ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਨੂੰ ਲੈ ਕੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੇ ਮੋਰਿੰਡਾ ਸ਼ਹਿਰ ‘ਚ ਕੱਢਿਆ ਵਿਸ਼ਾਲ ਜਾਗੋ ਮਾਰਚ

TeamGlobalPunjab
2 Min Read

ਮੋਰਿੰਡਾ: ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਵਿਸ਼ਾਲ ਜਾਗੋ ਮਾਰਚ ਕੱਢਿਆ ਗਿਆ। ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਸੰਘਰਸ਼ ਦੇ ਰਾਹ ਤੇ ਤੁਰੇ ਹੋਏ ਹਨ।

ਅੱਜ ਦੇ ਰੋਸ ਧਰਨੇ ‘ਚ ਰੂਪਨਗਰ, ਮੁਹਾਲੀ ਤੇ ਪਟਿਆਲਾ ਜ਼ਿਲ੍ਹੇ ਦੇ ਅਧਿਆਪਕ ਸ਼ਾਮਲ ਹੋਏ। ਇਸ ਮੌਕੇ ਅਧਿਆਪਕਾਂ ਵੱਲੋਂ ਮੋਰਿੰਡਾ ਦੇ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਮੁਰਦਾਬਾਦ ,ਵਿੱਤ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ। ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਐੱਨ.ਐੱਨ ਸੈਣੀ, ਸੂਬਾ ਸਕੱਤਰ ਅਸ਼ਵਨੀ ਸ਼ਰਮਾ, ਜ਼ਿਲ੍ਹਾ ਰੂਪਨਗਰ ਦੇ ਸਕੱਤਰ ਰਣਜੀਤ ਸਿੰਘ ਆਨੰਦਪੁਰ ਸਾਹਿਬ, ਮੁਹਾਲੀ ਦੇ ਪ੍ਰਧਾਨ ਚਰਨਜੀਤ ਸਿੰਘ, ਦਲਜੀਤ ਸਿੰਘ, ਯਾਦਵਿੰਦਰ ਕੁਮਾਰ, ਪਟਿਆਲਾ ਤੋਂ ਜਗਮੋਹਣ ਅਤੇ ਅਨਿਲ ਭਾਰਤੀ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸਮੇਤ ਹੋਰਨਾਂ ਮੰਤਰੀਆਂ ਨੂੰ ਬੀਤੇ ਕਾਫੀ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਹਲਕੇ ਦੇ ਪਿੰਡ ਘੜੂੰਆਂ ਵਿਖੇ ਬਠਿੰਡਾ, ਨਵਾਂ ਸ਼ਹਿਰ, ਮੁਕਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਅਧਿਆਪਕ ਜਾਗੋ ਮਾਰਚ ਕੱਢਣਗੇ। ਜਦ ਕਿ ਬੁੱਧਵਾਰ ਨੂੰ ਬੇਲਾ ਕਸਬੇ ਵਿਚ ਅੰਮ੍ਰਿਤਸਰ, ਪਠਾਨਕੋਟ, ਫ਼ਰੀਦਕੋਟ ਤੇ ਕਪੂਰਥਲਾ ਜ਼ਿਲ੍ਹੇ ਦੇ ਅਧਿਆਪਕ ਜਾਗੋ ਮਾਰਚ ਕੱਢਣਗੇ।ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਾਂਗ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਵੀ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ।

Share This Article
Leave a Comment