ਨਵੇਂ ਵਰ੍ਹੇ ‘ਚ ਸੰਭਾਲਣਗੇ ਆਪਣਾ ਅਹੁਦਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਸੰਤੋਖ ਸਿੰਘ

TeamGlobalPunjab
2 Min Read

ਪਟਿਆਲਾ : ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸੰਤੋਖ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਪਟਿਆਲਾ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ਨੂੰ ਹਰ ਪੱਖੋਂ ਵਿਕਸਤ ਕਰਨ ਦੇ ਲਏ ਗਏ ਸੁਪਨੇ ਨੂੰ ਪੂਰਾ ਕੀਤਾ ਜਾਵੇਗਾ। ਆਪਣੀ ਇਸ ਵਕਾਰੀ ਅਹੁਦੇ ਵਜੋਂ ਨਿਯੁਕਤੀ ਲਈ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਦਾ ਧੰਨਵਾਦ ਕਰਦਿਆਂ ਸੰਤੋਖ ਸਿੰਘ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਉਪਰ ਪ੍ਰਗਟਾਏ ਗਏ ਵਿਸ਼ਵਾਸ਼ ‘ਤੇ ਉਹ ਖਰਾ ਉਤਰਨਗੇ।
ਸੰਤੋਖ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਹ ਨਵੇਂ ਵਰ੍ਹੇ ਦੇ ਪਹਿਲੇ ਹਫ਼ਤੇ ‘ਚ ਆਪਣਾ ਅਹੁਦਾ ਸੰਭਾਲ ਲੈਣਗੇ ਅਤੇ ਜ਼ਿਲ੍ਹੇ ਦੇ ਸੰਪੂਰਨ ਵਿਕਾਸ ਲਈ ਯੋਜਨਾ ਬਣਾਉਣਾ ਅਤੇ ਇਹਨਾਂ ਨੂੰ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵਿਕਾਸ ਲਈ ਉਲੀਕੀਆਂ ਜਾਣ ਵਾਲੀਆਂ ਯੋਜਨਾਵਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਕੇ ਇਨ੍ਹਾਂ ਦਾ ਲਾਭ ਜ਼ਿਲ੍ਹੇ ਦੇ ਵਸਨੀਕਾਂ ਨੂੰ ਹੇਠਲੇ ਪੱਧਰ ‘ਤੇ ਪੁੱਜਦਾ ਕੀਤਾ ਜਾਣਾਂ ਵੀ ਯਕੀਨੀ ਬਣਾਇਆ ਜਾਵੇਗਾ।
ਜਿਕਰਯੋਗ ਹੈ ਕਿ ਸ. ਸੰਤੋਖ ਸਿੰਘ 1977 ਤੋਂ 1982 ਤੱਕ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਹੇ ਅਤੇ 1990 ਤੋਂ 1998 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ। ਉਹ 1992 ਤੋਂ 1997 ਤੱਕ ਪਟਿਆਲਾ ਦੇ ਮਿਊਂਪਸਲ ਕੌਂਸਲਰ ਵੀ ਰਹੇ ਅਤੇ ਇਸ ਦੌਰਾਨ ਉਹ ਹਾਊਸ ਟੈਕਸ ਕਮੇਟੀ ਦੇ ਚੇਅਰਮੈਨ ਵੀ ਰਹੇ। ਸੰਤੋਖ ਸਿੰਘ ਰਜਿੰਦਰਾ ਜਿੰਮਖਾਨਾ ਅਤੇ ਮਹਿੰਦਰਾ ਕਲੱਬ ਪਟਿਆਲਾ ਦੇ ਵੀ ਪ੍ਰਧਾਨ ਰਹੇ ਹਨ। ਇਸ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਦਰਜਨਾਂ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਵੀ ਜੁੜੇ ਹੋਏ ਹਨ।
ਕੈਪਸ਼ਨ- ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਸ. ਸੰਤੋਖ ਸਿੰਘ।

Share This Article
Leave a Comment