ਡੀਜੀਪੀ ਦੇ ਬਿਆਨ ਕਾਰਨ ਵਿਧਾਨ ਸਭਾ ਦਾ ਮਾਹੌਲ ਗਰਮ

TeamGlobalPunjab
3 Min Read

ਚੰਡੀਗੜ੍ਹ : ( ਦਰਸ਼ਨ ਸਿੰਘ ਖੋਖਰ ) : ਪੰਜਾਬ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਦੇ ਵਿਵਾਦਤ ਬਿਆਨ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਲੱਗੇ ਦੋਸ਼ਾਂ ਕਾਰਨ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਰਿਹਾ ।

ਵਿਧਾਨ ਸਭਾ ਦੇ ਬਾਹਰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੁਲਿਸ ਮੁਖੀ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਹੱਥਾਂ ਵਿੱਚ ਤਖਤੀਆਂ ਲੈ ਕੇ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਡੀਜੀਪੀ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਬਾਰੇ ਗਲਤ ਬਿਆਨੀ ਕਰਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਕਾਰਨ ਡੀਜੀਪੀ ਦਿਨਕਰ ਗੁਪਤਾ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ।

 

ਅਕਾਲੀ ਦਲ ਦੇ ਵਿਧਾਇਕਾਂ ਨੇ ਵੀ ਡੀਜੀਪੀ ਦਿਨਕਰ ਗੁਪਤਾ ਦੀ ਬਿਆਨਬਾਜ਼ੀ ਖ਼ਿਲਾਫ਼ ਅਤੇ ਫੂਡ ਫਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਖਿਲਾਫ ਲੱਗੇ ਦੋਸ਼ਾਂ ਦੇ ਮਾਮਲੇ ਬਾਰੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ।

- Advertisement -

ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਗੰਨਾ ਕਿਸਾਨਾਂ ਨੂੰ ਅਦਾਇਗੀ ਨਾ ਕਰਨ ਦੇ ਖਿਲਾਫ਼ ਰੋਸ ਪ੍ਰਗਟਾਇਆ । ਉਨ੍ਹਾਂ ਕਿਹਾ ਕਿ ਤਿੰਨ ਸੌ ਕਰੋੜ ਤੋਂ ਵਧੇਰੇ ਦੀ ਅਦਾਇਗੀ ਕਿਸਾਨਾਂ ਨੂੰ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਕਿਸਾਨ ਆਰਥਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ । ਵਿਧਾਇਕ ਪਵਨ ਟੀਨੂੰ ਅਤੇ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ ਦੇ ਅੰਦਰ ਗੰਨੇ ਲਿਜਾ ਕੇ ਮੁੱਖ ਮੰਤਰੀ ਨੂੰ ਭੇਟ ਕਰਨਾ ਚਾਹੁੰਦੇ ਸਨ ਪਰ ਸੁਰੱਖਿਆ ਦਸਤਿਆਂ ਨੇ ਗੰਨੇ ਵਿਧਾਨ ਸਭਾ ਦੇ ਅੰਦਰ ਨਹੀਂ ਲਿਜਾਣ ਦਿੱਤੇ।

ਵਿਧਾਨ ਸਭਾ ਦੇ ਬਾਹਰ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਡੀਜੀਪੀ ਦਿਨਕਰ ਗੁਪਤਾ ਮਾਮਲੇ ਕਾਰਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਦਾ ਬਿਆਨ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਸਿਮਰਜੀਤ ਸਿੰਘ ਬੈਂਸ ਨੇ ਭਾਰਤ ਭੂਸ਼ਨ ਆਸ਼ੂ ਤੇ ਲੱਗੇ ਦੋਸ਼ਾਂ ਬਾਰੇ ਜਾਂਚ ਕਰਵਾਉਣ ਦੀ ਮੰਗ ਕੀਤੀ।

ਵਿਧਾਨ ਸਭਾ ਦੇ ਅੰਦਰ ਵੀ ਮਾਹੌਲ ਹੰਗਾਮੇ ਭਰਪੂਰ ਬਣਿਆ ਹੋਇਆ ਸੀ। ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਤੇ ਬੀਜੇਪੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਕਈ ਵਾਰ ਵਿਧਾਨ ਸਭਾ ਦਾ ਸੈਸ਼ਨ ਸਪੀਕਰ ਨੂੰ ਉਠਾਉਣਾ ਪਿਆ।

ਵਿਧਾਨ ਸਭਾ ਸੈਸ਼ਨ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਗਰੁੱਪ ਦੇ ਵਿਧਾਇਕਾਂ ਨੇ ਵੀ ਸ਼ਮੂਲੀਅਤ ਕੀਤੀ। ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਜੀਪੀ ਦੇ ਬਿਆਨ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਉਹ ਵਿਸ਼ੇਸ਼ ਤੌਰ ‘ਤੇ ਆਪਣੀ ਗੱਲ ਕਹਿਣ ਲਈ ਉਹ ਵਿਧਾਨ ਸਭਾ ਦੇ ਇਜਲਾਸ ਵਿੱਚ ਪਹੁੰਚੇ ਹਨ।

- Advertisement -
Share this Article
Leave a comment