ਨਵੀਂ ਦਿੱਲੀ: ਅੱਜ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਪੰਜਾਬ ਤੋਂ ਦਿੱਲੀ ਜਾ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਤੇ ਕ੍ਰਿਕਟਰ ਨਵਜੋਤ ਸਿੱਧੂ ਨੂੰ ਬੁੱਧਵਾਰ ਸਵੇਰੇ ਦਿੱਲੀ ਪੁਲੀਸ ਨੇ ਐਂਟਰੀ ਪੁਆਇੰਟ ’ਤੇ ਘੇਰ ਲਿਆ ਤੇ ਅਗਾਂਹ ਜਾਣ ਤੋਂ ਰੋਕ ਦਿੱਤਾ। ਨਵਜੋਤ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੰਤਰ ਮੰਤਰ ’ਤੇ ਕਿਸਾਨੀ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਅਤੇ ਮਾਲ ਗੱਡੀਆਂ ਦੀ ਬਹਾਲੀ ਨੂੰ ਲੈ ਕੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਕੌਮੀ ਰਾਜਧਾਨੀ ਦਿੱਲੀ ਜਾ ਰਹੇ ਸਨ। ਇਸ ਮੌਕੇ ਸਿੱਧੂ ਦੀ ਪੁਲੀਸ ਅਫਸਰਾਂ ਨਾਲ ਗਰਮਾ ਗਰਮੀ ਵੀ ਹੋਈ।
ਇਸ ਤੋਂ ਬਾਅਦ ਉਨ੍ਹਾਂ ਦੇ ਕਾਫ਼ਲੇ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਮਨਜੂਰੀ ਦੇ ਦਿੱਤੀ ਗਈ। ਨਵਜੋਤ ਸਿੱਧੂ ਨਾਲ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਸਨ। ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਦਿੱਲੀ ਆਏ ਹਨ। ਉਨ੍ਹਾਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ‘ਸੰਘੀ ਢਾਂਚੇ ’ਤੇ ਹਮਲਾ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨੀ ਭਾਈਚਾਰੇ ਅਤੇ ਖੇਤੀ ਆਰਥਿਕਤਾ ਨਾਲ ਜੁੜੇ ਹੋਰ ਲੋਕਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਅਤੇ ਨੀਤੀ ਸਾਫ਼ ਨਹੀਂ ਹੈ। ਉਨ੍ਹਾਂ ਕੇਂਦਰ ’ਤੇ ਕਾਰਪੋਰੇਟਾਂ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ।