ਮੁੰਬਈ : ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਨੇ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਨੂੰ ਵੀ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ । ਰਾਜ ਵਿਚ ਕੋਵਿਡ -19 ਨਾਲ ਹੁਣ ਤਕ 22 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ, 130 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਜਾਂਚ ਰਿਪੋਰਟ ਸਕਾਰਾਤਮਕ ਆਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਕੋਰੋਨਾ ਪਾਜਿਟਿਵ ਪੁਲਿਸ ਮੁਲਾਜ਼ਮਾਂ ਦਾ ਅੰਕੜਾ 2095 ਤਕ ਪਹੁੰਚ ਗਿਆ ਹੈ।
ਰਿਪੋਰਟਾਂ ਅਨੁਸਾਰ ਰਾਜ ਵਿੱਚ ਕੁੱਲ ਕੋਰੋਨਾ ਸੰਕਰਮਿਤ ਪੁਲਿਸ ਕਰਮਚਾਰੀਆਂ ਵਿੱਚੋਂ 236 ਅਧਿਕਾਰੀ ਲੇਬਲ ਦੇ ਦਸੇ ਜਾ ਰਹੇ ਹਨ, ਜਦੋਂ ਕਿ 1859 ਕਾਂਸਟੇਬਲ ਰੈਂਕ ਦੇ ਹਨ। ਇਨ੍ਹਾਂ ਸਾਰਿਆਂ ਦਾ ਇਲਾਜ਼ ਵੱਖ-ਵੱਖ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਵੀ ਕੋਰੋਨਾ ਵਾਇਰਸ ਨੂੰ ਹਰਾ ਕੇ ਡਿਊਟੀ ‘ਤੇ ਪਰਤੇ ਹਨ।