ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿੱਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਸਰਦਾਰ ਸਿੱਧੂ ਲਈ ਕੋਈ ਵੀ ਵਿਭਾਗ ਜਿਆਦਾ ਅਹਿਮ ਨਹੀਂ ਹੈ ਕਿਉਂਕਿ ਉਨ੍ਹਾਂ ਲਈ ਅਹਿਮ ਹੈ ਇਮਾਨਦਾਰੀ ਨਾਲ ਕੰਮ ਕਰਨਾ। ਉਨ੍ਹਾਂ ਕਿਹਾ ਕਿ ਇਸੇ ਲਈ ਸਿੱਧੂ ਸਿਰਫ ਕੰਮ ਕਰਨ ਵਿੱਚ ਵਿਸ਼ਵਾਸ ਰਖਦੇ ਹਨ। ਫਿਰ ਉਨ੍ਹਾਂ ਨੂੰ ਭਾਵੇਂ ਕੋਈ ਮਰਜੀ ਵਿਭਾਗ ਦੇ ਦਿੱਤਾ ਜਾਵੇ। ਡਾ. ਸਿੱਧੂ ਇੱਥੇ ਕੰਪਨੀ ਬਾਗ਼ ‘ਚ ਪਹੁੰਚ ਕੇ ਆਮ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ।
ਇਸ ਮੌਕੇ ਬੋਲਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸੂਬੇ ਦੇ ਹਰ ਮੰਤਰੀ ਅਤੇ ਵਿਧਾਇਕ ਨੂੰ ਆਪਣੀ ਕਾਰਗੁਜ਼ਾਰੀ ਵਾਲਾ ਰਿਪੋਰਟ ਕਾਰਡ ਜਨਤਕ ਕਰਦੇ ਹੋਏ ਮੁੱਖ ਮੰਤਰੀ ਨੂੰ ਦੇਣਾ ਚਾਹੀਦਾ ਹੈ, ਤਾਂ ਕਿ ਜਨਤਾ ਨੂੰ ਆਪਣੇ ਵਿਧਾਇਕ ਅਤੇ ਮੰਤਰੀ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਮਿਲ ਸਕੇ। ਇਸ ਮੌਕੇ ਡਾ. ਸਿੱਧੂ ਨੂੰ ਜਦੋਂ ਬੇਅਦਬੀ ਦੇ ਮਾਮਲਿਆਂ ਦੀ ਸਿੱਟ ਵਿੱਚ ਚੱਲ ਰਹੇ ਵੱਖਰੇਵੇਂ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ। ਇਸ ਲਈ ਉਹ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਗੇ।