ਡੀਜੀਪੀ ਅਤੇ ਭਾਰਤ ਭੂਸ਼ਨ ਆਸ਼ੂ ਦੀ ਬਰਖ਼ਾਸਤਗੀ ਨੂੰ ਲੈ ਕੇ ‘ਆਪ’ ਨੇ ਠੱਪ ਕੀਤੀ ਸਦਨ ਦੀ ਕਾਰਵਾਈ

TeamGlobalPunjab
3 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਠੱਪ ਕਰੀ ਰੱਖ। ਸਪੀਕਰ ਰਾਣਾ ਕੇਪੀ ਸਿੰਘ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ ਅਤੇ ਆਖਰ ਸਪੀਕਰ ਨੂੰ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਉਠਾਉਣਾ ਪਈ।

ਸੋਮਵਾਰ ਦੁਪਹਿਰ ਬਾਅਦ ਜਿਉਂ ਹੀ ਪ੍ਰਸ਼ਨਕਾਲ ਸ਼ੁਰੂ ਹੋਇਆ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਦਿੱਤੇ ਵਿਵਾਦਗ੍ਰਸਤ ਬਿਆਨ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਉੱਪਰ ਪੁਲਿਸ ਅਧਿਕਾਰੀ ਬਲਵਿੰਦਰ ਸੇਖੋਂ ਵੱਲੋਂ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਹਿਣ ਦੇ ਮੁੱਦੇ ਉਠਾ ਦਿੱਤੇ ਗਏ।

ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਦੀ ਬਰਖ਼ਾਸਤਗੀ ਦੀ ਹਰਪਾਲ ਸਿੰਘ ਚੀਮਾ ਵੱਲੋਂ ਉਠਾਈ ਗਈ ਮੰਗ ਜਦੋਂ ਸਪੀਕਰ ਨੇ ਅਣਸੁਣੀ ਕਰਕੇ ਪ੍ਰਸ਼ਨਕਾਲ ਦੀ ਕਾਰਵਾਈ ਸ਼ੁਰੂ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ ‘ਆਪ’ ਦੇ ਵਿਧਾਇਕਾਂ ਨੇ ਸਪੀਕਰ ਦੇ ਸਾਹਮਣੇ ਆ ਕੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿੰਨਾ ‘ਚ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਮਾਸਟਰ ਬਲਦੇਵ ਸਿੰਘ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ।

ਬੇਸ਼ੱਕ ਸਪੀਕਰ ਰਾਣਾ ਕੇਪੀ ਸਿੰਘ ਨੇ ਸਦਨ ਦੇ ਮੁਖੀ ਅਰਥਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਦਨ ‘ਚ ਗੈਰ ਮੌਜੂਦਗੀ ਦਾ ਹਵਾਲਾ ਦੇ ਸਦਨ ਦੀ ਕਾਰਵਾਈ ‘ਚ ਸਹਿਯੋਗ ਮੰਗਿਆ ਪਰੰਤੂ ‘ਆਪ’ ਵਿਧਾਇਕਾਂ ਨੇ ਭਾਰਤ ਭੂਸਨ ਆਸ਼ੂ ਨੂੰ ਕੈਬਨਿਟ ‘ਚ ਬਾਹਰ ਕੱਢਣ ਅਤੇ ਗ੍ਰਿਫਤਾਰ ਕਰਨ ਦੇ ਨਾਲ-ਨਾਲ ਡੀਜੀਪੀ ਦਿਨਕਰ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ‘ਤੇ ਅੜੇ ਰਹੇ ਅਤੇ ਸਦਨ ਦੀ ਕਾਰਵਾਈ ਚੱਲਣ ਨਹੀਂ ਦਿੱਤੀ, ਜਿਸ ਕਾਰਨ ਸਪੀਕਰ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

- Advertisement -

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਤਵਾਦ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਕਾਂਗਰਸ ਦੀ ਆਪਣੀ ਕੈਬਨਿਟ ‘ਚ ਅੱਤਵਾਦੀ ਬੈਠਾ ਹੈ, ਜਿਸ ਦੀ ਡੀਐਸਪੀ ਸੇਖੋਂ ਨੇ ਦਸਤਾਵੇਜ਼ਾਂ ਨਾਲ ਪੋਲ ਖੋਲ੍ਹ ਦਿੱਤੀ ਹੈ। ਇਸ ਲਈ ਕੈਪਟਨ ਭਾਰਤ ਭੂਸ਼ਨ ਆਸ਼ੂ ਨੂੰ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤੀ ਜਾਵੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਜਾ ਕੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਇਹ ਕਹਿਣਾ ਕਿ ਸ੍ਰੀ ਕਰਤਾਰਪੁਰ ਸਾਹਿਬ ‘ਚ ਇੰਨੀ ਗੁੰਜਾਇਸ਼ ਹੈ ਕਿ ਉੱਥੇ ਸ਼ਰਧਾਲੂ ਨੂੰ ਉਹ (ਪਾਕਿਸਤਾਨ) 6 ਘੰਟਿਆਂ ‘ਚ ਅੱਤਵਾਦੀ ਬਣਾ ਸਕਦਾ। ਇਹ ਟਿੱਪਣੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ‘ਤੇ ਅੱਤਵਾਦੀ ਹੋਣ ਦੇ ਸ਼ੱਕ ਪੈਦਾ ਕਰਦੀ ਹੈ ਅਤੇ ਸਿੱਖਾਂ ਦੀ ਦੁਨੀਆ ਭਰ ‘ਚ ਅਕਸ ਖ਼ਰਾਬ ਕਰਦੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਿਉਂਕਿ ਡੀਜੀਪੀ ਵਰਗੇ ਜ਼ਿੰਮੇਵਾਰ ਅਧਿਕਾਰੀ ਦੀ ਇਹ ਟਿੱਪਣੀ ਭਾਈਚਾਰਕ ਨੂੰ ਤੋੜਨ ਵਾਲੀ ਹੈ ਅਤੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜੇ ਕਰਦੀ ਹੈ।
ਇਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਦੇ ਮੁੱਖ ਦਰਵਾਜ਼ੇ ਸਾਹਮਣੇ ਧਰਨੇ ‘ਤੇ ਬੈਠ ਕੇ ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਦੀ ਬਰਖ਼ਾਸਤਗੀ ਦੀ ਮੰਗ ਕੀਤੀ।

Share this Article
Leave a comment