ਪਟਿਆਲਾ : ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਬਾਬਤ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੱਤਾ ਹਥਿਆਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਤਾਂ ਪੰਜਾਬ ਵਿੱਚੋਂ ਨਸ਼ਾ ਹੀ ਖਤਮ ਕਰਵਾ ਸਕੇ ਹਨ ਅਤੇ ਨਾ ਨਸ਼ੇ ਦੇ ਵੱਡੇ ਸਮਗਲਰ ਫੜ ਸਕੇ ਹਨ, ਸਗੋਂ ਇਸੇ ਉਲਟ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਹੀ ਨਸ਼ਾ ਤਸਕਰੀ ਦੇ ਝੂਠੇ ਕੇਸਾਂ ਵਿੱਚ ਉਲਝਾਇਆ ਜਾ ਰਿਹਾ ਹੈ। ਡਾ. ਗਾਂਧੀ ਇਥੇ ਕਸਬਾ ਘਨੌਰ ਵਿਖੇ ਇੱਕ ਚੋਣ ਮੀਟਿੰਗ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਨ ਆਏ ਹੋਏ ਸਨ । ਉਹਨਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਅੰਦਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ।
ਡਾ. ਗਾਂਧੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਬਣਨ ਉਪਰੰਤ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਹੁਣ ਜਦੋਂ ਲੋਕ ਸਭਾ ਚੋਣਾਂ ਆ ਗਈਆਂ ਹਨ ਤਾਂ ਮੁੜ ਤੋਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਝੂਠੇ ਸਬਜ਼ਬਾਗ ਦਿਖਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀਆਂ ਦੇ ਝੂਠਾਂ ਤੋਂ ਭਲੀਭਾਂਤ ਜਾਣੂ ਹਨ ਉਹ ਹੁਣ ਇਹਨਾਂ ਦੋਵੇ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ। ਡਾ. ਗਾਂਧੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਮੈਂਨੂੰ ਦੁਬਾਰਾ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਮੈਂ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਪੂਰੀ ਤੇਜ਼ੀ ਨਾਲ ਕਰਵਾਏ ਜਾ ਸਕਣ ।
ਕੈਪਟਨ ਨੇ ਸੱਤਾ ਹਥਿਆਉਣ ਲਈ ਚੁੱਕੀ ਸੀ ਗੁਟਕਾ ਸਾਹਿਬ ਦੀ ਝੂਠੀ ਸਹੁੰ- ਡਾ. ਧਰਮਵੀਰ ਗਾਂਧੀ

Leave a Comment
Leave a Comment