ਨਵਾਂਸ਼ਹਿਰ: ਪੁਲਿਸ ਨੇ ਬਿਨਾਂ ਮਾਸਕ ਵਾਲੇ 676 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-103 ਦੇ ਕੱਟੇ ਚਲਾਨ

TeamGlobalPunjab
1 Min Read

ਨਵਾਂਸ਼ਹਿਰ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 676 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 103 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।

ਇਹ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Share this Article
Leave a comment