ਕਿਸਾਨ ਅੰਦੋਲਨ ਹੋਵੇਗਾ ਹੋਰ ਤੇਜ਼; 32 ਕਿਸਾਨ ਜਥੇਬੰਦੀਆਂ ਦੇ ਆਗੂ 14 ਦਸੰਬਰ ਨੂੰ ਕਰਨਗੇ ਭੁੱਖ ਹੜਤਾਲ

TeamGlobalPunjab
2 Min Read

ਚੰਡੀਗੜ੍ਹ, (ਅਵਤਾਰ ਸਿੰਘ): ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਾਫ ਕਹਿ ਦਿੱਤਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ ਪਰ ਪਹਿਲਾਂ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇ। ਕਿਸਾਨ ਲੀਡਰਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਕਿਸਾਨ ਨੇਤਾਵਾਂ ਨੇ ਇਹ ਵੀ ਐਲਾਨ ਕੀਤਾ ਕਿ 14 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਮੋਦੀ ਸਰਕਾਰ ਵਿਰੁੱਧ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਬੈਠਣਗੇ।

ਸ਼ਨਿਚਰਵਾਰ (13 ਦਸੰਬਰ) ਨੂੰ ਯੂਨੀਅਨਾਂ ਦੇ ਲੀਡਰਾਂ ਦੀ ਇਕ ਮੀਟਿੰਗ ਮਗਰੋਂ ਕਿਸਾਨ ਨੇਤਾ ਕੰਵਲਪ੍ਰੀਤ ਸਿੰਘ ਪੰਨੂ ਨੇ ਪੱਤਰਕਾਰਾਂ ਨੂੰ ਮੁਖਾਤਬ ਹੁੰਦਿਆਂ ਦੱਸਿਆ ਕਿ ਰਾਜਸਥਾਨ ਦੇ ਸ਼ਾਹਜਹਾਂਪੁਰ ਤੋਂ ਹਜ਼ਾਰਾਂ ਕਿਸਾਨ ਅੱਜ (ਐਤਵਾਰ) ਨੂੰ ਸਵੇਰੇ 11 ਵਜੇ ਜੈਪੁਰ-ਦਿੱਲੀ ਹਾਈਵੇਅ ਰਾਹੀਂ ‘ਦਿੱਲੀ ਚੱਲੋ’ ਮਾਰਚ ਸ਼ੁਰੂ ਕਰਨਗੇ ਤੇ ਇਹ ਮਾਰਗ ਬੰਦ ਕਰਨ ਲਈ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਹੋਰ ਰਾਜਾਂ ਤੋਂ ਵੀ ਇਸ ਅੰਦੋਲਨ ’ਚ ਸ਼ਾਮਲ ਹੋਣ ਲਈ ਕਿਸਾਨ ਪੁੱਜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਉਹ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਹੋਰ ਤੇਜ਼ ਕਰਨਗੇ। ਕਿਸਾਨ ਯੂਨੀਅਨਾਂ ਦੇ ਲੀਡਰ 14 ਦਸੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਦਿਨ ਦੀ ਭੁੱਖ ਹੜਤਾਲ ਵੀ ਕਰਨਗੇ। ਕਿਸਾਨ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸੰਘਰਸ਼ੀ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਕਿਸਾਨ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ।
ਬੀ ਕੇ ਯੂ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਉਹ 19 ਦਸੰਬਰ ਨੂੰ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਖ਼ੁਦ ਭੁੱਖ ਹੜਤਾਲ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ‘ਦਿੱਲੀ ਚੱਲੋ’ ਤਹਿਤ ਆ ਰਹੀਆਂ ਟਰਾਲੀਆਂ ਨੂੰ ਧੱਕੇ ਨਾਲ ਰੋਕਿਆ ਜਾ ਰਿਹਾ ਹੈ ਜਿਸ ਕਾਰਨ ਹੋਰ ਰਾਹ ਵੀ ਬੰਦ ਹੋ ਸਕਦੇ ਹਨ। ਇਸ ਲਈ ਇਨ੍ਹਾਂ ਟਰਾਲੀਆਂ ਨੂੰ ਦਿੱਲੀ ਆਉਣ ਦਿੱਤਾ ਜਾਵੇ। ਸਮਾਜਿਕ ਕਾਰਕੁਨ ਯੋਗੇਂਦਰ ਯਾਦਵ ਨੇ ਕਿਹਾ ਕਿ ਰਾਜਸਥਾਨ ਤੇ ਹਰਿਆਣਾ ਦੇ ਕਿਸਾਨ ਇਕਜੁੱਟ ਹਨ ਤੇ ਉਨ੍ਹਾਂ ਦਾ ਦਿੱਲੀ ਮਾਰਚ ਐਤਵਾਰ ਨੂੰ ਸ਼ੁਰੂ ਹੋਵੇਗਾ।

Share This Article
Leave a Comment