ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ, ਕਿ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ‘ਆਪ’ ਐਮ ਐਲ ਏ ਹਰਵਿੰਦਰ ਸਿੰਘ ਫੂਲਕਾ ਜੇਕਰ ਸੱਚੇ ਦਿਲੋਂ ਸ੍ਰੋਮਣੀ ਕਮੇਟੀ ਚੋਣਾ ਕਰਵਾਉਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸਿਆਸਤ ਦਾ ਸਹਾਰਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸ ਜੀ ਪੀ ਸੀ ਚੋਣਾ ਜਦੋਂ ਮਰਜ਼ੀ ਕਰਵਾ ਲਈਆਂ ਜਾਣ, ਪਰ ਪਹਿਲਾਂ ਸਾਰੀ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇ। ਲੌਂਗੋਵਾਲ ਅਨੁਸਾਰ, ਫੂਲਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ਦਾ ਸਹਾਰਾ ਲੈ ਰਹੇ ਹਨ, ਜੋ ਕਿ ਗਲਤ ਹੈ।
ਵਿਦੇਸ਼ ਤੋ਼ ਵਾਪਸ ਪਰਤ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ, ਕਿ ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ‘ਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ, ਕਰਵਾਈਆਂ ਜਾਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ, ਪੰਜਾਬ ਵਿਧਾਨ ਸਭਾ ਵਿੱਚ ਬੇਸ਼ੱਕ ਮਤਾ ਪਾਸ ਕਰਕੇ ਕੇਂਦਰ ਨਾਲ ਗੱਲਬਾਤ ਕੀਤੇ ਜਾਣ ਦੀ ਪ੍ਰਕਿਰਿਆ ਤੋਰੀ ਗਈ ਹੈ, ਤੇ ਜੇਕਰ ਇਹ ਚੋਣਾਂ ਹੁੰਦੀਆਂ ਵੀ ਹਨ, ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਇਸ ਤੋਂ ਪਹਿਲਾਂ, ਕੇਂਦਰ ਸਰਕਾਰ ਵੱਲੋਂ ਨਾ ਸਿਰਫ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਨਿਯੁਕਤ ਕੀਤੇ ਜਾਣ ਦੀ ਲੋੜ ਹੈ, ਬਲਕਿ ਜਿਨ੍ਹਾਂ ਰਾਜਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ, ਉੱਥੇ ਹਰ ਉਸ ਗੁਰ ਸਿੱਖ ਦੀ ਵੋਟ ਬਣਾਈ ਜਾਵੇ, ਜਿਸ ਦੀ ਉਮਰ 21 ਸਾਲ ਹੋ ਚੁੱਕੀ ਹੈ। ਲੌਗੋਂਵਾਲ ਅਨੁਸਾਰ ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ਲਈ, ਜੇਕਰ ਨਵੇਂ ਹਲਕੇ ਬਣਾਏ ਜਾਣ ਦੀ ਕਾਨੂੰਨੀ ਲੋੜ ਮਹਿਸੂਸ ਕੀਤੀ ਜਾਂਦੀ ਹੈ, ਤਾਂ ਉਸ ਪ੍ਰਕਿਰਿਆ ਨੂੰ ਵੀ ਪੂਰਾ ਕੀਤਾ ਜਾਵੇ।
ਇੱਥੇ ਦੱਸ ਦਈਏ, ਕਿ ਬੀਤੀ ਕੱਲ੍ਹ ਪੰਜਾਬ ਵਿਧਾਨ ਸਭਾ ਅੰਦਰ, ਐਚ ਐਸ ਫੂਲਕਾ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਏ ਜਾਣ ਸਬੰਧੀ, ਕੇਂਦਰ ਸਰਕਾਰ ਨਾਲ ਗੱਲਬਾਤ ਕੀਤੇ ਜਾਣ ਬਾਰੇ ਇੱਕ ਮਤਾ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿ ਬਹੁਮੱਤ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀਆਂ ਵੱਲੋਂ ਇਸ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਗਿਆ ਸੀ, ਕਿ ਸਰਕਾਰ ਅਜਿਹਾ ਕਰਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰ ਰਹੀ ਹੈ।