੇ ਦੱਖਣ ਵਾਲੇ ਪਾਸੇ ਬੀਜਣਾ ਚਾਹੀਦਾ ਹੈ। ਬੀਜ ਨੂੰ ਵੱਟ ਦੇ ਸਿਰੇ ਤੋਂ 6-8 ਸੈਂਟੀਮੀਟਰ ਹੇਠਾਂ ਬੀਜਣਾ ਚਾਹੀਦਾ ਹੈ ਅਤੇ ਵੱਟ ਤੇ ਬੀਜੀ ਫ਼ਸਲ ਨੂੰ ਬਿਜਾਈ ਤੋਂ 2-3 ਦਿਨਾਂ ਪਿਛੋਂ ਪਾਣੀ ਦੀ ਸਤ੍ਹਾ ਬੀਜਾਂ ਤੋਂ ਕਾਫੀ ਥੱਲੇ ਰੱਖਦੇ ਹੋਏ ਪਾਣੀ ਦੇਣਾ ਚਾਹੀਦਾ ਹੈ। ਵੱਟਾਂ ਤੇ ਬੀਜੀ ਫ਼ਸਲ ਢਹਿੰਦੀ ਨਹੀਂ ਅਤੇ ਵੱਧ ਗਰਮੀ ਦੇ ਮਹੀਨਿਆਂ ਵਿੱਚ ਪਾਣੀ ਦੀ ਬੱਚਤ ਵਿੱਚ ਵੀ ਸਹਾਈ ਹੁੰਦੀ ਹੈ।
ਜੇਕਰ ਸੂਰਜਮੁਖੀ ਦੀ ਬਿਜਾਈ ਫ਼ਰਵਰੀ ਤੱਕ ਪਛੇਤੀ ਹੁੰਦੀ ਜਾਪੇ ਤਾਂ ਇਸ ਦੀ ਕਾਸ਼ਤ ਪਨੀਰੀ ਰਾਹੀਂ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਕਰਨ ਨਾਲ ਬੀਜ ਰਾਹੀਂ ਬੀਜੀ ਫ਼ਸਲ ਦੇ ਮੁਕਾਬਲੇ ਝਾੜ੍ਹ ਵੱਧ ਮਿਲਦਾ ਹੈ ਅਤੇ ਫ਼ਸਲ ਛੇਤੀ ਪੱਕ ਜਾਂਦੀ ਹੈ । ਪਨੀਰੀ ਦੀ ਬਿਜਾਈ ਲਈ 1.5 ਕਿੱਲੋ ਬੀਜ ਨੂੰ ਚੰਗੀ ਤਰਾਂ ਤਿਆਰ ਕੀਤੇ ਲਗਭਗ ਸਵਾ ਮਰਲੇ (30 ਵਰਗ ਮੀਟਰ ਪ੍ਰਤੀ ਏਕੜ) ਦੇ ਕਿਆਰੇ ਵਿੱਚ ਬੀਜਣਾ ਚਾਹੀਦਾ ਹੈ।ਪੁੱਟਣ ਤੋਂ ਪਹਿਲਾਂ ਪਨੀਰੀ ਨੂੰ ਪਾਣੀ ਲਾ ਦੇਣਾ ਚਾਹੀਦਾ ਹੈ। ਜਦੋਂ ਪੌਦੇ ਦੇ ਚਾਰ ਪੱਤੇ ਨਿਕਲ ਆਉਣ ਤਾਂ ਪਨੀਰੀ ਨੂੰ 30 ਸੈਂਟੀਮੀਟਰ ਦੀ ਵਿੱਥ ਤੇ 60 ਸੈਂਟੀਮੀਟਰ ਦੂਰੀ ਦੀਆਂ ਕਤਾਰਾਂ ਵਿੱਚ ਲਾ ਕੇ ਪਾਣੀ ਲਾ ਦੇਣਾ ਚਾਹੀਦਾ ਹੈ।
ਮੈਂਥੇ ਨਾਲ ਰਲਵਾ ਕਾਸ਼ਤ: ਆਮਦਨ ਵਿੱਚ ਵਾਧਾ ਕਰਨ ਲਈ ਮੈਂਥੇ ਨੂੰ ਸੂਰਜਮੁਖੀ ਵਿੱਚ ਰਲ਼ਵਵਾ ਫ਼ਸਲ ਵਜੋਂ ਕਾਮਯਾਬੀ ਨਾਲ ਉਗਾਇਆ ਜਾ ਸਕਦਾ ਹੈ। ਇਸ ਦੇ ਲਈ ਸੂਰਜਮੁਖੀ ਦੀਆਂ ਉੱਤਰ ਦੱਖਣ ਦਿਸ਼ਾ ਵਿੱਚ 120 ਸੈਂਟੀਮੀਟਰ ਦੂਰੀ ਤੇ ਬੀਜੀਆਂ ਕਤਾਰਾਂ ਦੇ ਵਿਚਕਾਰ ਮੈਂਥੇ ਦੀਆਂ ਦੋ ਲਾਈਨਾਂ 150 ਕਿੱਲੋ ਜੜ੍ਹਾਂ ਪ੍ਰਤੀ ਏਕੜ ਵਰਤਦੇ ਹੋਏ ਅਖੀਰ ਜਨਵਰੀ ਵਿੱਚ ਬੀਜਣੀਆਂ ਚਾਹੀਦੀਆਂ ਹਨ।ਸੂਰਜਮੁਖੀ ਨੂੰ ਸਿਫ਼ਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 50 ਕਿੱਲੋ ਯੂਰੀਆ, 75 ਕਿੱਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਪੂਰੀ ਫ਼ਾਸਫ਼ੋਰਸ ਅਤੇ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਵੇਲੇ ਅਤੇ ਬਾਕੀ ਦੀ ਅੱਧੀ ਨਾਈਟ੍ਰੋਜਨ ਬਿਜਾਈ ਤੋਂ 40 ਦਿਨਾਂ ਪਿੱਛੋਂ ਪਾਓ।
ਖਾਦ ਪ੍ਰਬੰਧਨ:ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰਨੀ ਚਾਹੀਦੀ ਹੈ। ਮਿੱਟੀ ਪਰਖ ਨਾ ਕਰਵਾਉਣ ਦੀ ਸੂਰਤ ਵਿੱਚ ਸੂਰਜਮੁਖੀ ਨੂੰ 50 ਕਿੱਲੋ ਯੂਰੀਆ ਅਤੇ 75 ਕਿੱਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਪਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।ਪੋਟਾਸ਼ ਨੂੰ ਸਿਰਫ਼ ਘਾਟ ਵਾਲੀਆਂ ਜ਼ਮੀਨਾਂ ਵਿੱਚ ਹੀ ਪਾਉਣਾ ਚਾਹੀਦਾ ਹੈ। ਸਾਰੀਆਂ ਖਾਦਾਂ ਨੂੰ ਬਿਜਾਈ ਵੇਲੇ ਹੀ ਪਾ ਦੇਣੀਆਂ ਚਾਹੀਦੀਆਂ ਹਨ। ਜੇਕਰ ਜ਼ਮੀਨ ਹਲਕੀ ਹੋਵੇ ਤਾਂ ਯੂਰੀਆ ਨੂੰ ਦੋ ਬਰਾਬਰ ਹਿੱਸਿਆਂ ਵਿੱਚ, ਪਹਿਲਾ ਬਿਜਾਈ ਸਮੇਂ ਅਤੇ ਦੂਸਰਾ ਹਿੱਸਾ ਬਿਜਾਈ ਤੋਂ 30 ਦਿਨਾਂ ਬਾਅਦ ਪਾਉਣਾ ਹੈ। ਤੋਰੀਏ ਤੋਂ ਬਾਅਦ ਬੀਜੇ ਸੂਰਜਮੁਖੀ ਤੋਂ ਵੱਧ ਝਾੜ ਲੈਣ ਲਈ ਸੂਰਜਮੁਖੀ ਨੂੰ ਸਿਫ਼ਾਰਸ਼ ਖਾਦਾਂ ਦੇ ਨਾਲ 10 ਟਨ ਪ੍ਰਤੀ ਏਕੜ ਗਲੀ ਸੜੀ ਰੂੜੀ ਪਾਉਣੀ ਜ਼ਰੂਰੀ ਹੈ। ਜੇਕਰ ਦੋਗਲੀ ਸੂਰਜਮੁਖੀ ਦੀ ਫ਼ਸਲ ਆਲੂਆਂ ਤੋਂ ਪਿਛੋਂ ਬੀਜੀ ਜਾਵੇ ਜਿਸਨੂੰ 20 ਟਨ ਰੂੜੀ ਪ੍ਰਤੀ ਏਕੜ ਪਾਈ ਗਈ ਹੋਵੇ ਤਾਂ ਸੂਰਜਮੁਖੀ ਨੂੰ ਸਿਫ਼ਾਰਸ਼ ਨਾਲੋਂ ਅੱਧੀ ਨਾਈਟ੍ਰੋਜਨ ਪਾਉਣੀ ਚਾਹੀਦੀ ਹੈ।
ਸਿੰਚਾਈ: ਜ਼ਮੀਨ ਦੀ ਕਿਸਮ, ਬਾਰਿਸ਼ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਬਹਾਰ ਰੁੱਤ ਦੀ ਸੂਰਜਮੁਖੀ ਦੀ ਫ਼ਸਲ ਨੂੰ 6-9 ਸਿੰਚਾਈਆਂ ਦੀ ਲੋੜ ਪੈਂਦੀ ਹੈ। ਪੱਧਰੀ ਬਿਜਾਈ ਲਈ ਪਹਿਲਾ ਪਾਣੀ ਬਿਜਾਈ ਤੋਂ ਇਕ ਮਹੀਨੇ ਬਾਅਦ ਅਤੇ ਅਗਲੇ ਪਾਣੀ 2 ਤੋਂ 3 ਹਫਤੇ ਦੇ ਅੰਤਰ ਤੇ ਕਰਨੇ ਚਾਹੀਦੇ ਹਨ। ਮਾਰਚ ਵਿੱਚ ਪਾਣੀ ਲਾਉਣ ਦਾ ਵਕਫ਼ਾ 2 ਹਫਤੇਅਤੇ ਅਪ੍ਰੈਲ-ਮਈ ਦੇ ਗਰਮ ਮਹੀਨਿਆਂ ਵਿੱਚ 8-10 ਦਿਨਕਰ ਦੇਣਾ ਚਾਹੀਦਾ ਹੈ। ਆਖਰੀ ਪਾਣੀ ਕਟਾਈ ਤੋਂ 12-14 ਦਿਨ ਪਹਿਲਾਂ ਲਾਉਣਾ ਚਾਹੀਦਾ ਹੈ। ਫ਼ਸਲ ਨੂੰ 50% ਫੁੱਲ ਪੈਣ ਸਮੇਂ, ਦਾਣਿਆਂ ਦੇ ਨਰਮ ਅਤੇ ਸਖਤ ਦੋਧੇ ਸਮੇਂ ਤੇ ਪਾਣੀ ਦੇਣਾ ਬਹੁਤ ਜ਼ਰੂਰੀ ਹੈ।
ਵੱਧ ਝਾੜ੍ਹ, ਪਾਣੀ ਅਤੇ ਖਾਦਾਂ ਦੀ ਬੱਚਤ ਲਈ ਤੁਪਕਾ ਸਿੰਚਾਈ ਵਿਧੀ ਨਾਲ ਪਾਣੀ ਅਤੇ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਵਿਧੀ ਵਿੱਚ ਸੂਰਜਮੁਖੀ ਨੂੰ 60 ਸੈਂਟੀਮੀਟਰ ਵਿੱਥ ਤੇ ਬਣਾਈਆਂ ਵੱਟਾਂ ਉੱਪਰ ਬੂਟੇ ਤੋਂ ਬੂਟੇ ਵਿਚਕਾਰ 30 ਸੈਂਟੀਮੀਟਰ ਦਾ ਫ਼ਾਸਲਾ ਰੱਖ ਕੇ ਬੀਜਿਆ ਜਾਂਦਾ ਹੈ। ਸਿੰਚਾਈ ਦੀ ਇਸ ਵਿਧੀ ਨਾਲ ਖੇਤ ਵਿੱਚ ਨਦੀਨ ਵੀ ਘੱਟ ਹੁੰਦੇ ਹਨ ਅਤੇ ਝਾੜ ਵਿੱਚ ਵਾਧਾ ਵੀ ਹੁੰਦਾ ਹੈ।
ਨਦੀਨਾਂ ਦੀ ਰੋਕਥਾਮ: ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਨਦੀਨ ਉੱਗਣ ਤੋਂ 2-3 ਹਫਤੇ ਪਿੱਛੋਂ ਅਤੇ ਦੂਜੀ ਉਸ ਤੋਂ 3 ਹਫ਼ਤੇ ਪਿੱਛੋਂ ਕਰਨੀ ਚਾਹੀਦੀ ਹੈ।
ਕਟਾਈ ਅਤੇ ਗਹਾਈ: ਜਦੋਂ ਸਿਰਾਂ ਦਾ ਰੰਗ ਹੇਠਲੇ ਪਾਸਿਉਂ ਪੀਲਾ ਭੂਰਾ ਹੋ ਜਾਵੇ ਅਤੇ ਡਿਸਕ ਸੁੱਕਣੀ ਸ਼ੁਰੂ ਹੋ ਜਾਵੇ ਤਾਂ ਫ਼ਸਲ ਦੀ ਕਟਾਈ ਕਰਨੀ ਚਾਹੀਦੀ ਹੈ। ਇਸ ਸਮੇਂ ਬੀਜ ਪੂਰੀ ਤਰਾਂ ਪੱਕ ਕੇ ਕਾਲੇ ਹੋ ਜਾਂਦੇ ਹਨ।ਗਹਾਈ ਕਰਨ ਤੋਂ ਪਹਿਲਾਂ ਕਟਾਈ ਕੀਤੇ ਸਿਰਚੰਗੀ ਤਰਾਂ ਸੁਕੇ ਹੋਣੇ ਚਾਹੀਦੇ ਹਨ। ਸਟੋਰ ਕੀਤੇ ਬੀਜ ਨੂੰ ਉੁਲੀ ਤੋਂ ਬਚਾਉਣ ਲਈ ਗਹਾਈ ਤੋਂ ਪਿੱਛੋਂ ਅਤੇ ਸਟੋਰ ਵਿੱਚ ਰੱਖਣ ਤੋਂ ਪਹਿਲਾਂ ਬੀਜ ਨੂੰ ਚੰਗੀ ਤਰ੍ਹਾਂ ਸੁਕਾ ਲੈਣਾ ਚਾਹੀਦਾ ਹੈ।