ਫ਼ਤਿਹਗੜ੍ਹ ਸਾਹਿਬ: ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅਨਸਰਾਂ ਵੱਲੋਂ ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਕਿਉਂਕਿ ਕੋਰੋਨਾ ਵਾਇਰਸ ਦਾ ਟੈਸਟ ਨਾ ਕਰਵਾਉਣਾ ਇਸ ਬਿਮਾਰੀ ਨੂੰ ਬੜਾਵਾ ਦੇਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਬਿਮਾਰੀ ਦੇ ਖਾਤਮੇ ਲਈ ਯਤਨਸ਼ੀਲ ਹੈ ਅਤੇ ਲੋਕਾਂ ਨੂੰ ਇਸ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹੁਣ ਤਾਂ ਕੋਰੋਨਾ ਦੇ ਲੱਛਣ ਨਾ ਆਉਣ ਜਾਂ ਘੱਟ ਆਉਣ ਵਾਲੇ ਕੋਰੋਨਾ ਪੋਜੇਟਿਵ ਮਰੀਜਾਂ ਨੂੰ ਆਪਣੇ ਘਰਾਂ ਵਿੱਚ ਹੀ ਆਈਸੋਲੇਟ ਕਰਨ ਦੀ ਸਹੂਲਤ ਵੀ ਦੇ ਦਿੱਤੀ ਹੈ ਇਸ ਲਈ ਜਿ਼ਲ੍ਹੇ ਦੇ ਨਾਗਰਿਕ ਆਪਣਾ ਟੈਸਟ ਕਰਵਾਉਣ ਲਈ ਅੱਗੇ ਆਉਣ।
ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਰੀਜਾਂ ਨੂੰ ਆਈਸੋਲੇਟ ਕਰਨ ਲਈ ਜਿ਼ਲ੍ਹੇ ਵਿੱਚ ਚਾਰ ਆਈਸੋਲੇਸ਼ਨ ਸੈਂਟਰ ਵੀ ਬਣਾਏ ਗਏ ਹਨ ਜੋ ਕਿ ਰਿਮਟ ਕਾਲਜ ਮੰਡੀ ਗੋਬਿੰਦਗੜ੍ਹ, ਸਰਹਿੰਦ, ਖੇੜਾ ਤੇ ਚਨਾਰਥਲ ਵਿਖੇ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਮਰੀਜਾਂ ਦਾ ਪੂਰਾ ਖਿਆਲ ਰੱਖਿਆ ਜਾਂਦਾ ਹੈ ਅਤੇ ਮਾਹਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਿਮਾਰੀ ਦਾ ਪਹਿਲੀ ਸਟੇਜ ’ਤੇ ਇਲਾਜ ਆਸਾਨੀ ਨਾਲ ਹੋ ਜਾਂਦਾ ਹੈ ਪ੍ਰੰਤੂ ਬਿਮਾਰੀ ਦੇ ਵੱਧਣ ਨਾਲ ਇਸ ਦਾ ਇਲਾਜ ਮੁਸ਼ਕਲ ਹੁੰਦਾ ਹੈ। ਇਸ ਲਈ ਲੋਕ ਅੱਗੇ ਆ ਕੇ ਆਪਣਾ ਟੈਸਟ ਕਰਵਾਉਣ ਅਤੇ ਜੇਕਰ ਉਨ੍ਹਾਂ ਨੂੰ ਕੋਰੋਨਾ ਪੋਜੇਟਿਵ ਆਉਂਦਾ ਹੈ ਤਾਂ ਉਹ ਹਸਪਤਾਲ ਵਿੱਚ ਜਾਂ ਘਰ ਰਹਿ ਕੇ ਆਪਣਾ ਇਲਾਜ ਕਰਵਾ ਸਕਦੇ ਹਨ।
ਸਿਵਲ ਸਰਜਨ ਨੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਅਫਵਾਹਾਂ ਫੈਲਾਉਣ ਤੋਂ ਗੁਰੇਜ ਕਰਨ ਨਹੀਂ ਤਾਂ ਉਨ੍ਹਾਂ ਦੇ ਵਿਰੁੱਧ ਧਾਰਾ 188 ਅਤੇ ਅਪੈਡਮਿਕ ਐਕਟ ਅਧੀਨ ਸਜਾ ਹੋ ਸਕਦੀ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਹਾਲ ਵਿੱਚ ਬਖਸਿ਼ਆ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ’ਤੇ ਜਿੱਤ ਪ੍ਰਾਪਤ ਕਰਨ ਵਾਲੇ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਾਗੜੀਆਂ ਨੇੜੇ ਰਹਿਣ ਵਾਲੇ ਤਰਸੇਮ ਲਾਲ ਨੇ ਦੱਸਿਆ ਕਿ ਉਸ ਨੂੰ ਕੋਰੋਨਾ ਵਾਇਰਸ ਨੇ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ ਜਿਸ ਕਾਰਨ ਉਹ ਬ੍ਰਾਹਮਣ ਮਾਜਰਾ ਵਿਖੇ ਸਥਿਤ ਹਸਪਤਾਲ ’ਚ ਦਾਖਲ ਕੀਤਾ ਗਿਆ ਜਿਥੇ ਡਾਕਟਰਾਂ ਨੇ ਬਹੁਤ ਹੀ ਵਧੀਆ ਢੰਗ ਨਾਲ ਉਸ ਦਾ ਇਲਾਜ ਕੀਤਾ ਤੇ ਉਸ ਨੂੰ ਸਮੇਂ ਸਿਰ ਖਾਣਾ ਪਾਣੀ ਤੇ ਦਵਾਈਆਂ ਦਿੱਤੀਆਂ ਜਾਂਦੀਆਂ ਸਨ ਜਿਸ ਕਾਰਨ ਉਹ 18 ਦਿਨਾਂ ਵਿੱਚ ਇਸ ਬਿਮਾਰੀ ਨੂੰ ਮਾਤ ਦੇ ਸਕਿਆ ਹੈ। ਉਸ ਨੇ ਪੰਜਾਬ ਸਰਕਾਰ ਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਮਰੀਜਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ।
ਰਾਜਸਥਾਨ ਜੈਪੁਰ ਦੇ ਰਹਿਣ ਵਾਲੇ ਲੱਖੀ ਜਗਬਾਨੀ ਨੇ ਦੱਸਿਆ ਕਿ ਉਹ ਨਿੱਜੀ ਕੰਮ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਆਇਆ ਸੀ ਜਿਥੇ ਉਹ ਕੋਰੋਨਾ ਵਾਇਰਸ ਦੀ ਜਕੜ ਵਿੱਚ ਆ ਗਿਆ । ਉਸ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਉਸ ਦਾ ਇਲਾਜ ਕੀਤਾ ਗਿਆ ਜਿਥੇ ਕਿ ਡਾਕਟਰਾਂ ਨੇ ਬਹੁਤ ਹੀ ਦੋਸਤਾਨਾ ਮਾਹੌਲ ਵਿੱਚ ਉਸ ਦਾ ਇਲਾਜ ਕੀਤਾ ਜਿਸ ਕਾਰਨ ਹੁਣ ਉਹ ਪੂਰੀ ਤਰ੍ਹਾਂ ਠੀਕ ਹੈ। ਉਸ ਨੇ ਜਿ਼ਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ ਜਿਨ੍ਹਾਂ ਦੀ ਬਦੌਲਤ ਉਹ ਇਸ ਮਹਾਂਮਾਰੀ ਨੂੰ ਹਰਾ ਕੇ ਠੀਕ ਠਾਕ ਹੋ ਗਿਆ ਹੈ। ਉਸ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਟੈਸਟ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਸਗੋਂ ਮੋਹਰੀ ਹੋ ਕੇ ਆਪਣਾ ਟੈਸਟ ਕਰਵਾਉਣ ਕਿਉਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।