ਗੁਰਦਾਸਪੁਰ : ਪੰਜਾਬ ਅੰਦਰ ਹਰ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇੱਕ ਕਤਲ ਕੇਸ ਦਾ ਮਾਮਲਾ ਸ਼ਾਂਤ ਨਹੀਂ ਹੁੰਦਾ ਕਿ ਦੂਸਰਾ ਸਾਹਮਣੇ ਆ ਜਾਂਦਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਕਸਬਾ ਧਾਰੀਵਾਲ ‘ਚ ਬੀਤੀ ਕੱਲ੍ਹ ਦੇਰ ਸ਼ਾਮ ਸਾਹਮਣੇ ਆਇਆ ਹੈ। ਇੱਥੇ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਹਨੀ ਮਹਾਜਨ ‘ਤੇ ਜਾਨ ਲੇਵਾ ਹਮਲਾ ਹੋਇਆ ਹੈ।

ਜਾਣਕਾਰੀ ਮੁਤਾਬਿਕ ਇਸ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਹਨੀ ਮਹਾਜਨ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਦੌਰਾਨ ਉਸ ਦੀ ਦੁਕਾਨ ਦੇ ਗੁਆਂਢੀ ਅਸ਼ੋਕ ਨੂੰ ਵੀ ਗੋਲੀਆਂ ਲੱਗੀਆਂ ਹਨ। ਇਸ ਉਪਰੰਤ ਜਦੋਂ ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਉੱਥੇ ਅਸ਼ੋਕ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦੋਂ ਕਿ ਹਨੀ ਮਹਾਜਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਸਬੰਧੀ ਕੁਝ ਵਿਅਕਤੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਮਲਾਵਰਾਂ ਨੇ ਆਪਣੇ ਮੂੰਹ ਨੂੰ ਢਕ ਰੱਖਿਆ ਸੀ ਜਿਸ ਕਾਰਨ ਚਿਹਰੇ ਦਿਖਾਈ ਨਹੀਂ ਦਿੱਤੇ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਗੱਡੀ ਤੋਂ ਬਾਹਰ ਆਉਂਦਿਆਂ ਹੀ ਹਨੀ ਅਤੇ ਅਸ਼ੋਕ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਮਾਮਲੇ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਇੱਧਰ ਦੂਜੇ ਪਾਸੇ ਜਾਂਚ ਅਧਿਕਾਰੀਆਂ ਨੇ ਵੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।