ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਬੇਅਦਬੀ ਮਾਮਲੇ ‘ਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ।ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਹ ਅਲਟਰ ਜਾਰੀ ਕੀਤਾ ਗਿਆ ਹੈ।ਪੰਜਾਬ ਨਾਲ ਜੁੜੇ ਇਸ ਮੁੱਦੇ ਤੋਂ ਬਾਅਦ ਰਾਜਧਾਨੀ ਦਿੱਲੀ ਸਮੇਤ NCR ‘ਚ ਸਥਿਤ ਕਈ ਧਾਰਮਿਕ ਸਥਾਨ ਕੁਝ ਸਮਾਜ ਵਿਰੋਧੀ ਅਨਸਰਾਂ/ਅੱਤਵਾਦੀਆਂ ਦੇ ਰਾਡਾਰ ‘ਤੇ ਹਨ।
ਪੰਜਾਬ ਸਰਕਾਰ ਨੂੰ ਸਾਰੇ ਧਾਰਮਿਕ ਸਥਾਨਾਂ, ਡੇਰਿਆਂ, ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿਤੇ ਗਏ ਹਨ। ਅਸਲ ਵਿੱਚ ਚੋਣਾਂ ਤੋਂ ਕੁਝ ਹਫਤੇ ਪਹਿਲਾਂ ਹੀ ਅਜਿਹੀਆਂ ਘਟਨਾਵਾਂ ਦੇ ਵਾਪਰਨ ਕਾਰਨ ਡੂੰਘੀ ਸਾਜ਼ਿਸ਼ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸਿਆਸੀ ਗਲਿਆਰਿਆਂ ਵਿੱਚ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਚਿੰਤਾ ਪ੍ਰਗਟਾਈ ਜਾ ਰਹੀ ਹੈ। ਸੱਤਾਧਾਰੀ ਪਾਰਟੀ ਤੋਂ ਲੈ ਕੇ ਵਿਰੋਧੀ ਧਿਰ ਤੱਕ ਹਰ ਕੋਈ ਇਸ ਮੰਦਭਾਗੀ ਘਟਨਾ ਦੀ ਸਖ਼ਤ ਨਿੰਦਾ ਕਰ ਰਿਹਾ ਹੈ।
ਦਿੱਲੀ ਦੇ ਸਪੈਸ਼ਲ ਸੈੱਲ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਵਿਸ਼ੇਸ਼ ਤੌਰ ‘ਤੇ ਅਲਰਟ ਕੀਤਾ ਗਿਆ ਹੈ। ਪੁਲਿਸ ਵਲੋਂ ਧਰਮ ਅਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਸੀਸੀਟੀਵੀ ਕੈਮਰੇ ਲਗਵਾਉਣ ਤੇ ਬੰਦ ਪਏ ਕੈਮਰੇ ਚਾਲੂ ਕਰਾਉਣ ਲਈ ਆਖਿਆ ਗਿਆ ਹੈ ਤਾਂ ਜੋ ਭਵਿੱਖ ਵਿਚ ਬੇਅਦਬੀ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।