ਮਾਨਸਾ : ਜਿਸ ਦਿਨ ਤੋਂ ਨਾਗਰਿਕਤਾ ਸੋਧ ਕਨੂੰਨ ਬਣਿਆ ਹੈ ਉਸ ਦਿਨ ਤੋਂ ਹੀ ਇਸ ਦਾ ਵਿਰੋਧ ਜਾਰੀ ਹੈ। ਹਰ ਦਿਨ ਦੇਸ਼ ਅੰਦਰ ਇਸ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਦੇ ਚਲਦਿਆਂ ਸ਼ਾਹੀਨ ਬਾਗ ਵਾਂਗ ਮਾਨਸਾ ‘ਚ ਵੀ ਅਣਮਿੱਥੇ ਸਮੇਂ ਤੱਕ ਪ੍ਰਦਰਸ਼ਨਕਾਰੀਆਂ ਵੱਲੋਂ ਸੀਏਏ ਦੇ ਵਿਰੋਧ ਵਿੱਚ ਧਰਨਾ ਲਗਾ ਦਿੱਤਾ ਗਿਆ ਹੈ।
ਇਸ ਅਣਮਿੱਥੇ ਸਮੇਂ ਲਈ ਲਗਾਏ ਗਏ ਧਰਨੇ ਬਾਰੇ ਜਾਣਕਾਰੀ ਦਿੰਦਿਆਂ ਡਾ. ਧਰਮਵੀਰ ਗਾਂਧੀ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ। ਡਾਂ. ਗਾਂਧੀ ਦਾ ਕਹਿਣਾ ਹੈ ਕਿ ਭਾਜਪਾ ਵੱਲੋਂ ਪਿਛਲੇ 70 ਸਾਲ ਤੋਂ ਇਹ ਏਜੰਡਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮੁਸਲਿਮ ਭਾਈਚਾਰੇ ਨੂੰ ਦੇਸ਼ਧ੍ਰੋਹੀ ਸਾਬਤ ਕਰਨ ਲਈ ਉਹੋ ਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ। ਡਾ. ਗਾਂਧੀ ਨੇ ਦੋਸ਼ ਲਾਇਆ ਕਿ ਮੁਸਲਿਮ ਭਾਈਚਾਰੇ ਨੂੰ ਭਾਰਤੀ ਨਾਗਰਿਕ ਹੋਣ ‘ਤੇ ਵੀ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਨੂੰਨ ਦਾ ਵਿਰੋਧ ਕੇਵਲ ਮੁਸਲਿਮ ਭਾਈਚਾਰੇ ਵੱਲੋਂ ਨਹੀਂ ਕੀਤਾ ਜਾ ਰਿਹਾ ਬਲਕਿ ਉਨ੍ਹਾਂ ਸਾਰੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ ਜੋ ਦੇਸ਼ ਨੂੰ ਧਰਮ ਨਿਰਪੱਖ ਦੇਖਣਾ ਚਾਹੁੰਦੇ ਹਨ।
ਇਸ ਮੌਕੇ ਪ੍ਰਦਰਸ਼ਨ ਲਈ ਪਹੁੰਚੇ ਐਚਆਰ ਮੋਫਰ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਸੰਵਿਧਾਨ ਬਚਾਓ ਮੰਚ ਵੱਲੋਂ ਲਗਾਇਆ ਜਾ ਰਿਹਾ ਹੈ ਅਤੇ ਇਹ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਧਰਨਾ ਪ੍ਰਦਰਸ਼ਨ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੋਕ ਸ਼ਾਮਲ ਹੋ ਰਹੇ ਹਨ।