ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਵਿੱਚ 02 ਔਰਤਾਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਸੀਲ ਕੀਤੇ ਪਿੰਡ ਮਨੈਲੀ ਤੇ ਸੰਘੋਲ ਸਮੇਤ ਵੱਖ-ਵੱਖ ਪਿੰਡਾਂ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਤੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਅੱਜ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਥਾਈਂ ਤਾਇਨਾਤ ਪੁਲੀਸ ਮੁਲਾਜ਼ਮਾਂ ਤੇ ਵਾਲੰਟੀਅਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਤਾਕੀਦ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਕੱਲ੍ਹ ਜ਼ਿਲ੍ਹੇ ਵਿੱਚ 02 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਪਾਜ਼ੇਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ। ਇਸ ਤੋਂ ਇਲਾਵਾ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁਝ ਚਿਰ ਰਹੀਆਂ ਸਨ। ਬੀਤੇ ਦਿਨੀਂ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਤੇ ਇਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ ‘ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੜ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕੀਤਾ ਗਿਆ ਹੈ ਅਤੇ ਕੋਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਟਰੇਸ ਕਰ ਕੇ ਇਕਾਂਤਵਾਸ ਕੀਤਾ ਗਿਆ ਤੇ ਨਾਲ ਹੀ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚਲੇ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਨੂੰ ਮਾਤ ਦੇਣ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਸਪਤਾਲਾਂ ਜਾਂ ਸਿਹਤ ਸੰਸਥਾਵਾਂ ਵਿੱਚ ਜਿੰਨੇ ਵੀ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਉਨ੍ਹਾਂ ਵਿੱਚ ਪੂਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਥੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਾ ਆਵੇ।
ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ ਤੇ ਲੋਕਾਂ ਦੇ ਭਲੇ ਲਈ ਹੀ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰਹਿ ਕੇ ਹੀ ਉਹ ਕੋਰੋਨਾ ਖਿਲਾਫ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਪੀ. (ਡੀ) ਹਰਪਾਲ ਸਿੰਘ, ਡੀ.ਐਸ.ਪੀ. ਧਰਮਪਾਲ ਸਿੰਘ ਵੀ ਹਾਜ਼ਰ ਸਨ।