ਚੰਡੀਗੜ੍ਹ (ਅਵਤਾਰ ਸਿੰਘ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਜਾਰੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਇਸ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੀ ਹੈ। ਪੰਜ ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਵਿੱਚ ਚਾਰ ਘੰਟੇ ਲਈ ਸੜਕੀ ਤੇ ਰੇਲ ਆਵਾਜਾਈ ਰੋਕਣ ਲਈ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਸਭ ਲੇਖਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬੰਦ ਜਾਂ ਰੋਸ ਮੁਜ਼ਾਹਰੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਨੇ ਕਿਹਾ ਕਿ ਲੇਖਕ ਦੋਸਤ ਪੁਰ-ਅਮਨ ਰਹਿੰਦੇ ਹੋਏ ਸਮਾਜਕ ਦੂਰੀ ਵੀ ਬਣਾ ਕੇ ਰੱਖਣ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕਾਂ ਮੰਗਾਂ ਤੁਰੰਤ ਪ੍ਰਵਾਨ ਕਰੇ।